ਨਵੀਂ ਦਿੱਲੀ: ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਅੱਜ ਕਿਸਾਨਾਂ ਦੇ ਦਿੱਲੀ 'ਚ ਵਿਰੋਧ ਦਾ 13 ਵਾਂ ਦਿਨ ਹੈ। ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ਨੂੰ ਕਾਫ਼ੀ ਵਿਰੋਧੀ ਸਿਆਸੀ ਪਾਰਟੀਆਂ ਤੋਂ ਸਮਰਥਨ ਮਿਲਿਆ ਹੈ।
ਦਿੱਲੀ ਪੁਲਿਸ ਦੇ ਪੁਖ਼ਤਾ ਪ੍ਰਬੰਧ
ਭਾਰਤ ਬੰਦ ਨੂੰ ਲੈ ਕੇ ਦਿੱਲੀ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਡ੍ਰੋਨ ਰਾਹੀਂ ਗਤੀਵਿਧਿਆਂ 'ਤੇ ਨਜ਼ਰ ਰੱਖੀ ਜਾਵੇਗੀ। ਦਿੱਲੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਕੋਈ ਸ਼ਰਾਰਤੀ ਅਨਸਰ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਨਾ ਕਰੇ। ਉੁਨ੍ਹਾਂ ਕਿਹਾ ਇਸ ਗੱਲ ਦਾ ਵੀ ਧਿਆਨ ਰੱਖਿਆ ਜਾਵੇਗਾ ਕਿ ਇਸ ਦਾ ਲੋਕਾਂ ਦੀ ਜ਼ਿੰਦਗੀ 'ਤੇ ਅਸਰ ਨਾ ਪਵੇ। ਇਸ ਦੇ ਨਾਲ ਹੀ ਜ਼ਬਰਨ ਜੇ ਦੁਕਾਨਾਂ ਬੰਦ ਕਰਵਾੳੇਣ ਦੀਆਂ ਕੋਸ਼ਿਸ਼ਾਂ ਕੀਤੀ ਗਈਆਂ ਤਾਂ ਕਾਨੂੰਨੀ ਕਾਰਵਾਈ ਹੋਵੇਗੀ।
ਵਿਰੋਧੀ ਪਾਰਟੀਆਂ ਕਰ ਰਹੀਆਂ ਬੰਦ ਦਾ ਸਮਰਥਨ
ਆਪ ਪਾਰਟੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਬੀਤੇ ਦਿਨ ਸਿੰਘੂ ਬਾਰਡਰ ਪਹੁੰਚੇ ਤੇ ਉਨ੍ਹਾਂ ਨੇ ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕੀਤਾ। ਇਸ ਦੇ ਨਾਲ ਹੀ ਪੱਛਮ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੇ ਹੋਰ ਵਿਰੋਧੀ ਪਾਰਟੀਆਂ ਨੇ ਬੰਦ ਦੀ ਹਿਮਾਇਤ ਕੀਤੀ।
ਭਲਕੇ ਹੋਵੇਗੀ ਕੇਂਦਰ ਨਾਲ ਮੀਟਿੰਗ
9 ਦਸੰਬਰ ਨੂੰ ਕੇਂਦਰ ਤੇ ਕਿਸਾਨਾਂ ਵਿਚਾਲੇ 6ਵੇਂ ਗੇੜ ਦੀ ਮੀਟਿੰਗ ਹੋਵੇਗੀ। 5 ਦੌਰ ਦੀ ਮੀਟਿੰਗਾਂ ਬੇਸਿੱਟਾ ਰਹਿਣ ਤੋਂ ਬਾਅਦ ਰੋਸ 'ਚ ਕਿਸਾਨਾਂ ਨੇ ਭਾਰਤ ਬੰਦ ਦਾ ਸੱਦਾ ਦਿੱਤਾ। ਕੇਂਦਰ ਸਰਕਾਰ ਦੇ ਅੜੀਅਲ ਸੁਭਾਅ ਨੂੰ ਦੇਖਦੇ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਮਜਬੂਰਨ ਸੰਘਰਸ਼ ਤਿੱਖਾ ਕਰਨਾ ਪੈ ਰਿਹਾ।