ਨਵੀਂ ਦਿੱਲੀ: ਨਾਗਰਿਕ ਸੋਧ ਕਾਨੂੰਨ ਦੇ ਖ਼ਿਲਾਫ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਇੱਕ ਪ੍ਰਸਤਾਵ ਪਾਸ ਕੀਤਾ ਗਿਆ ਹੈ। ਇਸ ਸਬੰਧ ਵਿੱਚ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣ ਤੋਂ ਪਹਿਲਾਂ ਸੋਮਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ 'ਚ ਮੁਲਾਕਾਤ ਕੀਤੀ।
ਪਾਰਟੀ ਸੁਤਰਾਂ ਮੁਤਾਬਕ ਮੁੱਖ ਮੰਤਰੀ ਨੇ ਸੀਏਏ ਨੂੰ ਲੈ ਕੇ ਸੋਨੀਆ ਗਾਂਧੀ ਨਾਲ ਵਿਚਾਰ ਸਾਂਝੇ ਕੀਤੇ ਅਤੇ ਆਪਣੀ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਉੱਥੇ ਹੀ ਪੰਜਾਬ ਵਿੱਚ ਬਾਗੀ ਹੋ ਰਹੇ ਬਾਜਵਾ ਦਾ ਮੁੱਦਾ ਸੋਨੀਆ ਗਾਂਧੀ ਕੋਲ ਚੁੱਕਿਆ ਗਿਆ। ਇਸ ਦੇ ਨਾਲ ਹੀ ਮੰਤਰੀ ਮੰਡਲ ਦੇ ਵਿਸਥਾਰ ਉੱਤੇ ਵੀ ਚਰਚਾ ਕੀਤੇ ਜਾਣ ਦੀ ਖ਼ਬਰ ਹੈ। ਪਿਛਲੇ ਦਿਨੀਂ ਸਾਬਕਾ ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਦੇ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕੈਪਟਨ ਅਮਰਿੰਦਰ ਖ਼ਿਲਾਫ਼ ਝੰਡਾ ਚੁੱਕਿਆ ਸੀ ਜਿਸ ਦੀ ਮੰਤਰੀ ਮੰਡਲ ਨੇ ਨਖੇਧੀ ਕੀਤੀ ਸੀ। ਮੀਟਿੰਗ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਆਸ਼ਾ ਕੁਮਾਰੀ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਨੇ ਦੋ-ਦਿਨਾਂ ਦੇ ਵਿਧਾਨ ਸਭਾ ਸੈਸ਼ਨ ਦੇ ਦੂਸਰੇ ਦਿਨ ਇਸ ਕਾਨੂੰਨ ਵਿਰੁੱਧ ਪ੍ਰਸਤਾਵ ਪੇਸ਼ ਕੀਤਾ ਸੀ। ਮਹਿੰਦਰਾ ਨੇ ਇਸ ਪ੍ਰਸਤਾਵ ਨੂੰ ਪੜ੍ਹਦੇ ਹੋਏ ਕਿਹਾ ਸੀ ਕਿ ਸੰਸਦ ਵੱਲੋਂ ਪਾਸ ਕੀਤੇ ਸੀਏਏ ਨਾਲ ਪੂਰੇ ਮੁਲਕ ਵਿੱਚ ਵਿਰੋਧ ਪ੍ਰਦਰਸ਼ਨ ਹੋਏ ਅਤੇ ਇਸ ਨਾਲ ਲੋਕਾਂ ਵਿੱਚ ਕਾਫ਼ੀ ਗੁੱਸਾ ਹੈ ਅਤੇ ਸਮਾਜਿਕ ਸ਼ਾਂਤੀ ਵੀ ਭੰਗ ਹੋਈ ਹੈ। ਇਸ ਕਾਨੂੰਨ ਵਿਰੁੱਧ ਪੰਜਾਬ ਵਿੱਚ ਵੀ ਵਿਰੋਧ-ਪ੍ਰਦਰਸ਼ਨ ਹੋਏ ਜੋ ਕਿ ਸ਼ਾਂਤੀ-ਪੂਰਵਕ ਸਨ ਅਤੇ ਇਸ ਨਾਲ ਸਮਾਜ ਦੇ ਸਾਰੇ ਤਬਕਿਆਂ ਦੇ ਲੋਕਾਂ ਨੇ ਹਿੱਸਾ ਲਿਆ ਸੀ ਜਾਣਕਾਰੀ ਮੁਤਾਬਕ ਇਸ ਤੋਂ ਪਹਿਲਾਂ ਕੇਰਲ ਸਰਕਾਰ ਵੀ ਇਸ ਕਾਨੂੰਨ ਵਿਰੁੱਧ ਪ੍ਰਸਤਾਵ ਲਿਆ ਚੁੱਕੀ ਹੈ। ਇਸ ਦੇ ਨਾਲ ਹੀ ਕੇਰਲ ਸਰਕਾਰ ਨੇ ਇਸ ਕਾਨੂੰਨ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।