ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ। ਪੱਤਰ ਲਿੱਖ ਕੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਦਿੱਲੀ ਦੀ ਸਰਹੱਦ ਉੱਤੇ ਅੰਦੋਲਨਕਾਰੀ ਕਿਸਾਨਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਨੂੰ ਤਾਇਨਾਤ ਕੀਤਾ ਜਾਵੇ। ਪੱਤਰ 'ਚ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚੋਂ ਕਿਸਾਨ ਭੈਣਾਂ ਅਤੇ ਭਰਾ ਦਿੱਲੀ ਦੇ ਬਾਰਡਰ ਉੱਤੇ ਬੀਤੇ ਕਰੀਬ 2 ਮਹੀਨਿਆਂ ਤੋਂ ਬੀਜੇਪੀ ਦੀ ਸਰਕਾਰ ਨੇ ਕੋਵਿਡ ਮਹਾਂਮਾਰੀ ਦੇ ਦੌਰਾਨ ਪਿਛਲੇ ਦਰਵਾਜੇ ਤੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਜੱਦੋ-ਜਹਿਦ ਕਰ ਰਹੇ ਹਨ।
ਸੂਬਾ ਸਰਕਾਰ ਨੂੰ ਕਿਸਾਨਾਂ ਦੀਆਂ ਮੁਸ਼ਕਲਾਂ ਵੱਲ ਧਿਆਨ ਦੀ ਲੋੜ
ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਆਪ ਨੇ ਹੁਣ ਤੱਕ ਕਿਸਾਨਾਂ ਦੀਆਂ ਮੁਸ਼ਕਲਾਂ ਵੱਲ ਜ਼ਰਾ ਵੀ ਧਿਆਨ ਨਹੀਂ ਦਿੱਤਾ ਹੈ ਅਤੇ ਹੈਰਾਨੀ ਦੀ ਗੱਲ ਹੈ ਕਿ ਸਾਨੂੰ ਇਹ ਦੱਸਣਾ ਪੈ ਰਿਹਾ ਹੈ ਕਿ ਬਾਰਡਰ 'ਤੇ ਬੈਠੇ ਕਿਸਾਨਾਂ ਉੱਤੇ ਬੀਜੇਪੀ ਦੇ ਗੁੰਡੇ ਹਰ ਰੋਜ਼ ਹਮਲੇ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਉੱਤੇ ਹੋਰ ਹਮਲਿਆਂ ਦਾ ਵੀ ਡਰ ਬਣਿਆ ਹੋਇਆ ਹੈ। ਕਿਸਾਨ ਵੀਰ ਅਤੇ ਭੈਣ ਹਰ ਰੋਜ਼ ਖ਼ੌਫ਼ ਦੇ ਸਾਏ ਹੇਠ ਰਹਿ ਰਹੇ ਹਨ। ਉਨ੍ਹਾਂ ਨੇ ਪੱਤਰ ਵਿੱਚ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਬੀਜੇਪੀ ਨੇ ਹਰ ਤਰ੍ਹਾਂ ਦੇ ਹੱਥਕੰਡੇ ਅਪਣਾ ਕੇ ਕਿਸਾਨਾਂ ਖਿਲਾਫ਼ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ, ਉਹ ਬੀਜੇਪੀ ਆਪਣੇ ਗੁੰਡਿਆਂ ਕੋਲੋਂ ਕਿਸਾਨਾਂ ਉੱਤੇ ਹਮਲਾ ਕਰਵਾ ਰਹੀ ਹੈ ਅਤੇ ਆਪਣੀ ਪੁਲਿਸ ਨੂੰ ਕਹਿ ਕੇ ਉਨਾਂ ਖਿਲਾਫ ਕੋਈ ਕਾਰਵਾਈ ਨਹੀਂ ਕਰਨ ਦੇ ਰਹੇ। ਸਰਕਾਰ ਦੇ ਕਹਿਣ ਕਾਰਨ ਪੁਲਿਸ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਹਾਲ ਉੱਤੇ ਛੱਡ ਦਿੱਤਾ ਹੈ।
ਕਿਸਾਨਾਂ ਦੀ ਸੁਰੱਖਿਆ ਬੇਹਦ ਜ਼ਰੂਰੀ
- ਰਾਘਵ ਚੱਢਾ ਨੇ ਪੱਤਰ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਇਹ ਮੰਗ ਕਰਦੀ ਹੈ ਕਿ ਕਿਸਾਨਾਂ ਨੇ ਸ਼ਾਂਤਮਈ ਪ੍ਰਦਰਸ਼ਨ ਕਰਨ ਵਾਲੀਆਂ ਥਾਂਵਾਂ ਦੇ ਚਾਰੇ ਪਾਸੇ ਪੰਜਾਬ ਪੁਲਿਸ ਦੀ ਤਾਇਨਾਤੀ ਕਰ ਦਿੱਤੀ ਜਾਣੀ ਚਾਹੀਦੀ ਹੈ। ਪੰਜਾਬ ਪੁਲਿਸ ਦੁਆਰਾ ਇਸ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਉਹ ਆਪਣੀ ਆਵਾਜ਼ ਬੇਖੌਫ਼ ਬੁਲੰਦ ਕਰਦੇ ਰਹਿ ਸਕਣ। ਬੀਜੇਪੀ ਦੇ ਹਮਲਿਆਂ ਦੀਆਂ ਪਿਛਲੇ ਕੁੱਝ ਦਿਨ ਦੀਆਂ ਘਟਨਾਵਾਂ ਤੋਂ ਬਾਅਦ ਕਿਸਾਨਾਂ ਨੂੰ ਇਹ ਸੁਰੱਖਿਆ ਬੇਹਦ ਜ਼ਰੂਰੀ ਬਣ ਜਾਂਦੀ ਹੈ।
- ਚੱਢਾ ਨੇ ਕਿਹਾ ਕਿ ਜੇਕਰ ਪੰਜਾਬ ਪੁਲਿਸ ਸੂਬਾਈ ਆਗੂ ਜਾਂ ਅਧਿਕਾਰੀ ਨਾਲ ਦਿੱਲੀ ਆ ਸਕਦੀ ਹੈ ਤਾਂ ਫਿਰ ਅੰਦੋਲਨਕਾਰੀ ਕਿਸਾਨਾਂ ਦੀ ਸੁਰੱਖਿਆ ਲਈ ਉਨ੍ਹਾਂ ਨੂੰ ਕਿਉਂ ਤਾਇਨਾਤ ਨਹੀਂ ਕੀਤਾ ਜਾ ਸਕਦਾ।
- ਉਨ੍ਹਾਂ ਨੇ ਦਾਅਵਾ ਕੀਤਾ ਕਿ ਭਾਜਪਾ ਆਪਣੇ ਸਹਿਯੋਗੀ ਪਾਰਟੀਆਂ ਦੀ ਮਦਦ ਨਾਲ ਕਿਸਾਨੀ ਲਹਿਰ ਨੂੰ ਦਬਾਉਣਾ ਚਾਹੁੰਦੀ ਹੈ। ਪ੍ਰਦਰਸ਼ਨ ਵਾਲੀ ਥਾਂ 'ਤੇ ਕਿਸਾਨਾਂ' ਤੇ ਹਮਲੇ ਕੀਤੇ ਰਹੇ ਹਨ।
- ‘ਆਪ’ ਨੇਤਾ ਨੇ ਇਸ ਮਾਮਲੇ ਵਿੱਚ ਦਿੱਲੀ ਪੁਲਿਸ ਦੀ ਭੂਮਿਕਾ ‘ਤੇ ਵੀ ਸਵਾਲ ਚੁੱਕੇ ਹਨ। ਚੱਢਾ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਅਸੀਂ ਦਿੱਲੀ ਪੁਲਿਸ ਤੋਂ ਕਿਸਾਨਾਂ ਦੀ ਸੁਰੱਖਿਆ ਦੀ ਉਮੀਦ ਨਹੀਂ ਕਰ ਸਕਦੇ। ਅਸੀਂ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕਰਦੇ ਹਾਂ ਕਿ ਸਾਰੀਆਂ ਸਰਹੱਦਾਂ 'ਤੇ ਕਿਸਾਨਾਂ ਦੀ ਪੁਲਿਸ ਸੁਰੱਖਿਆ ਕੀਤੀ ਜਾਵੇ।