ਨਵੀਂ ਦਿੱਲੀ: ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਹੁਤ ਸਾਰੇ ਧਾਰਮਿਕ ਉਪਰਾਲੇ ਵੱਖ ਵੱਖ ਸੰਸਥਾਵਾਂ ਅਤੇ ਸਰਕਾਰਾਂ ਵੱਲੋਂ ਕਰਾਏ ਜਾ ਰਹੇ ਹਨ। ਇਸ ਲੜੀ ਤਹਿਤ ਵਿੱਚ ਇੱਕ ਹੋਰ ਪ੍ਰੋਗਰਾਮ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਨੀਵਾਰ ਸ਼ਾਮ ਨੂੰ ਕਰਵਾਇਆ ਜਾ ਰਿਹਾ ਹੈ ਜਿਸ ਨੂੰ 'ਸ਼ਬਦ ਅਨਾਹਦ' ਦਾ ਨਾਂਅ ਦਿੱਤਾ ਗਿਆ ਹੈ।
ਇਸ ਪ੍ਰੋਗਰਾਮ ਵਿੱਚ 550 ਕੀਰਤਨੀਏ ਇੱਕ ਜਥੇ ਦੇ ਰੂਪ ਵਿੱਚ ਕੀਰਤਨ ਕਰਨਗੇ ਤੇ ਨਾਲ ਹੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਉੱਤੇ ਇੱਕ ਫ਼ਿਲਮ ਵੀ ਉੱਤੇ ਵਿਖਾਈ ਜਾਵੇਗੀ। ਇੰਡੀਆ ਗੇਟ 'ਤੇ ਹੋਣ ਵਾਲੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਈਟੀਵੀ ਭਾਰਤ ਨਾਲ ਗੱਲਬਾਤ ਕੀਤੀ।
ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਹ ਪ੍ਰੋਗਰਾਮ ਆਪਣੇ ਆਪ ਵਿੱਚ ਅਦਭੁਤ ਹੋਵੇਗਾ। ਜੋ ਲੋਕ ਗੁਰੂ ਨਾਨਕ ਦੇਵ ਜੀ ਦੇ ਵਿਚਾਰਾਂ ਤੋਂ ਵਾਂਝੇ ਰਹਿ ਗਏ ਹਨ ਉਨ੍ਹਾਂ ਨੂੰ ਉਨ੍ਹਾਂ ਦੀ ਜ਼ਿੰਦਗੀ ਅਤੇ ਫ਼ਲਸਫ਼ੇ ਬਾਰੇ ਜਾਣੂ ਕਰਾਇਆ ਜਾਵੇਗਾ।
ਇੰਡੀਆ ਗੇਟ ਦਿੱਲੀ ਦਾ ਅਜਿਹਾ ਸਥਾਨ ਹੈ ਜਿੱਥੇ ਹਮੇਸ਼ਾ ਲੋਕ ਆਉਂਦੇ ਜਾਂਦੇ ਰਹਿੰਦੇ ਹਨ। ਇਸ ਕੀਰਤਨ ਸਮਾਗਮ ਦਾ ਆਨੰਦ ਵੱਡੀਆਂ ਸਕਰੀਨਾਂ ਤੋਂ ਵੀ ਲਿਆ ਜਾ ਸਕੇਗਾ। ਇਸ ਪ੍ਰੋਗਰਾਮ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਮੂਲੀਅਤ ਕਰਨਗੇ। ਇਸ ਦੇ ਨਾਲ ਹੀ ਹੋਰ ਵੀ ਕਈ ਮੰਤਰੀ ਅਤੇ ਸਾਂਸਦ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ।