ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਦੇ 92,071 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਸ ਵਾਇਰਸ ਕਾਰਨ 1,136 ਮਰੀਜ਼ਾਂ ਦੀ ਮੌਤ ਹੋ ਗਈ ਹੈ।
ਇਹ ਜਾਣਕਾਰੀ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦਿੱਤੀ ਹੈ। ਮੰਤਰਾਲੇ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 48,46,428 ਤੱਕ ਪਹੁੰਚ ਗਿਆ ਹੈ।
ਇਸ ਸਮੇਂ 9,86,598 ਐਕਟਿਵ ਮਾਮਲੇ ਹਨ ਅਤੇ 37,80,108 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ। ਇਸ ਤੋਂ ਇਲਾਵਾ 79,722 ਲੋਕ ਇਸ ਵਾਇਰਸ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ।
ਸੰਸਦ ਦੇ ਮਾਨਸੂਨ ਇਜਲਾਸ ਵਿੱਚ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਕੋਰੋਨਾ ਮਾਮਲਿਆਂ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੋਰੋਨਾ ਦੇ ਸਭ ਤੋਂ ਵੱਧ ਮਾਮਲੇ ਅਤੇ ਮੌਤਾਂ ਮੁੱਖ ਤੌਰ 'ਤੇ ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਕਰਨਾਟਕ, ਯੂਪੀ, ਦਿੱਲੀ, ਪੱਛਮੀ ਬੰਗਾਲ, ਬਿਹਾਰ, ਤੇਲੰਗਾਨਾ, ਓਡੀਸ਼ਾ, ਅਸਾਮ, ਕੇਰਲ ਅਤੇ ਗੁਜਰਾਤ ਵਿੱਚ ਹੋਈਆਂ ਹਨ। ਸਾਰੇ ਸੂਬਿਆਂ ਵਿੱਚ 1 ਲੱਖ ਤੋਂ ਵੱਧ ਮਾਮਲੇ ਦਰਜ ਹਨ।