ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਭਾਰਤ ਵਿੱਚ ਕੋਰੋਨਾ ਵਾਇਰਸ (ਕੋਵਿਡ -19) ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਸੰਕਰਮਿਤ ਲੋਕਾਂ ਦੀ ਗਿਣਤੀ 1397 ਤੱਕ ਪਹੁੰਚ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 146 ਨਵੇਂ ਕੇਸ ਸਾਹਮਣੇ ਆਏ ਹਨ। ਰਾਹਤ ਵਾਲੀ ਖ਼ਬਰ ਇਹ ਹੈ ਕਿ ਇਸ ਦੇ ਸੰਕਰਮਣ ਤੋਂ 124 ਵਿਅਕਤੀ ਠੀਕ ਹੋ ਗਏ ਹਨ।
ਇਹ ਅੰਕੜੇ ਸਿਹਤ ਮੰਤਰਾਲੇ ਨੇ ਮੰਗਲਵਾਰ ਰਾਤ ਨੂੰ ਜਾਰੀ ਕੀਤੇ ਹਨ। ਦੱਸ ਦੇਈਏ ਕਿ ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸ ਦੇ ਮੱਦੇਨਜ਼ਰ ਦੇਸ਼ ਵਿੱਚ 21 ਦਿਨਾਂ ਦੀ ਤਾਲਾਬੰਦੀ ਚੱਲ ਰਹੀ ਹੈ। 21 ਦਿਨਾਂ ਦੀ ਤਾਲਾਬੰਦੀ 14 ਅਪ੍ਰੈਲ ਤੱਕ ਜਾਰੀ ਰਹੇਗੀ।
'ਇਸ ਕਾਰਨ ਕੋਰੋਨਾ ਵਾਇਰਸ ਦੇ ਕੇਸ ਨਹੀਂ ਹੋ ਰਹੇ ਘੱਟ'
ਸਿਹਤ ਮੰਤਰਾਲੇ ਨੇ ਕਿਹਾ ਕਿ ਲਾਗ ਨੂੰ ਰੋਕਣ ਲਈ ਲਾਗੂ ਕੀਤੇ ਗਏ ਦੇਸ਼ ਵਿਆਪੀ ਤਾਲਾਬੰਦੀ ਦੀ ਪਾਲਣਾ ਨਾ ਕਰਨ ਕਾਰਨ ਮਾਮਲੇ ਵਧ ਰਹੇ ਹਨ। ਇਸ ਨਾਲ ਹੀ ਲਾਗ ਵਾਲੇ ਇਲਾਕਿਆਂ ਵਿੱਚ ਵੀ ਵਾਧਾ ਹੋ ਰਿਹਾ ਹੈ। ਸਿਹਤ ਮੰਤਰਾਲੇ ਦੇ ਜੁਆਇੰਟ ਸੈਕਟਰੀ ਲਵ ਅਗਰਵਾਲ ਨੇ ਦੱਸਿਆ ਕਿ ਦੇਸ਼ ਵਿੱਚ ਦੁਪਹਿਰ ਤੱਕ ਕੋਰੋਨਾ ਵਾਇਰਸ ਦੀ ਲਾਗ ਦੇ ਕੁਲ 1251 ਮਾਮਲੇ ਸਾਹਮਣੇ ਆਏ ਸਨ, ਜਦੋਂ ਕਿ ਉਨ੍ਹਾਂ ਨੇ ਮੌਤ ਦੀ ਗਿਣਤੀ 32 ਦੱਸੀ ਸੀ। ਉਨ੍ਹਾਂ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਪੱਛਮੀ ਬੰਗਾਲ, ਗੁਜਰਾਤ ਅਤੇ ਮੱਧ ਪ੍ਰਦੇਸ਼ ਵਿੱਚ ਇੱਕ ਸੰਕਰਮਿਤ ਮਰੀਜ਼ ਦੀ ਮੌਤ ਹੋ ਗਈ ਹੈ।