ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਇੱਕ ਮਹੱਤਵਪੂਰਨ ਬੈਠਕ ਬੀਜੇਪੀ ਦਫ਼ਤਰ ਵਿੱਚ ਖ਼ਤਮ ਹੋ ਗਈ ਹੈ। ਪ੍ਰਧਾਨ ਮੰਤਰੀ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਸਮੇਤ ਕਈ ਮੰਤਰੀ ਇਸ ਬੈਠਕ ਵਿੱਚ ਸ਼ਾਮਿਲ ਹੋਏ।
ਇਸ ਦੇ ਨਾਲ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੀ ਇਸ ਮੀਟਿੰਗ ਵਿੱਚ ਸ਼ਾਮਿਲ ਰਹੇ।
ਉੱਥੇ ਹੀ ਆਮ ਆਦਮੀ ਪਾਰਟੀ ਨੇ 14 ਜਨਵਰੀ ਨੂੰ ਦਿੱਲੀ ਚੋਣਾਂ ਲਈ ਸਾਰੀਆਂ 70 ਸੀਟਾਂ 'ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੀ ਰਾਜਨੀਤਿਕ ਮਾਮਲੇ ਕਮੇਟੀ (ਪੀਏਸੀ) ਦੀ ਮੀਟਿੰਗ ਵਿੱਚ ਉਮੀਦਵਾਰਾਂ ਦੇ ਨਾਵਾਂ ਦਾ ਫ਼ੈਸਲਾ ਲਿਆ ਗਿਆ ਸੀ।
ਜ਼ਿਕਰਯੋਗ ਹੈ ਕਿ 2015 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 67 ਸੀਟਾਂ ਜਿੱਤੀਆਂ ਸਨ, ਜਦਕਿ ਭਾਜਪਾ ਨੇ 3 ਸੀਟਾਂ ਜਿੱਤੀਆਂ ਸਨ। ਦੂਜੇ ਪਾਸੇ ਕਾਂਗਰਸ ਨੇ ਇੱਕ ਵੀ ਸੀਟ ਹਾਸਿਲ ਨਹੀਂ ਕੀਤੀ ਸੀ। ਦੱਸ ਦਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਲਈ ਨੋਟੀਫਿਕੇਸ਼ਨ 14 ਜਨਵਰੀ ਨੂੰ ਜਾਰੀ ਕੀਤਾ ਗਿਆ ਸੀ, ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖਰੀ ਤਰੀਕ 21 ਜਨਵਰੀ ਹੈ, ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਜਨਵਰੀ ਨੂੰ ਹੋਵੇਗੀ, ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ ਤਰੀਕ 24 ਜਨਵਰੀ ਹੈ।