ਲਖਨਊ: ਬਾਬਰੀ ਮਸਜਿਦ ਮਾਮਲੇ ਨੂੰ ਲੈ ਕੇ ਸੀਬੀਆਈ ਅਦਾਲਤ ਵਿੱਚ ਸ਼ੁੱਕਰਵਾਰ ਨੂੰ ਲਾਲ ਕ੍ਰਿਸ਼ਨ ਅਡਵਾਣੀ ਦੇ ਬਿਆਨ ਦਰਜ ਕਰਵਾਏ ਜਾਣਗੇ। ਸੀਆਰਪੀਸੀ ਦੀ ਧਾਰਾ 313 ਤਹਿਤ ਉਨ੍ਹਾਂ ਨੇ ਬਿਆਨ ਵੀਡੀਓ ਕਾਨਫ਼ਰੰਸਿੰਗ ਰਾਹੀਂ ਦਰਜ ਕਰਵਾਏ ਜਾਣਗੇ। ਇਸ ਤੋਂ ਪਹਿਲਾਂ ਬੀਤੇ ਦਿਨ ਮੁਰਲੀ ਮਨੋਹਰ ਜੋਸ਼ੀ ਦੇ ਬਿਆਨ ਦਰਜ ਕਰਵਾਏ ਗਏ ਸੀ।
ਮੁਲਜ਼ਮਾਂ ਦੀਆਂ ਸੁਝਾਈਆਂ ਤਰੀਕਾਂ ਦੀ ਸੂਚੀ ਐਨਆਈਸੀ ਨੂੰ ਭੇਜ ਦਿੱਤੀ ਗਈ ਹੈ ਅਤੇ ਸੁਣਵਾਈ ਦੇ ਸਮੇਂ ਬਿਹਤਰ ਸੰਪਰਕ ਲਈ ਨਿਰਦੇਸ਼ ਦਿੱਤੇ ਗਏ ਹਨ। ਸਾਰੇ 32 ਮੁਲਜ਼ਮਾਂ ਦੇ ਬਿਆਨ ਦਰਜ ਹੋਣ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਵਿਆਖਿਆ ਅਤੇ ਸਬੂਤ ਪੇਸ਼ ਕਰਨ ਦਾ ਮੌਕਾ ਦਿੱਤਾ ਜਾਵੇਗਾ।
ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਇਸ ਮਾਮਲੇ ਨੂੰ 31 ਅਗਸਤ ਤੱਕ ਸੁਲਝਾਉਣਾ ਹੈ। ਲੰਘੀ 8 ਮਈ ਨੂੰ ਸੁਪਰੀਮ ਕੋਰਟ ਨੇ ਇਹ ਹੁਕਮ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੂੰ ਦਿੱਤੇ ਸਨ।
ਦੱਸ ਦਈਏ ਕਿ 6 ਦਸੰਬਰ, 1992 ਨੂੰ, ਅਯੁੱਧਿਆ ਵਿਚ ਬਾਬਰੀ ਮਸਜਿਦ ਦਾ ਢਾਂਚਾ ਭੜਕੀ ਭੀੜ ਨੇ ਢਾਹ ਦਿੱਤਾ ਸੀ। ਮਾਮਲੇ ਦੀ ਰਿਪੋਰਟ 6 ਦਸੰਬਰ 1992 ਨੂੰ ਥਾਣਾ ਰਾਮ ਜਨਮ ਭੂਮੀ ਵਿਖੇ ਦਰਜ ਕੀਤੀ ਗਈ ਸੀ। ਸੀਬੀਆਈ ਨੇ ਮਾਮਲੇ ਦੀ ਜਾਂਚ ਕੀਤੀ।
ਸੀਬੀਆਈ ਨੇ ਇਸ ਮਾਮਲੇ ਵਿੱਚ 49 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਸੀ। ਇਨ੍ਹਾਂ ਵਿੱਚੋਂ 17 ਲੋਕਾਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ। 32 ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਚੱਲ ਰਿਹਾ ਹੈ, ਜਿਨ੍ਹਾਂ ਵਿੱਚ ਭਾਜਪਾ ਨੇਤਾ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ, ਕਲਿਆਣ ਸਿੰਘ, ਉਮਾ ਭਾਰਤੀ, ਸਾਧਵੀ ਰਿਤਮਭੜਾ, ਵਿਨੇ ਕਟਿਆਰ, ਰਾਮ ਵਿਲਾਸ ਵੇਦਾਂਤੀ, ਚੰਪਤ ਰਾਮ ਬਾਂਸਲ ਅਤੇ ਮਹੰਤ ਨ੍ਰਿਤਿਆ ਗੋਪਾਲ ਦਾਸ ਸ਼ਾਮਲ ਹਨ।