ਨਵੀਂ ਦਿੱਲੀ: ਰਾਜ ਸਭਾ ਵਿੱਚ ਬੋਲਦਿਆਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਦੇਸ਼ ਦੀ ਲੋਕਤੰਤਰ ਅਤੇ ਨਾਗਰਿਕਤਾ ਦੋਵੇਂ ਹੀ ਦੇਸ਼ ਦੀ ਤਾਕਤ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਪਿੰਡ, ਗਰੀਬਾਂ ਅਤੇ ਕਿਸਾਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਉਣ ਵਾਲੇ ਕੱਲ੍ਹ 'ਚ ਵੀ ਰਹੇਗੀ।
ਤੋਮਰ ਨੇ ਕਿਹਾ ਕਿ ਕਿਸਾਨ ਨੂੰ ਸਨਮਾਨਿਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਸਰਕਾਰ ਨੇ ਪੂਰੀ ਸੰਵੇਦਨਸ਼ੀਲਤਾ ਦਿਖਾਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨਾਲ ਕਈ ਦੌਰ ਦੇ ਗੱਲਬਾਤ ਤੋਂ ਬਾਅਦ ਵੀ ਕਿਸਾਨ ਆਗੂ ਇਹ ਨਹੀਂ ਦੱਸ ਸਕੇ ਕਿ ਕਾਨੂੰਨਾਂ ਵਿੱਚ ਕੀ ਕਮੀਆਂ ਹਨ।
ਖੇਤੀਬਾੜੀ ਮੰਤਰੀ ਨੇ ਕਿਸਾਨ ਅੰਦੋਲਨ ਦੇ ਪ੍ਰਸੰਗ ਵਿੱਚ, ਕਾਂਗਰਸ 'ਤੇ ਨਿਸ਼ਾਨਾਂ ਸਾਧਦੇ ਹੋਏ ਬਿਨ੍ਹਾਂ ਨਾਮ ਲਏ ਪੰਜਾਬ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਿਰਫ਼ ਇੱਕ ਰਾਜ ਵਿੱਚ ਖੇਤੀ ਕਾਨੂੰਨਾਂ ਦਾ ਵਿਰੋਧ ਹੋ ਰਿਹਾ ਹੈ। ਕਿਸਾਨਾਂ ਦੀਆਂ ਜ਼ਮੀਨਾਂ ਖੋਹ ਲਈਆਂ ਜਾਣਗੀਆਂ, ਅਜਿਹੇ ਦਾਅਵਿਆਂ ਨਾਲ ਕਿਸਾਨਾਂ ਨੂੰ ਭੜਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਸ਼ਕਲ ਸਮੇਂ 'ਚ ਪ੍ਰਧਾਨ ਮੰਤਰੀ ਨੇ ਗੰਭੀਰ ਫੈਸਲੇ ਲਏ।
ਉਨ੍ਹਾਂ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਗਿਣਦਿਆਂ ਕਿਹਾ ਕਿ ਕਿਸਾਨ ਉਦਾਨ ਯੋਜਨਾ ਤਹਿਤ ਦੇ ਅੱਜ ਤ੍ਰਿਪੁਰਾ ਦਾ ਅਨਾਨਾਸ ਵਿਦੇਸ਼ਾਂ ਵਿੱਚ ਬਰਾਮਦ ਕੀਤਾ ਜਾ ਰਿਹਾ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੇ ਵਿਕਾਸ ਦੇ ਲਈ ਕੇਂਦਰ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਤੋਮਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਵਿੱਚ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।