ਸਰਕਾਰੀ ਸਕੂਲਾਂ ਵਿੱਚ ਦਾਖਲੇ ਵਧਾਉਣ ਲਈ ਸਿੱਖਿਆ ਵਿਭਾਗ ਵੱਲੋਂ ਜਾਗਰੂਕਤਾ ਵੈਨ ਰਵਾਨਾ
Published : Feb 14, 2024, 2:58 PM IST
ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿੱਚ ਬੱਚਿਆਂ ਦਾ ਦਾਖਲਾ ਵਧਾਉਣ ਦੀ ਮੁਹਿੰਮ ਦਾ ਆਗਾਜ਼ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੇ ਤਹਿਤ ਅੱਜ ਮਾਨਸਾ ਤੋਂ ਦਾਖਲਾ ਮੁਹਿੰਮ ਜਾਗਰੂਕਤਾ ਵੈਨ ਨੂੰ ਵਿਧਾਇਕ ਡਾਕਟਰ ਵਿਜੇ ਸਿੰਗਲਾ ਵੱਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਵੈਨ ਜ਼ਿਲ੍ਹੇ ਭਰ ਦੇ ਵਿੱਚ ਚਾਰ ਦਿਨ ਚੱਲੇਗੀ ਅਤੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਆਪਣੇ ਬੱਚਿਆਂ ਦਾ ਦਾਖਲਾ ਕਰਵਾਉਣ ਸਬੰਧੀ ਜਾਗਰੂਕ ਕਰੇਗੀ। ਵਿਧਾਇਕ ਵਿਜੇ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿੱਚ ਬੱਚਿਆਂ ਦਾ ਦਾਖਲਾ ਵਧਾਉਣ ਦੇ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਦੇ ਤਹਿਤ ਸਿੱਖਿਆ ਵਿਭਾਗ ਵੱਲੋਂ ਜਾਗਰੂਕਤਾ ਵੈਨਾਂ ਵੀ ਰਵਾਨਾ ਕੀਤੀਆਂ ਗਈਆਂ ਨੇ ਤਾਂ ਕਿ ਸਰਕਾਰੀ ਸਕੂਲਾਂ ਦੇ ਵਿੱਚ ਦਾਖਲੇ ਵਧਾਏ ਜਾਣ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿੱਚ ਹਰ ਪ੍ਰਕਾਰ ਦੀਆਂ ਸਹੂਲਤਾਂ ਬੱਚਿਆਂ ਨੂੰ ਦਿੱਤੀਆਂ ਜਾਂਦੀਆਂ ਹਨ ਅਤੇ ਸਕੂਲਾਂ ਨੂੰ ਸਮਾਰਟ ਸਕੂਲ ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ਹੈ। ਉਹਨਾਂ ਦੱਸਿਆ ਕਿ ਅਧਿਆਪਕ ਵੀ ਆਪਣੇ ਸਕੂਲਾਂ ਵਿੱਚ ਦਾਖਲਾ ਵਧਾਉਣ ਦੇ ਲਈ ਪਿੰਡਾਂ ਵਿੱਚ ਜਾਗਰੂਕਤਾ ਰੈਲੀਆਂ ਕਰ ਰਹੇ ਨੇ ਤਾਂ ਕਿ ਸਕੂਲਾਂ ਦੇ ਵਿੱਚ ਬੱਚਿਆਂ ਦੀ ਗਿਣਤੀ ਵਧਾਈ ਜਾ ਸਕੇ।