ਕਮਿਸ਼ਨ ਵੱਲੋਂ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਜਾ ਕੇ ਸ਼ਿਕਾਇਤਾਂ ਦਾ ਕੀਤਾ ਜਾ ਰਿਹਾ ਨਿਪਟਾਰਾ, SC ਭਾਈਚਾਰੇ ਦੇ ਲੋਕਾਂ ਨੂੰ ਕੀਤਾ ਜਾਗਰੂਕ - Fatehgarh Sahib
🎬 Watch Now: Feature Video
Published : Aug 24, 2024, 6:53 AM IST
ਫ਼ਤਿਹਗੜ੍ਹ ਸਾਹਿਬ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਪਹੁੰਚੀਆਂ ਸ਼ਿਕਾਇਤਾਂ ਬਾਬਤ ਸੁਣਵਾਈ ਕਰਨ ਲਈ ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਨੇ ਅੱਜ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਬੱਚਤ ਭਵਨ ਵਿਖੇ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਦੀ ਸੁਣਵਾਈ ਕੀਤੀ। ਇਸ ਦੌਰਾਨ ਉਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਦਾ ਮੌਕੇ ਉੱਤੇ ਹੀ ਨਿਪਟਾਰਾ ਕੀਤਾ ਅਤੇ ਕਈ ਮਾਮਲਿਆਂ ਦੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਐਸ.ਸੀ. ਕਮਿਸ਼ਨ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਨੇ ਵੱਖ-ਵੱਖ ਸ਼ਿਕਾਇਤਾਂ ਦੀ ਸੁਣਵਾਈ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਆਂ ਪ੍ਰਬੰਧ ਅਜਿਹੇ ਪੁਖ਼ਤਾ ਕੀਤੇ ਜਾਣ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਨਿਆਂ ਲੈਣ ਲਈ ਕਮਿਸ਼ਨ ਤੱਕ ਜਾਣ ਦੀ ਲੋੜ ਹੀ ਨਾ ਪਵੇ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਜਾ ਕੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਸ਼ਿਕਾਇਤਾਂ ਦੇ ਨਿਪਟਾਰੇ ਦੇ ਨਾਲ-ਨਾਲ ਐਸ.ਸੀ. ਭਾਈਚਾਰੇ ਦੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦੇ ਹੱਕਾਂ ਪ੍ਰਤੀ ਸੁਚੇਤ ਵੀ ਕੀਤਾ ਜਾ ਰਿਹਾ ਹੈ। ਮੋਹੀ ਨੇ ਕਿਹਾ ਕਿ ਕਮਿਸ਼ਨ ਵੱਲੋਂ ਆਪਸੀ ਭਾਈਚਾਰਕ ਸਾਂਝ ਕੈਂਪ ਲਗਾਏ ਜਾ ਰਹੇ ਹਨ। ਜਿਨ੍ਹਾਂ ਤਹਿਤ ਪਿੰਡਾਂ ਦੇ ਕਲੱਸਟਰ ਬਣਾ ਕੇ ਸਾਰੇ ਭਾਈਚਾਰਿਆਂ ਦੇ ਲੋਕਾਂ ਨੂੰ ਇਕੱਠੇ ਕਰ ਕੇ ਪੰਜਾਬ ਅਤੇ ਪੰਜਾਬੀਅਤ ਨੂੰ ਹੋਰ ਉਪਰ ਚੁੱਕਣ ਅਤੇ ਆਪਣੇ ਛੋਟੇ ਵਖਰੇਵਿਆਂ ਨੂੰ ਪਿੰਡ ਪੱਧਰ 'ਤੇ ਹੀ ਹੱਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।