ਤਿਰੁਵੰਤਪੁਰਮ/ਨਵੀਂ ਦਿੱਲੀ: ਚੀਨ ਦੇ ਵੁਹਾਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਹੁਣ ਤੱਕ ਕਈ ਦੇਸ਼ਾਂ ਵਿੱਚ ਫ਼ੈਲ ਚੁੱਕਿਆ ਹੈ। ਭਾਰਤ ਵਿੱਚ ਹੁਣ ਤੱਕ ਕੋਰੋਨਾ ਦੇ 44 ਮਾਮਲੇ ਪਾਜ਼ੀਟਿਵ ਪਾਏ ਗਏ ਹਨ। ਇਸ ਨੂੰ ਵੇਖਦਿਆਂ ਭਾਰਤ ਸਰਕਾਰ ਚੌਕੰਨੀ ਹੈ ਤੇ ਇਸ ਸਮੱਸਿਆ ਨਾਲ ਨਜਿੱਠਣ ਲਈ ਕਈ ਉਪਾਅ ਕੀਤੇ ਜਾ ਰਹੇ ਹਨ।
ਸੋਮਵਾਰ ਨੂੰ ਕੇਰਲ, ਦਿੱਲੀ, ਉੱਤਰ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਕੋਰੋਨਾ ਵਾਇਰਸ (ਕੋਵਿਡ-19) ਦਾ ਇੱਕ-ਇੱਕ ਮਾਮਲਾ ਸਾਹਮਣੇ ਆਇਆ ਹੈ। ਸਿਹਤ ਮੰਤਰਾਲੇ ਦੇ ਵਿਸ਼ੇਸ਼ ਸਕੱਤਰ ਸੰਜੀਵ ਕੁਮਾਰ ਨੇ ਇਹ ਜਾਣਕਾਰੀ ਦਿੱਤੀ ਹੈ।
ਕੇਰਲ ਪ੍ਰਸ਼ਾਸਨ ਨੇ ਜਾਰੀ ਕੀਤੀ ਚਿਤਾਵਨੀ
ਕੇਰਲ ਪ੍ਰਸ਼ਾਸਨ ਨੇ ਆਪਣੀ ਯਾਤਰਾ ਅਤੇ ਸੰਕਰਮਣ ਦੀ ਜਾਣਕਾਰੀ ਲੁਕਾਉਣ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ ਜਿਨ੍ਹਾਂ ਉੱਤੇ ਮੁਕੱਦਮਾ ਵੀ ਚਲਾਇਆ ਜਾ ਸਕਦਾ ਹੈ। ਇਸ ਦੌਰਾਨ ਖ਼ਬਰਾਂ ਆ ਰਹੀਆਂ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੰਗਲਾਦੇਸ਼ ਯਾਤਰਾ ਰੱਦ ਕਰ ਦਿੱਤੀ ਗਈ ਹੈ।
ਭਾਰਤ ਵਿਚ ਕੋਵਿਡ -19 ਦੇ ਮਾਮਲਿਆਂ ਦੀ ਗਿਣਤੀ 44 ਹੋ ਗਈ ਹੈ, ਜੋ ਕਿ ਪਿਛਲੇ ਮੰਗਲਵਾਰ ਤੱਕ ਸਿਰਫ ਛੇ ਸੀ। ਇਨ੍ਹਾਂ ਵਿੱਚ 16 ਇਤਾਲਵੀ ਸੈਲਾਨੀ ਸ਼ਾਮਲ ਹਨ। ਇਨ੍ਹਾਂ ਵਿਚ ਕੇਰਲ ਦੇ ਤਿੰਨ ਮਰੀਜ਼ ਵੀ ਸ਼ਾਮਲ ਹਨ ਜਿਨ੍ਹਾਂ ਨੂੰ ਪਿਛਲੇ ਮਹੀਨੇ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।
ਕੋਰੋਨਾ ਵਾਇਰਸ ਦੀ ਜਾਂਚ ਲਈ 57 ਲੈਬ ਸਥਾਪਿਤ
ਵਿਦੇਸ਼ ਮੰਤਰਾਲੇ ਮੁਤਾਬਕ ਤਾਜ਼ਾ ਅੰਕੜਿਆਂ ਅਨੁਸਾਰ 3,003 ਵਿਚੋਂ 2,694 ਨਮੂਨੇ ਜਾਂਚ ਵਿਚ ਨਕਾਰਾਤਮਕ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਦੇਸ਼ ਭਰ ਵਿਚ ਕੋਰੋਨਾ ਵਾਇਰਸ ਦੀ ਜਾਂਚ ਲਈ 57 ਲੈਬ ਸਥਾਪਿਤ ਕੀਤੀਆਂ ਗਈਆਂ ਹਨ।
ਸਿਹਤ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਦੀ ਕੋਰੋਨਾ ਸਬੰਧੀ ਬੈਠਕ
ਕੇਂਦਰੀ ਸਿਹਤ ਮੰਤਰੀ ਡਾ: ਹਰਸ਼ ਵਰਧਨ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਰਾਜਪਾਲ ਅਨਿਲ ਬੈਜਲ ਵਿਚਾਲੇ ਕੋਰੋਨਾ ਵਾਇਰਸ ਨੂੰ ਲੈ ਕੇ ਇੱਕ ਬੈਠਕ ਹੋਈ।
ਇਸ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਐਤਵਾਰ ਨੂੰ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਡੀਟੀਸੀ ਅਤੇ ਕਲੱਸਟਰ ਬੱਸਾਂ, ਮੈਟਰੋ ਅਤੇ ਹਸਪਤਾਲਾਂ ਨੂੰ ਨਿਯਮਤ ਤੌਰ 'ਤੇ ਸੰਕਰਮਣ ਤੋਂ ਮੁਕਤ ਕਰਨ ਦੇ ਹੁਕਮ ਦਿੱਤੇ ਹਨ।
ਕੇਜਰੀਵਾਲ ਨੇ ਕੀਤੀ ਪ੍ਰੈਸ ਕਾਨਫਰੰਸ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਹੁਣ ਤੱਕ ਦਿੱਲੀ ਵਿਚ ਕੋਰੋਨਾ ਵਾਇਰਸ ਦੇ ਤਿੰਨ ਮਾਮਲੇ ਸਾਹਮਣੇ ਆਏ ਹਨ ਅਤੇ ਇੱਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਰੀਜ਼ਾਂ ਲਈ 25 ਹਸਪਤਾਲਾਂ ਵਿੱਚ 168 ਵੱਖਰੇ ਬੈੱਡਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਦਿੱਲੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਉਨ੍ਹਾਂ ਦਾ ਕੋਈ ਗੁਆਂਢੀ ਪਿਛਲੇ 14 ਦਿਨਾਂ ਵਿੱਚ ਵਿਦੇਸ਼ ਤੋਂ ਵਾਪਸ ਆਇਆ ਤਾਂ ਉਹ ਸਰਕਾਰ ਨੂੰ ਸੂਚਿਤ ਕਰਨ।
ਮੁੱਖ ਮੰਤਰੀ ਨੇ ਐਤਵਾਰ ਨੂੰ ਸਟੇਟ ਟਾਸਕ ਫੋਰਸ ਦੀ ਬੈਠਕ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਪੂਰੀ ਤਰਾਂ ਨਾਲ ਤਿਆਰ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਜਰੂਰਤ ਨਹੀਂ ਹੈ।