ਨਵੀਂ ਦਿੱਲੀ: ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਭਾਰਤ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 4,56,183 ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਆਂਕੜਾ 14,476 ਤੱਕ ਪਹੁੰਚ ਗਿਆ ਹੈ।
ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 15,968 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਇੱਕ ਦਿਨ ਵਿੱਚ ਸਾਹਮਣੇ ਆਏ ਕੋਰੋਨਾ ਮਰੀਜ਼ਾਂ ਦੀ ਸਭ ਤੋਂ ਵੱਡੀ ਗਿਣਤੀ ਹੈ। ਇੰਨਾ ਹੀ ਨਹੀਂ ਇਸ ਸਮੇਂ ਦੌਰਾਨ ਦੇਸ਼ ਵਿੱਚ 465 ਸੰਕਰਮਿਤ ਲੋਕਾਂ ਦੀ ਮੌਤ ਵੀ ਹੋਈ।
ਦੇਸ਼ ਵਿਚ ਇਕੋ ਦਿਨ ਵਿਚ ਕੋਰੋਨਾ ਨਾਲ ਹੋਈਆਂ ਮੌਤਾਂ ਦੀ ਇਹ ਸਭ ਤੋਂ ਵੱਡੀ ਗਿਣਤੀ ਹੈ। ਦੇਸ਼ ਵਿਚ ਹੁਣ ਤਕ 2,58,685 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 14,476 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਿਕਵਰੀ ਰੇਟ ਦੀ ਗੱਲ ਕਰੀਏ ਤਾਂ ਇਹ ਮਾਮੂਲੀ ਵਾਧੇ ਤੋਂ ਬਾਅਦ 56.70 ਪ੍ਰਤੀਸ਼ਤ ਤੱਕ ਪਹੁੰਚ ਗਈ ਹੈ।
ਰਾਜਧਾਨੀ ਦਿੱਲੀ ਵਿੱਚ ਲਗਾਤਾਰ ਵੱਧ ਰਹੀ ਕੋਰੋਨਾ ਪੀੜਤਾਂ ਦੀ ਗਿਣਤੀ 70 ਹਜ਼ਾਰ ਨੂੰ ਪਾਰ ਕਰ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 3788 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਵਾਧੇ ਦੇ ਨਾਲ ਦਿੱਲੀ ਵਿੱਚ ਕੋਰੋਨਾ ਪੀੜਤਾਂ ਦੀ ਕੁਲ ਗਿਣਤੀ 70,390 ਹੋ ਗਈ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਦਿੱਲੀ ਵਿੱਚ ਕੋਰੋਨਾ ਦੇ ਸਿਰਫ 3947 ਕੇਸ ਸਾਹਮਣੇ ਆਏ ਸਨ, ਅੱਜ ਇਹ ਗਿਣਤੀ ਇਸ ਤੋਂ ਘੱਟ ਹੈ।
ਦਿੱਲੀ ਵਿੱਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 2365 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 41,437 ਪੀੜਤ ਇਸ ਵਾਇਰਸ ਤੋਂ ਛੁਟਕਾਰਾ ਪਾ ਚੁੱਕੇ ਹਨ ਅਤੇ ਐਕਟਿਵ ਮਾਮਲੇ 26,588 ਹਨ।