ਲੁਧਿਆਣਾ: ਜ਼ਿਲ੍ਹੇ ਦੇ ਜਵਾਹਰ ਨਗਰ ਕੈਂਪ ਵਿੱਚ ਹੋਏ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਨੌਜਵਾਨ ਮੋਟਰਸਾਈਕਲ ਉੱਤੇ ਘਰੋਂ ਦਵਾਈ ਲੈਣ ਲਈ ਗਿਆ ਸੀ, ਰਸਤੇ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਨੌਜਵਾਨ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਰਜਨ ਕੁਮਾਰ ਵੱਜੋਂ ਹੋਈ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਮੋਟਰਸਾਈਕਲ ਨੂੰ ਕਾਰ ਨੇ ਮਾਰੀ ਟੱਕਰ
ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਸਰਜਨ ਕੁਮਾਰ ਘਰੋਂ ਆਪਣੇ ਮੋਟਰਸਾਈਕਲ ਉੱਤੇ ਦਵਾਈ ਲੈਣ ਗਿਆ ਸੀ, ਪਰ ਰਸਤੇ ਵਿੱਚ ਕਰੇਟਾ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਤੇ ਉਸਦੀ ਮੌਕੇ ਉੱਤੇ ਹੀ ਮੌਤ ਹੋ ਗਈ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਸੀਸੀਟੀਵੀ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਪਿੱਛੋਂ ਦੀ ਕਾਰ ਆਉਂਦੀ ਹੈ ਅਤੇ ਮੋਟਰਸਾਈਕਲ ਉੱਤੇ ਜਾ ਰਹੇ ਨੌਜਵਾਨ ਨੂੰ ਟੱਕਰ ਮਾਰ ਦਿੰਦੀ ਹੈ। ਫਿਲਹਾਲ ਸੀਸੀਟੀਵੀ ਵਿੱਚ ਕਾਰ ਦਾ ਨੰਬਰ ਦਿਖਾਈ ਨਹੀਂ ਦੇ ਰਿਹਾ ਹੈ। ਪਰਿਵਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ।
ਪੁਲਿਸ ਕਰ ਰਹੀ ਹੈ ਜਾਂਚ
ਮਾਮਲੇ ਸਬੰਧੀ ਪੁਲਿਸ ਅਧਿਕਾਰੀ ਨੇ ਕਿਹਾ ਕਿ ਕਰੇਟਾ ਕਾਰ ਨੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ ਹੈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਫਿਲਹਾਲ ਅਸੀਂ ਮਾਮਲਾ ਦਰਜ ਕਰ ਲਿਆ ਹੈ ਅਤੇ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੇ ਹਾਂ।