Who Is Balwant Singh Rajoana: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਹਾਲ ਹੀ ਵਿੱਚ ਤਿੰਨ ਘੰਟਿਆਂ ਲਈ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਪੈਰੋਲ ਮਿਲੀ ਸੀ। ਦਰਅਸਲ, ਬਲਵੰਤ ਸਿੰਘ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਰਾਜੋਆਣਾ ਦੀ ਮੌਤ ਤੋਂ ਬਾਅਦ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਨੂੰ ਇਹ ਪੈਰੋਲ ਦਿੱਤੀ ਗਈ ਸੀ। ਪਰ ਕੀ ਤੁਸੀਂ ਜਾਣਦੇ ਹੋ ਕਿ ਬਲਵੰਤ ਸਿੰਘ ਰਾਜੋਆਣਾ ਕੌਣ ਹਨ? ਅਸੀਂ ਇੱਥੇ ਤੁਹਾਡੀ ਇਸ ਮੁਸ਼ਕਿਲ ਨੂੰ ਹੱਲ ਕੀਤਾ ਹੈ।
ਕੌਣ ਹੈ ਬਲਵੰਤ ਸਿੰਘ ਰਾਜੋਆਣਾ
ਬਲਵੰਤ ਸਿੰਘ ਰਾਜੋਆਣਾ ਦਾ ਜਨਮ ਪਿੰਡ ਰਾਜੋਆਣਾ ਕਲਾਂ ਦੇ ਵਿੱਚ 23 ਅਗਸਤ 1967 ਦੇ ਵਿੱਚ ਹੋਇਆ ਸੀ। ਤੁਹਾਡੇ ਵਿੱਚੋਂ ਬਹੁਤ ਘੱਟ ਨੂੰ ਪਤਾ ਹੋਵੇਗਾ ਕਿ ਬਲਵੰਤ ਸਿੰਘ ਪੰਜਾਬ ਪੁਲਿਸ ਦੇ ਵਿੱਚ ਬਤੌਰ ਸਿਪਾਹੀ ਰਹਿ ਚੁੱਕੇ ਹਨ। 1995 ਦੇ ਵਿੱਚ ਜਦੋਂ ਪੰਜਾਬ ਦੇ ਅੰਦਰ ਆਪਰੇਸ਼ਨ ਬਲੂ ਸਟਾਰ ਤੋਂ ਬਾਅਦ ਕਾਲਾ ਦੌਰ ਚੱਲ ਰਿਹਾ ਸੀ, ਉਸ ਵੇਲੇ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਕਾਰ ਨੂੰ ਬੰਬ ਧਮਾਕੇ ਦੇ ਵਿੱਚ ਉਡਾ ਦਿੱਤਾ ਗਿਆ ਸੀ, ਜਿਸ ਮਾਮਲੇ ਦੇ ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਕਤਲ ਕੇਸ ਦੇ ਵਿੱਚ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਰਾਜੋਆਣਾ ਹੁਣ 28 ਸਾਲ ਤੋਂ ਵੱਧ ਦਾ ਸਮਾਂ ਜੇਲ੍ਹ ਦੇ ਵਿੱਚ ਬੰਦ ਹੈ।
ਉਲੇਖਯੋਗ ਹੈ ਕਿ ਰਾਜੋਆਣਾ ਨੂੰ 31 ਮਾਰਚ 2012 ਨੂੰ ਫਾਂਸੀ ਦਿੱਤੀ ਜਾਣੀ ਸੀ ਪਰ ਮਨੁੱਖੀ ਅਧਿਕਾਰ ਅਤੇ ਸਿਆਸੀ ਜੱਥੇਬੰਦੀ ਨੇ ਵਿਰੋਧ ਕਰਨ ਤੋਂ ਬਾਅਦ ਇਸ ਨੂੰ ਮਿੱਥੇ ਸਮੇਂ ਦੇ ਲਈ ਟਾਲ ਦਿੱਤਾ। ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਦੇ ਵਿੱਚ ਤਬਦੀਲ ਕਰਨ ਦੀ ਅਰਜ਼ੀ ਕੇਂਦਰ ਸਰਕਾਰ ਦੇ ਕੋਲ ਹਾਲੇ ਵੀ ਵਿਚਾਰ ਅਧੀਨ ਹੈ, ਜਿਸ ਉਤੇ ਹਾਲੇ ਤੱਕ ਕੋਈ ਫੈਸਲਾ ਨਹੀਂ ਕੀਤਾ ਗਿਆ।
ਬਲਵੰਤ ਸਿੰਘ ਰਾਜੋਆਣਾ ਨੂੰ ਰਿਹਾਅ ਕਰਨ ਦੀ ਵੀ ਚੱਲ ਚੁੱਕੀ ਹੈ ਗੱਲ
ਤੁਹਾਨੂੰ ਦੱਸ ਦੇਈਏ ਕਿ 2019 ਦੇ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਹ ਗੱਲ ਚੱਲੀ ਕਿ ਬੰਦੀ ਸਿੰਘਾਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ। ਕੇਂਦਰ ਸਰਕਾਰ ਨੇ ਅੱਠ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਸੀ। 2022 ਦੇ ਸ਼ੁਰੂਆਤੀ ਦਿਨ੍ਹਾਂ ਦੇ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਬਲਵੰਤ ਸਿੰਘ ਰਾਜੋਆਣਾ ਦੀ ਜੇਲ੍ਹ ਤੋਂ ਰਿਹਾਅ ਕਰਨ ਦੀ ਮੰਗ ਵੀ ਕੀਤੀ ਗਈ ਸੀ।
ਇਸ ਤੋਂ ਇਲਾਵਾ ਬਲਵੰਤ ਸਿੰਘ ਰਾਜੋਆਣਾ ਨੇ ਅੱਜ (20 ਨਵੰਬਰ) ਖੁਦ ਆਪਣੀ ਸਪੀਚ ਦੇ ਦੌਰਾਨ ਦੱਸਿਆ ਕਿ ਸੈਸ਼ਨ ਕੋਰਟ ਨੇ 12 ਸਾਲ ਤੱਕ ਉਨ੍ਹਾਂ ਦੇ ਮਾਮਲੇ ਉਤੇ ਕੋਈ ਫੈਸਲਾ ਨਹੀਂ ਸੁਣਾਇਆ। 12 ਸਾਲ ਉਡੀਕ ਕਰਨ ਤੋਂ ਬਾਅਦ ਉਨ੍ਹਾਂ ਦਾ ਮਾਮਲਾ ਸੁਪਰੀਮ ਕੋਰਟ ਦੇ ਵਿੱਚ ਚਲਾ ਗਿਆ, ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਸ ਸੰਬੰਧੀ ਫੈਸਲਾ ਲੈਣ ਲਈ ਕਿਹਾ। ਹਾਲੇ ਤੱਕ ਇਸ ਸੰਬੰਧੀ ਕੋਈ ਫੈਸਲਾ ਨਹੀਂ ਲਿਆ ਗਿਆ ਹੈ।
ਰਵਨੀਤ ਬਿੱਟੂ ਨੇ ਕੀਤਾ ਰਾਜੋਆਣਾ ਦੀ ਰਿਹਾਈ ਦਾ ਵਿਰੋਧ
ਉਲੇਖਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਦੇ ਵਿੱਚ ਉਸ ਵੇਲੇ ਨਵਾਂ ਮੋੜ ਆਇਆ, ਜਦੋਂ ਬੀਤੇ ਦਿਨੀਂ ਸੁਪਰੀਮ ਕੋਰਟ ਨੇ ਫੈਸਲਾ ਕੀਤਾ ਕਿ ਦੋ ਦਿਨ ਦੇ ਅੰਦਰ ਕੇਂਦਰ ਸਰਕਾਰ ਰਾਜੋਆਣਾ ਦੀ ਫਾਂਸੀ ਦੀ ਮਾਫੀ ਅਰਜ਼ੀ ਉਤੇ ਕੋਈ ਨਾ ਕੋਈ ਫੈਸਲਾ ਕਰੇ, ਥੋੜੀ ਦੇਰ ਬਾਅਦ ਹੀ ਸੁਪਰੀਮ ਕੋਰਟ ਨੇ ਆਪਣੇ ਹੀ ਫੈਸਲੇ ਉਤੇ ਰੋਕ ਲਗਾ ਦਿੱਤੀ।
ਇਸ ਤੋਂ ਪਹਿਲਾਂ ਰਵਨੀਤ ਬਿੱਟੂ ਵੱਲੋਂ ਜੋ ਕਿ ਤਤਕਾਲੀ ਮੁੱਖ ਮੰਤਰੀ ਰਹੇ ਮਰਹੂਮ ਬੇਅੰਤ ਸਿੰਘ ਦੇ ਪੋਤਰੇ ਹਨ ਅਤੇ ਰਾਜ ਸਭਾ ਮੈਂਬਰ ਵੀ ਹਨ, ਉਨ੍ਹਾਂ ਵੱਲੋਂ ਰਾਜੋਆਣਾ ਦੀ ਰਿਹਾਈ ਦਾ ਲਗਾਤਾਰ ਵਿਰੋਧ ਕੀਤਾ ਗਿਆ। ਹਾਲਾਂਕਿ ਬੇਅੰਤ ਸਿੰਘ ਦੇ ਕਤਲ ਮਾਮਲੇ ਦੇ ਵਿੱਚ ਰਾਜੋਆਣਾ ਦਾ ਰੋਲ ਉਸ ਵੇਲੇ ਮੰਨਿਆ ਗਿਆ ਸੀ, ਜਦੋਂ ਮਨੁੱਖੀ ਬੰਬ ਬਣਾ ਕੇ ਦਿਲਾਵਰ ਸਿੰਘ ਜੇਕਰ ਅਸਫਲ ਹੋ ਜਾਂਦਾ ਤਾਂ ਫਿਰ ਰਾਜੋਆਣਾ ਨੇ ਮਨੁੱਖੀ ਬੰਬ ਵਜੋਂ ਹਮਲਾ ਕਰਨਾ ਸੀ। ਰਾਜੋਆਣਾ ਦੀ ਫਾਂਸੀ ਨੂੰ ਰੁਕਵਾਉਣ ਦੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਲਗਾਤਾਰ ਪੈਰਵੀ ਕੀਤੀ ਜਾ ਰਹੀ ਹੈ।
ਉਲੇਖਯੋਗ ਹੈ ਕਿ ਰਾਜੋਆਣਾ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸਾਲ 2007 ਦੇ ਵਿੱਚ ਫਾਂਸੀ ਦੀ ਸਜ਼ਾ ਸੁਣਾਈ ਸੀ। ਰਾਜੋਆਣਾ ਨੂੰ 31 ਮਾਰਚ 2012 ਦੇ ਵਿੱਚ ਫਾਂਸੀ ਦਿੱਤੀ ਜਾਣੀ ਸੀ ਪਰ ਸ਼੍ਰੋਮਣੀ ਕਮੇਟੀ ਅਕਾਲੀ ਦਲ ਅਤੇ ਮਨੁੱਖੀ ਅਧਿਕਾਰ ਸੰਗਠਨ ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮਾਫ ਕਰਨ ਸੰਬੰਧੀ ਮੁਹਿੰਮ ਚਲਾਈ ਅਤੇ 28 ਮਾਰਚ 2012 ਨੂੰ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਅਣਮਿੱਥੇ ਸਮੇਂ ਲਈ ਟਾਲ ਦਿੱਤਾ ਗਿਆ।