ਅਮਰੋਹਾ/ਉੱਤਰ ਪ੍ਰਦੇਸ਼ : ਜ਼ਿਲ੍ਹੇ ਦੀ ਗਊਸ਼ਾਲਾ ਵਿੱਚ ਜ਼ਹਿਰੀਲਾ ਚਾਰਾ ਖਾਣ ਨਾਲ ਵੀਰਵਾਰ ਨੂੰ ਕੁਝ ਘੰਟਿਆਂ ਵਿੱਚ 55 ਤੋਂ ਵੱਧ ਗਊਆਂ ਦੀ ਮੌਤ ਹੋ ਗਈ, ਜਦੋਂ ਕਿ 50 ਤੋਂ ਵੱਧ ਪਸ਼ੂਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਖੁਦ ਇਸ ਘਟਨਾ ਦਾ ਨੋਟਿਸ ਲਿਆ ਹੈ। ਉਨ੍ਹਾਂ ਨੇ ਵਧੀਕ ਮੁੱਖ ਸਕੱਤਰ ਪਸ਼ੂ ਧਨ, ਡਾਇਰੈਕਟਰ ਪਸ਼ੂ ਧਨ ਅਤੇ ਮੁਰਾਦਾਬਾਦ ਦੇ ਡਿਵੀਜ਼ਨਲ ਕਮਿਸ਼ਨਰ ਨੂੰ ਘਟਨਾ ਦੀ ਜਾਂਚ ਕਰਕੇ ਰਿਪੋਰਟ ਸੌਂਪਣ ਲਈ ਕਿਹਾ ਹੈ।
ਇਸ ਦੇ ਨਾਲ ਹੀ ਪਸ਼ੂ ਧਨ ਮੰਤਰੀ ਵੱਲੋਂ ਤੁਰੰਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣ ਦੀ ਉਮੀਦ ਹੈ। ਮੁੱਖ ਮੰਤਰੀ ਨੇ ਬਿਮਾਰ ਗਾਵਾਂ ਦਾ ਢੁੱਕਵਾਂ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਡੀਐਮ ਬੀਕੇ ਤ੍ਰਿਪਾਠੀ ਨੇ 55 ਗਾਵਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।
ਡੀਐਮ ਬੀਕੇ ਤ੍ਰਿਪਾਠੀ ਨੇ ਮੌਕੇ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਜਿਸ ਵਿਅਕਤੀ ਤੋਂ ਚਾਰਾ ਖਰੀਦਿਆ ਗਿਆ ਸੀ, ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਗਏ। ਇਸ ਦੇ ਨਾਲ ਹੀ ਪਿੰਡ ਵਿਕਾਸ ਅਫ਼ਸਰ ਮੁਹੰਮਦ ਅਨਸ ਨੂੰ ਡਿਊਟੀ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਗਿਆ ਹੈ। ਬਾਕੀ ਬਿਮਾਰ ਪਸ਼ੂਆਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂ ਪਾਲਕਾਂ ਨੂੰ ਗਊਆਂ ਦਾ ਵਧੀਆ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਬਾਕੀ ਗਊਆਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਸਾਜ਼ਿਸ਼ ਤਹਿਤ ਚਾਰੇ ਵਿੱਚ ਜ਼ਹਿਰੀਲਾ ਪਦਾਰਥ ਮਿਲਾਏ ਜਾਣ ਦਾ ਖ਼ਦਸ਼ਾ ਵੀ ਪ੍ਰਗਟਾਇਆ। ਉਨ੍ਹਾਂ ਨੇ ਦੱਸਿਆ ਕਿ ਜਿਸ ਵਿਅਕਤੀ ਤੋਂ ਚਾਰਾ ਖਰੀਦਿਆ ਗਿਆ ਸੀ, ਉਸ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਟੀਮ ਤਾਇਨਾਤ ਕਰ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਡੀਜੀਸੀਏ ਨੇ ਸਪਾਈਸਜੈੱਟ ਦੇ 3 ਜਹਾਜ਼ਾਂ ਨੂੰ ਕੀਤਾ ਰੱਦ