ਰੋਹਤਕ: ਹਰਿਆਣਾ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਕਾਫ਼ੀ ਗਰਮਾਇਆ ਹੋਇਆ ਹੈ। ਦੋ ਵਾਰ ਹਰਿਆਣਾ ਦੇ ਮੁੱਖ ਮੰਤਰੀ ਰਹੇ ਕਾਂਗਰਸ ਦੇ ਦਿੱਗਜ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਈਟੀਵੀ ਭਾਰਤ ਨਾਲ ਚੋਣਾਂ ਨੂੰ ਲੈ ਕੇ ਗੱਲਬਾਤ ਕੀਤੀ। ਭੁਪਿੰਦਰ ਹੁੱਡਾ ਨੇ ਕਿਹਾ ਕਿ ਲੋਕਾਂ ਦੇ ਸਮਰਥਨ ਦੇ ਨਾਲ ਕਾਂਗਰਸ ਇਸ ਵਾਰ ਹਰਿਆਣਾ ਵਿੱਚ ਆਪਣੀ ਸਰਕਾਰ ਬਣਾਉਣ ਜਾ ਰਹੀ ਹੈ।
ਪੱਤਰਕਾਰ ਵੱਲੋਂ ਸੂਬੇ ਵਿੱਚ ਮੁੱਦਿਆਂ ਨੂੰ ਲੈ ਕੇ ਪੁਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਅਤੇ ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ 154 ਵਾਅਦੇ ਕੀਤੇ ਗਏ ਸਨ ਪਰ ਉਨ੍ਹਾਂ ਵੱਲੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਜਿਸ ਕਾਰਨ ਲੋਕ ਕਾਫ਼ੀ ਹਤਾਸ਼ ਹਨ। ਭੁਪਿੰਦਰ ਹੁੱਡਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ 2005 ਅਤੇ 2009 ਵਿੱਚ ਜੋ ਵਾਅਦੇ ਕੀਤੇ ਗਏ ਸਨ ਉਹ ਸਾਰੇ ਪੂਰੇ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਸਰਕਾਰ ਪੂਰੀ ਤਰ੍ਹਾਂ ਵਿਫਲ ਰਹੀ ਹੈ।
ਭੁਪਿੰਦਰ ਹੁੱਡਾ ਨੇ ਕਿਹਾ ਕਿ ਪ੍ਰਦੇਸ਼ ਵਿੱਚ ਬੇਰੁਜ਼ਗਾਰੀ ਦੇ ਨਾਲ ਅਪਰਾਧ ਵੀ ਵੱਧ ਗਿਆ ਹੈ। ਸੂਬੇ ਵਿੱਚ ਬੀਜੇਪੀ ਵੱਲੋਂ ਚੋਣਾਂ ਵਿੱਚ 75 ਸੀਟਾਂ ਦੇ ਟੀਚੇ ਨੂੰ ਲੈ ਕੇ ਭੁਪਿੰਦਰ ਹੁੱਡਾ ਨੇ ਕਿਹਾ ਕਿ ਇਹ ਹਰਿਆਣਾ ਦੇ ਲੋਕ ਤੈਅ ਕਰਨਗੇ ਕਿ ਉਹ ਕਿਸ ਪਾਰਟੀ ਨੂੰ ਵੋਟ ਪਾਉਣਗੇ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਇਸ ਵਾਰ ਹਰਿਆਣਾ ਚੋਣਾਂ ਵਿੱਚ ਪੂਰਾ ਬਹੁਮਤ ਹਾਸਲ ਕਰੇਗੀ। ਦੱਸਣਯੋਗ ਹੈ ਕਿ ਹਰਿਆਣਾ ਵਿੱਚ 90 ਵਿਧਾਨਸਭਾ ਸੀਟਾਂ ਲਈ 21 ਅਕਤੂਬਰ ਨੂੰ ਚੋਣਾਂ ਹੋਣ ਜਾ ਰਹੀਆਂ ਹਨ।
ਇਹ ਵੀ ਪੜੋ- 550ਵਾਂ ਪ੍ਰਕਾਸ ਪੁਰਬ: ਸਤਲੁਜ ਕੰਢੇ ਲਾਈਟ ਐਂਡ ਸਾਊਂਡ ਸ਼ੋਅ ਦਾ ਪ੍ਰਬੰਧ