ਫ਼ਤਿਹਾਬਾਦ: ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਆਪਣੇ-ਆਪਣੇ ਉਮੀਦਵਾਰ ਚੋਣ ਮੈਦਾਨ ‘ਚ ਉਤਾਰੇ ਜਾ ਰਹੇ ਹਨ। ਭਾਜਪਾ ਨਾਲ ਗੱਠਜੋੜ ਟੁੱਟਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਵੀ ਚੋਣਾਂ ਨੂੰ ਲੈ ਕੇ ਤਿਆਰੀ ਖਿੱਚ ਲਈ ਹੈ ਅਤੇ ਇਕੱਲਿਆਂ ਚੋਣ ਲੜਨ ਦਾ ਫ਼ੈਸਲਾ ਕੀਤਾ ਹੈ। ਇਸ ਨੂੰ ਲੈ ਕੇ ਹਰਿਆਣਾ ‘ਚ ਅਕਾਲੀ ਦਲ ਦੀਆਂ ਬੈਠਕਾਂ ਦਾ ਦੌਰ ਚੱਲ ਰਿਹਾ ਹੈ।
ਬੀਤੇ ਦਿਨ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਹਰਿਆਣਾ ਦੇ ਫਤਿਹਾਬਾਦ ਦੌਰੇ ‘ਤੇ ਸਨ, ਜਿੱਥੇ ਉਹਨਾਂ ਨੇ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ। ਮਲੂਕਾ ਨੇ ਕਿਹਾ ਕਿ ਭਾਜਪਾ ਵੱਲੋਂ ਸੀਟਾਂ ਦੀ ਵੰਡ ਨੂੰ ਲੈ ਕੇ ਦੇਰ ਕੀਤੀ ਜਾ ਰਹੀ ਸੀ ਜਿਸ ਤੋਂ ਬਾਅਦ ਅਕਾਲੀ ਦਲ ਨੇ ਭਾਜਪਾ ਤੋਂ ਵੱਖ ਚੋਣ ਲੜਨ ਦਾ ਫ਼ੈਸਲਾ ਕੀਤਾ।
ਮਲੂਕਾ ਨੇ ਕਿਹਾ ਕਿ ਅਕਾਲੀ ਦਲ ਹਮਖਿਆਲੀ ਅਤੇ ਛੋਟੀਆਂ ਪਾਰਟੀਆਂ ਨਾਲ ਗਠਜੋੜ ਕਰਕੇ ਹਰਿਆਣਾ ‘ਚ ਚੋਣ ਲੜੇਗਾ ਅਤੇ ਉਹ ਗਠਜੋੜ ਲਈ ਹਰਿਆਣਾ ਵਿਚ ਤਿੰਨ ਰਾਜਨੀਤਿਕ ਪਾਰਟੀਆਂ ਨਾਲ ਗੱਲਬਾਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਗਲੇ 2 ਦਿਨਾਂ ‘ਚ ਸੀਟਾਂ ਦੀ ਵੰਡ ਅਤੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਵੋਟਾਂ ਪੈਣੀਆਂ ਹਨ ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ।