ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 76,472 ਮਾਮਲੇ ਸਾਹਮਣੇ ਆਏ ਹਨ ਅਤੇ 1,021 ਲੋਕਾਂ ਦੀ ਮੌਤ ਹੋ ਗਈ ਹੈ।
ਸਿਹਤ ਮੰਤਰਾਲੇ ਮੁਤਾਬਕ ਭਾਰਤ ਵਿੱਚ ਕੋਰੇਨਾ ਪੀੜਤਾਂ ਦਾ ਅੰਕੜਾ 34,63,973 ਤੱਕ ਪਹੁੰਚ ਗਿਆ ਹੈ, ਜਿਨ੍ਹਾਂ ਵਿਚੋਂ 7,52,424 ਮਾਮਲੇ ਐਕਟਿਵ ਹਨ, 26,48,999 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ ਅਤੇ 62,550 ਲੋਕ ਆਪਣੀ ਜਾਨ ਗੁਆ ਚੁੱਕੇ ਹਨ।
ਰਿਕਵਰੀ ਰੇਟ ਦੀ ਗੱਲ ਕਰੀਏ ਤਾਂ ਮਾਮੂਲੀ ਵਾਧੇ ਤੋਂ ਬਾਅਦ ਇਹ 76.47 ਪ੍ਰਤੀਸ਼ਤ ਤੱਕ ਪਹੁੰਚ ਗਈ ਹੈ। ਪੌਜ਼ੀਟਿਵ ਦਰ 8.23 ਪ੍ਰਤੀਸ਼ਤ ਹੈ। ਦੇਸ਼ ਦੇ ਲਗਭਗ ਸਾਰੇ ਸੂਬਿਆਂ ਤੋਂ ਕੋਰੋਨਾ ਦੇ ਮਰੀਜ਼ ਸਾਹਮਣੇ ਆ ਰਹੇ ਹਨ। ਰਾਜਧਾਨੀ ਦਿੱਲੀ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ 1,69,412 ਤੱਕ ਪਹੁੰਚ ਗਿਆ ਹੈ ਅਤੇ 4,389 ਲੋਕਾਂ ਦੀ ਮੌਤ ਹੋ ਗਈ ਹੈ।
ਮਹਾਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 14,361 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 331 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਸੂਬੇ ਵਿੱਚ ਪੀੜਤਾਂ ਦੀ ਕੁੱਲ ਗਿਣਤੀ 7,47,995 ਤੱਕ ਪਹੁੰਚ ਗਈ ਹੈ, ਜਿਨ੍ਹਾਂ ਵਿੱਚੋਂ 1,80,718 ਮਾਮਲੇ ਐਕਟਿਵ ਹਨ ਅਤੇ 5,43,170 ਮਰੀਜ਼ ਠੀਕ ਹੋ ਚੁੱਕੇ ਹਨ। ਸੂਬੇ ਵਿਚ ਇਸ ਮਹਾਂਮਾਰੀ ਕਾਰਨ ਹੁਣ ਤਕ 23,775 ਪੀੜਤਾਂ ਦੀ ਮੌਤ ਹੋ ਚੁੱਕੀ ਹੈ।
ਪੰਜਾਬ ਵਿੱਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੇ 1555 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 51 ਮੌਤਾਂ ਦਰਜ ਕੀਤੀਆਂ ਗਈਆਂ। ਅੰਕੜਿਆਂ ਵਿੱਚ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 49,378 ਤੱਕ ਪਹੁੰਚ ਗਈ ਹੈ ਅਤੇ 1307 ਲੋਕ ਆਪਣੀ ਜਾਨ ਗੁਆ ਚੁੱਕੇ ਹਨ।