ਨਵੀਂ ਦਿੱਲੀ: ਸੁਪਰੀਮ ਕੋਰਟ ਨੇ 1984 ਦੇ ਸਿੱਖ ਕਤਲੇਆਮ ਮਾਮਲੇ ਵਿੱਚ ਉਮਰ–ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਵੀਰਵਾਰ ਨੂੰ ਏਮਜ਼ ਹਸਪਤਾਲ ਦੇ ਬੋਰਡ ਅੱਗੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ, ਜਿੱਥੇ ਸੱਜਣ ਕੁਮਾਰ ਦੀ ਮੈਡੀਕਲ ਜਾਂਚ ਹੋਵੇਗੀ। ਸੁਪਰੀਮ ਕੋਰਟ ਨੇ ਹਸਪਤਾਲ ਅਥਾਰਟੀ ਨੂੰ 7 ਦਿਨਾਂ ਵਿੱਚ ਇੱਕ ਵਿਸਥਾਰ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
ਦੱਸਣਯੋਗ ਹੈ ਕਿ ਸੱਜਣ ਕੁਮਾਰ ਨੇ ਖ਼ਰਾਬ ਸਿਹਤ ਦਾ ਹਵਾਲਾ ਦੇ ਕੇ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਖ਼ਲ ਕੀਤੀ ਸੀ। ਪਰ ਅਦਾਲਤ ਨੇ 14 ਫ਼ਰਵਰੀ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਕਿ ਉਹ ਗਰਮੀਆਂ ਦੀ ਛੁੱਟੀਆਂ ਦੌਰਾਨ ਉਸ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰੇਗਾ। ਮੈਡੀਕਲ ਆਧਾਰ 'ਤੇ ਅੰਤਰਿਮ ਜ਼ਮਾਨਤ ਦੀ ਬੇਨਤੀ ਕਰਨ ਵਾਲੇ ਸੱਜਣ ਕੁਮਾਰ ਨੂੰ 17 ਦਸੰਬਰ, 2018 ਨੂੰ ਦਿੱਲੀ ਹਾਈ ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ।