ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਨੂੰ ਘੇਰੀ ਬੈਠੇ ਕਿਸਾਨਾਂ ਦੇ ਹੱਕ 'ਚ ਵੱਖ-ਵੱਖ ਵਰਗ ਆ ਰਹੇ ਹਨ। ਇਸੇ ਤਹਿਤ ਕਿਸਾਨਾਂ ਨੂੰ ਉਸ ਵੇਲੇ ਵੱਡਾ ਸਮਰਥਨ ਮਿਲਿਆ ਜਦੋਂ ਆਲ ਇੰਡੀਆ ਟੈਕਸੀ ਯੂਨੀਅਨ ਕਿਸਾਨਾਂ ਦੇ ਹੱਕ ਵਿੱਚ ਆ ਗਈ। ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਹੜਤਾਲ 'ਤੇ ਜਾਣਗੇ। ਯੂਨੀਅਨ ਦੇ ਪ੍ਰਧਾਨ ਨੇ ਇਹ ਜਾਣਕਾਰੀ ਦਿੱਤੀ ਹੈ। ਯੂਨੀਅਨ ਦੇ ਪ੍ਰਧਾਨ ਬਲਵੰਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਉਨ੍ਹਾਂ ਨੂੰ ਦੋ ਦਿਨ ਦਾ ਸਮਾਂ ਦੇ ਰਹੇ ਹਨ।
ਉਨ੍ਹਾਂ ਕਿਹਾ, 'ਅਸੀਂ ਪ੍ਰਧਾਨ ਮੰਤਰੀ ਤੇ ਖੇਤੀਬਾੜੀ ਮੰਤਰੀ ਨੂੰ ਅਪੀਲ ਕਰਦੇ ਹਾਂ ਕਿ ਉਹ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈ ਲੈਣ। ਕਾਰਪੋਰੇਟ ਸੈਕਟਰ ਸਾਨੂੰ ਬਰਬਾਦ ਕਰ ਰਿਹਾ ਹੈ। ਜੇਕਰ ਦੋ ਦਿਨਾਂ ਦੇ ਅੰਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਤਾਂ ਅਸੀਂ ਸੜਕ ਤੋਂ ਆਪਣੇ ਵਾਹਨ ਹਟਾ ਲਵਾਂਗੇ। ਅਸੀਂ ਦੇਸ਼ ਦੇ ਸਾਰੇ ਚਾਲਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਤਿੰਨ ਨਵੰਬਰ ਤੋਂ ਵਾਹਨ ਚਲਾਉਣਾ ਬੰਦ ਕਰ ਦੇਣ।'
ਨਵੇਂ ਖੇਤੀਬਾੜੀ ਕਾਨੂੰਨਾਂ ਦੇ ਖ਼ਿਲਾਫ਼ ਪਿਛਲੇ ਪੰਜ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਇਕੱਠੇ ਹੋਏ ਹਨ। ਬੀਤੀ ਸ਼ਾਮ ਕਿਸਾਨਾਂ ਨੇ ਕਿਹਾ ਸੀ ਕਿ ਉਹ ਫੈਸਲਾਕੁੰਨ ਲੜਾਈ ਲਈ ਦਿੱਲੀ ਆਏ ਹਨ ਤੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ, ਉਦੋਂ ਤਕ ਪ੍ਰਦਰਸ਼ਨ ਜਾਰੀ ਰਹੇਗਾ।