ਅਲੀਗੜ੍ਹ: ਉੱਤਰ ਪ੍ਰਦੇਸ਼ ਵਿੱਚ ਨਾਗਰਿਕਤਾ ਸੋਧ ਬਿੱਲ ਦੇ ਵਿਰੋਧ ਵਿੱਚ 15 ਦਸੰਬਰ ਨੂੰ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏਐਮਯੂ) ਵਿੱਚ ਹਿੰਸਾ ਵੇਖਣ ਨੂੰ ਮਿਲੀ ਸੀ। ਇਸੇ ਮਾਮਲੇ ਵਿੱਚ ਏਐਮਯੂ ਦੇ 10 ਹਜ਼ਾਰ ਵਿਦਿਆਰਥੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।
ਨਾਗਰਿਕਤਾ ਸੋਧ ਬਿੱਲ ਵਿਰੁੱਧ ਉੱਤਰ ਪ੍ਰਦੇਸ਼ ਦੇ ਕਈ ਸ਼ਹਿਰਾਂ ਵਿੱਚ ਹੋਏ ਹਿੰਸਕ ਪ੍ਰਦਰਸ਼ਨ ਵਿਰੁੱਧ ਯੂਪੀ ਪੁਲਿਸ ਕਾਰਵਾਈ ਕਰ ਰਹੀ ਹੈ। 15 ਦਸੰਬਰ ਨੂੰ ਏਐਮਯੂ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਪ੍ਰਦਰਸ਼ਨ ਕੀਤਾ ਜਿਸ ਸਮੇਂ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਏਐਮਯੂ ਗੇਟ ਵੀ ਤੋੜਿਆ ਗਿਆ ਸੀ।
ਇਸ ਵਿਰੋਧ ਪ੍ਰਦਰਸ਼ਨ ਵਿੱਚ ਸਰਕਾਰੀ ਜਾਇਦਾਦ ਦਾ ਭਾਰੀ ਨੁਕਸਾਨ ਹੋਇਆ ਸੀ। ਇਸ ਨੁਕਸਾਨ ਦੀ ਭਰਪਾਈ ਲਈ ਆਰਏਐਫ ਵੱਲੋਂ ਕੇਸ ਵੀ ਦਰਜ ਕੀਤਾ ਗਿਆ ਹੈ। ਉੱਥੇ ਹੀ ਵਿਦਿਆਰਥੀ ਯੂਨੀਅਨ ਦਾ ਕਹਿਣਾ ਹੈ ਕਿ ਪੁਲਿਸ ਨੇ ਤਸ਼ੱਦਦ ਕੀਤੀ ਹੈ।
ਅਣਪਛਾਤੇ ਮੁਲਜ਼ਮਾਂ 'ਤੇ ਸਰਕਾਰੀ ਕੰਮ ਵਿਚ ਰੁਕਾਵਟ ਪਾਉਣ, 144 ਦੀ ਉਲੰਘਣਾ ਕਰਨ ਦੇ ਦੋਸ਼ ਲਗਾਏ ਗਏ ਹਨ। ਦਰਅਸਲ, ਡੀਐਮ ਦੇ ਨਿਰਦੇਸ਼ਾਂ ਉੱਤੇ ਰੈਪਿਡ ਐਕਸ਼ਨ ਫੋਰਸ ਦੀਆਂ ਦੋ ਕੰਪਨੀਆਂ ਉਥੇ ਤਾਇਨਾਤ ਸਨ।
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਵਿਦਿਆਰਥੀਆਂ ਦੀ ਭੀੜ ਨੇ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ। ਬਹੁਤ ਕੋਸ਼ਿਸ਼ ਦੇ ਬਾਵਜੂਦ ਜਦੋਂ ਲੋਕ ਨਹੀਂ ਮੰਨੇ ਤਾਂ ਅੱਥਰੂ ਗੈਸ ਦੇ ਗੋਲੇ ਉਨ੍ਹਾਂ ਉੱਤੇ ਛੱਡੇ ਗਏ ਸਨ।