ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸ਼ੁੱਕਰਵਾਰ ਨੂੰ ਵੀ ਥਾਂ-ਥਾਂ ਪ੍ਰਦਰਸ਼ਨ ਹੋ ਰਹੇ ਹਨ। ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਆਜ਼ਾਦ ਦੀ ਅਗਵਾਈ ਵਿੱਚ ਜਾਮਾ ਮਸਜਿਦ ਵਿੱਚ ਰੋਸ ਮਾਰਚ ਕੱਢਿਆ। ਇਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ। ਹਾਲਾਂਕਿ ਪੁਲਿਸ ਨੇ ਇਸ ਮਾਰਚ ਲਈ ਮਨਜ਼ੂਰੀ ਨਹੀਂ ਦਿੱਤੀ ਸੀ।
ਵਿਰੋਧ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਨੇ ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਨੂੰ ਹਿਰਾਸਤ ’ਚ ਲੈ ਲਿਆ। ਜਿਸ ਮਗਰੋਂ ਭੀਮ ਆਰਮੀ ਮੁਖੀ ਆਪਣੇ ਸਮਰਥਕਾਂ ਦੀ ਮਦਦ ਨਾਲ ਪੁਲਿਸ ਦੀ ਹਿਰਾਸਤ ਤੋਂ ਗਾਇਬ ਹੋ ਗਿਆ।
ਇਸ ਰੋਸ ਮੁਜ਼ਾਹਰੇ ਦੀ ਨਿਗਰਾਨੀ ਡ੍ਰੋਨ ਕੈਮਰੇ ਨਾਲ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਲੋਕ ਪੂਰੀ ਤਰ੍ਹਾਂ ਸੜਕਾਂ ’ਤੇ ਬੈਠ ਗਏ ਹਨ। ਇਨ੍ਹਾਂ ਇਲਾਕਿਆਂ ’ਚ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ। ਭਾਵੇਂ ਪ੍ਰਸ਼ਾਸਨ ਪਹਿਲਾਂ ਤੋਂ ਹੀ ਚੌਕਸ ਸੀ। ਜਾਮਾ ਮਸਜਿਦ ਦੇ ਗੇਟ ਨੰਬਰ 2 ਉੱਤੇ ਪੁਲਿਸ ਨੇ ਸਾਵਧਾਨੀ ਵਜੋਂ ਪਹਿਲਾਂ ਤੋਂ ਹੀ ਚੌਕਸੀ ਰੱਖੀ ਹੋਈ ਹੈ। ਜਾਮਾ ਮਸਜਿਦ, ਲਾਲ ਕਿਲਾ, ਚਾਵੜੀ ਬਾਜ਼ਾਰ ਮੈਟਰੋ ਸਟੇਸ਼ਨਾਂ ਨੂੰ ਬੰਦ ਰੱਖਿਆ ਗਿਆ।