ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਗੁਰੂਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ ਭਰ ਦੀਆਂ ਜੇਲ੍ਹਾਂ ਵਿਚੋਂ 9 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਹੈ। ਗ੍ਰਹਿ ਮੰਤਰਾਲੇ ਨੇ ਸ਼ਨੀਵਾਰ ਨੂੰ ਇਸ ਦਾ ਐਲਾਨ ਕੀਤਾ ਹੈ।
ਸਪੈਸ਼ਲ ਰੀਮਿਸ਼ਨ ਸਕੀਮ ਤਹਿਤ ਇੱਕ ਕੈਦੀ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਜਾਵੇਗਾ ਅਤੇ ਉਮਰ ਕੈਦ ਦੀ ਸਜ਼ਾ ਕੱਟ ਰਹੇ 8 ਕੈਦੀਆਂ ਨੂੰ ਰਿਹਾਅ ਕੀਤਾ ਜਾਵੇਗਾ। ਇਹ ਸਜ਼ਾ ਕੈਦੀਆਂ ਦੇ ਜੇਲ੍ਹ ਵਿੱਚ ਵਿਵਹਾਰ ਦੇ ਆਧਾਰ ਉੱਤੇ ਹੀ ਮਾਫ਼ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਨ੍ਹਾਂ ਕੈਦੀਆਂ ਨੂੰ ਪੰਜਾਬ ਵਿੱਚ ਅੱਤਵਾਦ ਦੌਰਾਨ ਵੱਖ-ਵੱਖ ਅਦਾਲਤਾਂ ਨੇ ਸਜ਼ਾ ਸੁਣਾਈ ਸੀ।
ਸਰਕਾਰ ਨੇ ਇਸ ਸਬੰਧ ਵਿੱਚ ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੈਦੀਆਂ ਦੀ ਰਿਹਾਈ ਲਈ ਨਿਰਦੇਸ਼ ਭੇਜ ਦਿੱਤੇ ਹਨ। ਜ਼ਿਕਰਯੋਗ ਹੈ ਕਿ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਹਾੜੇ ਦੇ ਮੱਦੇਨਜ਼ਰ ਦੇਸ਼ ਭਰ ਦੀਆਂ ਜੇਲ੍ਹਾਂ ਵਿੱਚ ਬੰਦ 1424 ਕੈਦੀਆਂ ਨੂੰ ਸਪੈਸ਼ਲ ਰਿਮਿਸ਼ਨ ਸਕੀਮ ਤਹਿਤ ਰਿਹਾਅ ਕੀਤਾ ਜਾ ਚੁੱਕਿਆ ਹੈ।