ਸੋਲਨ: ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ 'ਚ ਪਰਵਾਣੁ ਵਿਖੇ ਇੱਕ ਕਾਰ ਦੇ ਡੂੰਘੀ ਖਾਈ ਵਿੱਚ ਡਿੱਗਣ ਨਾਲ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕਾਂ ਦੀ ਲਾਸ਼ਾਂ ਨੂੰ ਕਬਜ਼ੇ 'ਚ ਲੈਕੇ ਕੇਸ ਦਰਜ ਕਰ ਲਿਆ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਬੀਤੀ ਰਾਤ 11 ਵਜੇ ਦੇ ਕਰੀਬ ਕਾਰ (ਐਚਆਰ 01 ਏਏ 9373) ਧਰਮਪੁਰ ਤੋਂ ਪਰਵਾਣੁ ਵੱਲ ਨੂੰ ਜਾ ਰਹੀ ਸੀ। ਇਸੇ ਦੌਰਾਨ ਹੀ ਕਾਰ ਟੀਟੀਆਰ ਨੇੜੇ ਪੁੱਜਣ 'ਤੇ ਬੇਕਾਬੂ ਹੋਕੇ 500 ਫੁੱਟ ਡੂੰਘੀ ਖਾਈ ਵਿੱਚ ਡਿੱਗ ਗਈ। ਇਸ ਕਾਰ ਹਾਦਸੇ ਵਿੱਚ ਇੱਕੋ ਪਰਿਵਾਰ ਦੇ 3 ਵਿਅਕਤੀਆਂ ਦੀ ਮੌਤ ਹੋਈ ਹੈ,
ਜਿਨ੍ਹਾਂ ਵਿੱਚ 2 ਔਰਤਾਂ ਅਤੇ ਇੱਕ ਵਿਅਕਤੀ ਸ਼ਾਮਿਲ ਹੈ। ਮ੍ਰਿਤਕ ਹਰਿਆਣਾ ਦੇ ਅੰਬਾਲਾ ਨਾਲ ਸਬੰਧਤ ਦੱਸੇ ਜਾ ਰਹੇ ਹਨ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਵਿਭਾਗ ਦੇ ਕਰਮਚਾਰੀ ਅਤੇ ਪੁਲਿਸ ਦੇਰ ਰਾਤ 3 ਵਜੇ ਮੌਕੇ 'ਤੇ ਪੁੱਜੇ।
ਇਸ ਦੌਰਾਨ ਬਚਾਅ ਕਾਰਜ ਕਰਕੇ ਪੁਲਿਸ ਨੇ 3 ਲਾਸ਼ਾਂ ਨੂੰ ਆਪਣੇ ਕਬਜ਼ੇ 'ਚ ਲੈ ਲਿਆ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਪਰਵਾਣੁ ਯੋਗੇਸ਼ ਰੋਲਟਾ ਨੇ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕਾਂ ਦੀ ਲਾਸ਼ਾਂ ਨੂੰ ਕਬਜ਼ੇ 'ਚ ਲੈਕੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦ ਹੀ ਉਨ੍ਹਾਂ ਦਾ ਪੋਸਟਮਾਰਟਮ ਕਰਵਾ ਦਿੱਤਾ ਜਾਵੇਗਾ।