ਨਵੀਂ ਦਿੱਲੀ: ਕਿਸਾਨ ਅੰਦੋਲਨ ਦੇ 11ਵੇਂ ਦਿਨ ਕਿਸਾਨ ਆਗੂਆਂ ਨੇ ਸਿੰਘੂ ਬਾਰਡਰ ’ਤੇ ਪ੍ਰੈਸ ਕਾਨਫਰੰਸ ਕੀਤੀ। ਇਸ 'ਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਭਾਰਤ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਵਿੱਚ ਕੋਈ ਰੁਕਾਵਟ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਥਾਂ ‘ਤੇ ਆਮ ਲੋਕਾਂ ਨੂੰ ਪ੍ਰੇਸ਼ਾਨ ਨਾ ਕਰਨ ਦਾ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ 8 ਦਸੰਬਰ ਨੂੰ ਚੰਡੀਗੜ੍ਹ ਦੇ ਸੈਕਟਰ-17 ਵਿਖੇ ਹਜ਼ਾਰਾਂ ਕਿਸਾਨ ਪੱਤਰਕਾਰ ਯੂਨੀਅਨ ਦੇ ਨਾਲ ਵਿਰੋਧ ਪ੍ਰਦਰਸ਼ਨ 'ਚ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 7 ਦਸੰਬਰ ਨੂੰ ਦਿੱਤੇ ਗਏ ਐਵਰਡ ਸਵੈ-ਇੱਛਤ ਵਾਪਸ ਕੀਤੇ ਜਾਣਗੇ।
ਕਿਸਾਨ ਆਗੂਆਂ ਨੇ ਕਿਹਾ ਕਿ ਨੌਜਵਾਨ ਕਿਸਾਨਾਂ ਦਾ ਇੱਕ ਸਮੂਹ ਸਾਡੀ ਲਹਿਰ ਦੇ ਸਮਰਥਨ ਲਈ ਗੁਜਰਾਤ ਤੋਂ ਦਿੱਲੀ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗ੍ਰਹਿ ਸੂਬੇ ਕਾਰਨ ਇਹ ਇੱਕ ਮਹੱਤਵਪੂਰਨ ਸਮਾਗਮ ਹੈ। ਅੰਦੋਲਨ ਨੂੰ ਤੇਜ਼ ਕਰਨਾ ਸਾਡੀ ਮਜਬੂਰੀ ਬਣ ਗਈ ਹੈ। ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ 'ਤੇ ਸੰਜੀਦਗੀ ਨਾਲ ਕੰਮ ਨਹੀਂ ਕਰ ਰਹੀ ਹੈ।
ਏਆਈਕੇਐਸਸੀ ਦੇ ਆਗੂ ਜਗਮੋਹਨ ਸਿੰਘ ਨੇ ਦੱਸਿਆ ਕਿ ਕਿਸਾਨ ਆਗੂਆਂ ਦੀ ਬੈਠਕ 'ਚ 11-12 ਸੂਬਿਆਂ ਦੀ ਕਿਸਾਨ ਜਥੇਬੰਦੀਆਂ ਨੇ ਹਿੱਸਾ ਲਿਆ। ਸਾਰਿਆਂ ਵਿਚਾਲੇ ਆਪਸੀ ਸਹਿਮਤੀ ਬਣੀ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਇਲਾਵਾ ਹੋਰ ਕੋਈ ਵੀ ਵਿਕਲਪ ਨਹੀਂ ਮੰਨਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਕਿਹਾ ਕਿ ਉਨ੍ਹਾਂ ਨੂੰ ਵਿਚਾਰ ਕਰਨ ਲਈ ਦੋ ਦਿਨਾਂ ਦੀ ਲੋੜ ਹੈ। ਉਨ੍ਹਾਂ ਕੇਂਦਰ ਸਰਕਾਰ 'ਤੇ ਕਾਰਪੋਰੇਟ ਘਰਾਣਿਆ ਦੇ ਇਸ਼ਾਰੇ 'ਤੇ ਕੰਮ ਕਰਨ ਦੇ ਦੋਸ਼ ਲਾਏ।
ਯੋਗੇਂਦਰ ਯਾਦਵ ਨੇ ਕਿਹਾ ਕਿ ਇਸ ਸਾਂਝੇ ਕਿਸਾਨ ਮੋਰਚੇ 'ਚ ਸ਼ਾਮਲ ਸਾਰੀਆਂ ਸੰਸਥਾਵਾਂ ਇੱਕ ਰਾਏ ਨਾਲ ਗੱਲ ਕਰ ਰਹੀਆਂ ਹਨ ਕਿ ਤਿੰਨੋਂ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਪਹਿਲੇ ਦਿਨ ਤੋਂ ਆਪਣੇ ਫ਼ੈਸਲੇ 'ਤੇ ਡੱਟੇ ਹਾਂ, ਐਮਐਸਪੀ ਨੂੰ ਕਾਨੂੰਨੀ ਰੂਪ ਦਿੱਤਾ ਜਾਣਾ ਚਾਹੀਦਾ ਹੈ ਅਤੇ ਤਿੰਨੋਂ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਐਡੀਟਰਜ਼ ਗਿਲਡ ਆਫ਼ ਇੰਡੀਆ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੀਡੀਆ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਵਾਲੀ ਰਿਪੋਰਟਿੰਗ ਨਾ ਕਰਨ।