ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭੱਖ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਮੇਤ ਪੰਜਾਬ ਕਾਂਗਰਸ ਦੇ ਕਈ ਵੱਡੇ ਲੀਡਰਾਂ ਨੇ ਦਿੱਲੀ ਵਿੱਚ ਰੈਲੀਆਂ ਕਰਨ ਦੀ ਤਿਆਰੀ ਕਰ ਲਈ ਹੈ।
ਸੋਮਵਾਰ ਨੂੰ ਕੈਪਟਨ ਅਮਰਿੰਦਰ ਸਿੰਘ, ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸਰੋਤ, ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ, ਮਨਪ੍ਰੀਤ ਸਿੰਘ ਬਾਦਲ ਦਿੱਲੀ ਪਹੁੰਚ ਗਏ ਹਨ, ਜੋ ਕਿ ਦਿੱਲੀ ਵਿੱਚ ਕਈ ਥਾਵਾਂ 'ਤੇ ਚੋਣ ਪ੍ਰਚਾਰ ਕਰਨਗੇ।
ਦਿੱਲੀ ਵਿੱਚ ਪਹੁੰਚੇ ਅੰਮ੍ਰਿਤਸਰ ਤੋਂ ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਚੋਣ ਅਖਾੜਾ ਭੱਖ ਚੁੱਕਿਆ ਹੈ ਅਤੇ ਆਮ ਆਦਮੀ ਪਾਰਟੀ ਦੀ ਲਹਿਰ ਕਿਤੇ ਵੀ ਨਜ਼ਰ ਨਹੀਂ ਆ ਰਹੀ। ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿੱਚ 15 ਸਾਲ ਸ਼ੀਲਾ ਦੀਕਸ਼ਿਤ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਕਈ ਕੰਮ ਕੀਤੇ ਹਨ।
ਉੱਥੇ ਹੀ ਨਵਜੋਤ ਸਿੰਘ ਸਿੱਧੂ 'ਤੇ ਬੋਲਦਿਆਂ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਪਾਰਟੀ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਉਨ੍ਹਾਂ ਦਾ ਨਾਮ ਸ਼ਾਮਿਲ ਕੀਤਾ ਗਿਆ ਹੈ। ਜੇਕਰ ਪਾਰਟੀ ਨੂੰ ਲੋੜ ਹੋਵੇਗੀ ਤਾਂ ਉਹ ਨਵਜੋਤ ਸਿੰਘ ਸਿੱਧੂ ਨੂੰ ਜ਼ਰੂਰ ਬੁਲਾਉਣਗੇ। ਇਹ ਨਵਜੋਤ ਸਿੰਘ ਸਿੱਧੂ ਦਾ ਆਪਣਾ ਫੈਸਲਾ ਹੈ।
ਦੱਸ ਦਈਏ ਕਿ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ 8 ਫਰਵਰੀ ਨੂੰ ਹੋਣੀਆਂ ਹਨ ਅਤੇ 11 ਫਰਵਰੀ ਨੂੰ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ।