ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼ ਦੇਸ਼ ਭਰ ਵਿੱਚ ਚੱਲ ਰਹੇ ਪ੍ਰਦਰਸ਼ਨਾਂ ਦੇ ਵਿਚਕਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਦਿੱਲੀ ਵਿੱਚ ਇੱਕ ਸਮਾਗਮ ਦੌਰਾਨ ਸ਼ਾਹ ਨੇ ਕਿਹਾ ਕਿ ਇਸ ਕਾਨੂੰਨ ਨੂੰ ਦੇਸ਼ ਭਰ ਵਿੱਚ ਲਾਗੂ ਕੀਤਾ ਜਾਵੇਗਾ ਅਤੇ ਮੋਦੀ ਸਰਕਾਰ ਇਸ ਯਕੀਵੀ ਬਣਾਵੇਗੀ ਕਿ ਇਸ ਕਾਨੂੰਨ ਅਧੀਨ ਹਰ ਯੋਗ ਸ਼ਰਨਾਰਥੀ ਭਾਰਤ ਦਾ ਨਾਗਰਿਕ ਬਣ ਸਨਮਾਨ ਨਾਲ ਜੀਵਨ ਬਤੀਤ ਕਰੇ।
ਨਵੀਂ ਵਾਪਸ ਲਿਆ ਜਾਵੇਗਾ ਕਾਨੂੰਨ
ਸ਼ਾਹ ਨੇ ਇਸ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਚਾਹੇ ਜਿੰਨਾ ਮਰਜ਼ੀ ਵਿਰੋਧ ਕਰ ਲੈਣ, ਇਹ ਕਾਨੂੰਨ ਵਾਪਸ ਨਹੀਂ ਲਿਆ ਜਾਵੇਗਾ। ਅਮਿਤ ਸ਼ਾਹ ਨੇ ਕਿਹਾ ਕਿ ਵਿਰੋਧੀ ਧਿਰ ਇਸ ਮੁੱਦੇ 'ਤੇ ਸਾਰੇ ਦੇਸ਼ ਨੂੰ ਗੁਮਰਾਹ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਅਧੀਨ ਕਿਸੇ ਵੀ ਮਾਇਨਾਰਿਟੀ ਵਿੱਚ ਆਉਂਦੇ ਵਿਅਕਤੀ ਦੀ ਨਾਗਰਿਕਤਾ ਨਹੀਂ ਖੋਹੀ ਜਾਵੇਗੀ। ਗ੍ਰਹਿ ਮੰਤਰੀ ਨੇ ਕਿਹਾ ਕਿ ਕਾਂਗਰਸ, ਆਮ ਆਦਮੀ ਪਾਰਟੀ ਤੇ ਟੀਐਮਸੀ ਵੱਲੋਂ ਲੋਕਾਂ ਨੂੰ ਗੁਮਰਾਹ ਕਰ ਕੇ ਦੇਸ਼ ਦੇ ਵਿੱਚ ਹਿੰਸਾ ਦਾ ਵਾਤਾਵਰਣ ਪੈਦਾ ਕੀਤਾ ਜਾ ਰਿਹਾ ਹੈ।
ਰਾਸ਼ਟਰਪਤੀ ਨੂੰ ਮਿਲਿਆ ਵਿਰੋਧੀ ਧਿਰ ਦਾ ਵਫ਼ਦ
ਦੇਸ਼ ਵਿੱਚ ਵਿਗੜ ਰਹੇ ਹਾਲਾਤਾਂ ਨੂੰ ਲੈ ਕੇ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਵਿੱਚ ਵਿਰੋਧੀ ਲੀਡਰਾਂ ਦਾ ਡੈਲੀਗੇਟ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲਿਆ ਅਤੇ ਰਾਸ਼ਟਰਪਤੀ ਨੂੰ ਇੱਕ ਪੱਤਰ ਸੌਂਪਿਆ। ਸੋਨੀਆ ਗਾਂਧੀ ਨੇ ਕਿਹਾ ਕਿ ਉੱਤਰ-ਪੂਰਬ ਵਿੱਚ ਜੋ ਹਾਲਾਤ ਹਨ, ਸਾਰੇ ਦੇਸ਼ ਵਿੱਚ ਹੁਣ ਅਜਿਹੇ ਹਾਲਾਤ ਪੈਦਾ ਹੋ ਰਹੇ ਹਨ। ਸੋਨੀਆ ਨੇ ਕਿਹਾ ਕਿ ਦਿੱਲੀ ਪੁਲਿਸ ਨੇ ਜਬਰੀ ਜਾਮੀਆ ਵਿੱਚ ਦਾਖ਼ਲ ਹੋ ਕੇ ਵਿਦਿਆਰਥਣਾਂ ਨਾਲ ਖਿੱਚ-ਧੂਹ ਕੀਤੀ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਲੋਕਾਂ ਦੀ ਆਵਾਜ਼ ਬੰਦ ਕਰਨ ਵਿੱਚ ਮੋਦੀ ਸਰਕਾਰ ਦਾ ਕੋਈ ਮੁਕਾਬਲਾ ਨਹੀਂ।