ਨਵੀਂ ਦਿੱਲੀ: ਤਿਹਾੜ੍ਹ ਜੇਲ੍ਹ ਦੇ ਅੰਦਰੋਂ 200 ਕਰੋੜ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿੱਚ ਇੱਕ ਹੋਰ ਜੇਲ੍ਹ ਅਧਿਕਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਸਹਾਇਕ ਸੁਪਰਡੈਂਟ ਪ੍ਰਕਾਸ਼ ਚੰਦ ਵਜੋਂ ਹੋਈ ਹੈ। ਫਿਲਹਾਲ ਉਹ ਤਿਹਾੜ ਜੇਲ੍ਹ ਵਿੱਚ ਤਾਇਨਾਤ ਸੀ। ਪਰ ਜਿਸ ਸਮੇਂ ਸੁਕੇਸ਼ ਚੰਦਰਸ਼ੇਖਰ ਨੇ 200 ਕਰੋੜ ਰੁਪਏ ਦੀ ਧੋਖਾਧੜੀ ਨੂੰ ਅੰਜਾਮ ਦਿੱਤਾ, ਉਸ ਸਮੇਂ ਉਹ ਰੋਹਿਣੀ ਜੇਲ੍ਹ ਵਿੱਚ ਤਾਇਨਾਤ ਸੀ। ਆਰਥਿਕ ਅਪਰਾਧ ਸ਼ਾਖਾ ਜੇਲ੍ਹ ਅਧਿਕਾਰੀ ਦੀ ਭੂਮਿਕਾ ਬਾਰੇ ਪੁੱਛਗਿੱਛ ਕਰ ਰਹੀ ਹੈ।
ਜਾਣਕਾਰੀ ਮੁਤਾਬਿਕ ਸਾਲ 2017 'ਚ ਸੁਕੇਸ਼ ਚੰਦਰਸ਼ੇਖਰ ਨੂੰ ਚੋਣ ਕਮਿਸ਼ਨ ਦੇ ਨਾਂ 'ਤੇ ਵੱਡੀ ਰਕਮ ਦੀ ਠੱਗੀ ਮਾਰਨ ਦੇ ਮਾਮਲੇ 'ਚ ਕ੍ਰਾਈਮ ਬ੍ਰਾਂਚ ਨੇ ਗ੍ਰਿਫਤਾਰ ਕੀਤਾ ਸੀ। ਉਸ ਨੂੰ ਪਹਿਲਾਂ ਤਿਹਾੜ ਜੇਲ੍ਹ ਵਿੱਚ ਰੱਖਿਆ ਗਿਆ ਜਿੱਥੋਂ ਬਾਅਦ ਵਿੱਚ ਉਸ ਨੂੰ ਰੋਹਿਣੀ ਜੇਲ੍ਹ ਭੇਜ ਦਿੱਤਾ ਗਿਆ।
ਉੱਥੇ ਰਹਿਣ ਦੌਰਾਨ ਜੇਲ੍ਹ ਪ੍ਰਸ਼ਾਸਨ ਵੱਲੋਂ ਉਸ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਨ। ਉੱਥੇ ਰਹਿੰਦਿਆਂ ਉਸ ਨੇ ਕਾਰੋਬਾਰੀ ਸ਼ਵਿੰਦਰ ਸਿੰਘ ਦੀ ਪਤਨੀ ਅਦਿਤੀ ਸਿੰਘ ਤੋਂ 200 ਕਰੋੜ ਰੁਪਏ ਦੀ ਧੋਖਾਧੜੀ ਕੀਤੀ।
ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਉਸ ਨੂੰ ਫਿਰ ਗ੍ਰਿਫਤਾਰ ਕਰ ਲਿਆ ਗਿਆ। ਆਰਥਿਕ ਅਪਰਾਧ ਸ਼ਾਖਾ ਨੇ ਉਸ ਦੀ ਮਦਦ ਕਰਨ ਵਾਲੇ 7 ਜੇਲ੍ਹ ਅਧਿਕਾਰੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਸੀ। ਇਸ ਦੇ ਨਾਲ ਹੀ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਭ੍ਰਿਸ਼ਟਾਚਾਰ ਦੇ ਤਹਿਤ 80 ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਪੱਤਰ ਲਿਖਿਆ ਗਿਆ ਹੈ।
ਜਾਂਚ ਦੌਰਾਨ ਆਰਥਿਕ ਅਪਰਾਧ ਸ਼ਾਖਾ ਨੂੰ ਪਤਾ ਲੱਗਾ ਕਿ ਰੋਹਿਣੀ ਜੇਲ੍ਹ ਵਿੱਚ ਸੁਕੇਸ਼ ਦੇ ਰਹਿਣ ਦੌਰਾਨ ਜੇਲ੍ਹ ਪ੍ਰਸ਼ਾਸਨ ਵੱਲੋਂ ਉਸ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਨ। ਉਹ ਜੇਲ੍ਹ ਵਿੱਚ ਇੱਕ ਕੀਮਤੀ ਮੋਬਾਈਲ ਵੀ ਵਰਤ ਰਿਹਾ ਸੀ।
ਇਸ ਦੇ ਲਈ ਉਹ ਹਰ 15 ਦਿਨ੍ਹਾਂ ਬਾਅਦ ਜੇਲ੍ਹ ਅਧਿਕਾਰੀਆਂ ਨੂੰ 65 ਲੱਖ ਰੁਪਏ ਰਿਸ਼ਵਤ ਦਿੰਦਾ ਸੀ। ਇਸ ਮਾਮਲੇ ਦੀ ਜਾਂਚ ਦੌਰਾਨ ਸਹਾਇਕ ਸੁਪਰਡੈਂਟ ਪ੍ਰਕਾਸ਼ ਚੰਦ ਦਾ ਨਾਂ ਪੁਲਿਸ ਦੇ ਸਾਹਮਣੇ ਆਇਆ।
ਪੁਲਿਸ ਨੇ ਪੁੱਛਗਿੱਛ ਤੋਂ ਬਾਅਦ ਪ੍ਰਕਾਸ਼ ਚੰਦ ਨੂੰ ਗ੍ਰਿਫਤਾਰ ਕਰ ਲਿਆ ਅਤੇ ਇਸ ਦੀ ਸੂਚਨਾ ਤਿਹਾੜ ਜੇਲ ਪ੍ਰਸ਼ਾਸਨ ਨੂੰ ਦਿੱਤੀ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਵੀ ਅਧਿਕਾਰੀ ਨੂੰ ਮੁਅੱਤਲ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਰੋਹਿਣੀ ਜੇਲ੍ਹ ਵਿੱਚ ਸੁਕੇਸ਼ ਚੰਦਰਸ਼ੇਖਰ ਨੂੰ ਸਾਰੀਆਂ ਸਹੂਲਤਾਂ ਦੇਣ ਵਿੱਚ ਪ੍ਰਕਾਸ਼ ਚੰਦ ਦਾ ਹੱਥ ਸੀ। ਇਸ ਸਬੰਧੀ ਉਸ ਕੋਲੋਂ ਪੁੱਛਗਿੱਛ ਜਾਰੀ ਹੈ।
ਇਹ ਵੀ ਪੜ੍ਹੋ: ਚੋਣ ਕਮਿਸ਼ਨ ਵੱਲੋਂ ਝਾਰਖੰਡ ਦੇ ਮੁੱਖ ਮੰਤਰੀ ਸੋਰੇਨ ਨੂੰ ਮਾਈਨਿੰਗ ਲੀਜ਼ 'ਤੇ ਨੋਟਿਸ