ਨਵੀਂ ਦਿੱਲੀ: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਨੇ 6 ਫਰਵਰੀ ਨੂੰ ‘ਚੱਕਾ ਜਾਮ’ ਕੀਤੇ ਜਾਣ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦਿਆ ਆਪਣੇ ਅੰਦੋਲਨ ਵਾਲੀ ਥਾਂ ਨੇੜੇ ਇੰਟਰਨੈਟ ਪਾਬੰਦੀ, ਅਧਿਕਾਰੀਆਂ ਵੱਲੋਂ ਕਥਿਤ ਤੌਰ 'ਤੇ ਪ੍ਰੇਸ਼ਾਨ ਕਰਨ ਅਤੇ ਹੋਰ ਮੁੱਦਿਆ ਵਿਰੁੱਧ ਤਿੰਨ ਘੰਟੇ ਕੌਮੀ ਅਤੇ ਰਾਜ ਮਾਰਗਾਂ 'ਤੇ ਜਾਮ ਲਗਾ ਕੇ ਆਪਣਾ ਵਿਰੋਧ ਦਰਜ ਕਰਵਾਉਣਗੇ।
ਕਿਸਾਨ ਜੱਥੇਬੰਦੀਆਂ ਦੇ ਨੇਤਾਵਾਂ ਨੇ ਸੋਮਵਾਰ ਨੂੰ ਦਿੱਲੀ ਵਿੱਚ ਸਿੰਘੂ ਸਰਹੱਦ ‘ਤੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਉਹ 6 ਫਰਵਰੀ ਨੂੰ ਦੁਪਹਿਰ 12 ਤੋਂ ਸ਼ਾਮ 3 ਵਜੇ ਤੱਕ ਸੜਕਾਂ ਜਾਮ ਕਰਨਗੇ।
ਉਨ੍ਹਾਂ ਦੋਸ਼ ਲਾਇਆ ਕਿ ਕੇਂਦਰੀ ਬਜਟ 2021-22 ਵਿੱਚ ਕਿਸਾਨਾਂ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਹੈ, ਅਤੇ ਉਨ੍ਹਾਂ ਦੇ ਵਿਰੋਧ ਸਥਾਨਾਂ ’ਤੇ ਪਾਣੀ ਅਤੇ ਬਿਜਲੀ ਦੀ ਸਪਲਾਈ ਬੰਦ ਕਰ ਦਿੱਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਨੇ ਇਹ ਵੀ ਦੋਸ਼ ਲਾਇਆ ਕਿ ਕਿਸਾਨ ਏਕਤਾ ਮੋਰਚਾ ਦੇ ਟਵਿੱਟਰ ਅਕਾਉਂਟ ਅਤੇ ‘ਟਰੈਕਟਰ 2 ਟਵਿੱਟਰ’ ਨਾਮ ਦੇ ਉਪਭੋਗਤਾ ‘ਤੇ ਪਾਬੰਦੀ ਲਗਾਈ ਗਈ ਹੈ।
ਸਵਰਾਜ ਇੰਡੀਆ ਨੇਤਾ ਯੋਗੇਂਦਰ ਯਾਦਵ ਨੇ ਦੋਸ਼ ਲਾਇਆ ਕਿ ਟਵਿੱਟਰ ਅਕਾਉਂਟ ਖ਼ਿਲਾਫ਼ ਸਰਕਾਰੀ ਅਧਿਕਾਰੀਆਂ ਦੀ ਬੇਨਤੀ ’ਤੇ ਕਾਰਵਾਈ ਕੀਤੀ ਗਈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਇਸ ਬਜਟ ਵਿੱਚ ਖੇਤੀਬਾੜੀ ਸੈਕਟਰ ਦੀ ਵੰਡ ਵਿੱਚ ਕਮੀ ਆਈ ਹੈ।