ਨਵੀਂ ਦਿੱਲੀ: ਆਈਐਨਐਕਸ ਮੀਡੀਆ ਕੇਸ ਵਿੱਚ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਦੇ ਘਰ ਮੰਗਲਵਾਰ ਨੂੰ ਸੀਬੀਆਈ ਪਹੁੰਚੀ ਪਰ ਉਨ੍ਹਾਂ ਨੂੰ ਇੱਥੋਂ ਖਾਲੀ ਹੱਥ ਵਾਪਸ ਜਾਣਾ ਪਿਆ।
ਸੁਤਰਾਂ ਮੁਤਾਬਕ ਜਾਣਕਾਰੀ ਮਿਲੀ ਹੈ ਕਿ ਸੀਬੀਆਈ ਚਿਦੰਬਰਮ ਨੂੰ ਗ੍ਰਿਫ਼ਤਾਰ ਕਰਨ ਦੇ ਲਈ ਉਨ੍ਹਾਂ ਦੇ ਘਰ ਆਈ ਸੀ ਪਰ ਚਿਦੰਬਰਮ ਘਰ ਵਿੱਚ ਮੌਜੂਦ ਨਹੀਂ ਸਨ। ਸੀਬੀਆਈ ਦੇ ਜਾਣ ਮਗਰੋ ਈਡੀ ਦੀ ਟੀਮ ਵੀ ਉਨ੍ਹਾਂ ਦੇ ਘਰ ਪਹੁੰਚੀ। ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਹੋਣ ਤੋਂ ਬਾਅਦ ਚਿਦੰਬਰਮ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਪਰ, ਉਨ੍ਹਾਂ ਨੂੰ ਉੱਚ ਅਦਾਲਤ ਦੇ ਦਖ਼ਲ ਲਈ ਬੁੱਧਵਾਰ ਤੱਕ ਇੰਤਜ਼ਾਰ ਕਰਨਾ ਪਵੇਗਾ।
ਪੀ. ਚਿਦੰਬਰਮ ਲਈ ਪੈਰਵੀ ਕਰ ਰਹੇ ਸੀਨੀਅਰ ਕਾਂਗਰਸੀ ਨੇਤਾ ਅਤੇ ਵਕੀਲ ਕਪਿਲ ਸਿੱਬਲ ਨੇ ਪੱਤਰਕਾਰਾਂ ਨੂੰ ਕਿਹਾ ਕਿ ਸਾਨੂੰ ਕੱਲ੍ਹ ਇਸ ਮਾਮਲੇ ਵਿੱਚ ਸਭ ਤੋਂ ਸੀਨੀਅਰ ਜੱਜ ਕੋਲ ਪਹੁੰਚ ਕਰਨ ਦੀ ਸਲਾਹ ਦਿੱਤੀ ਗਈ ਹੈ। ਦਿੱਲੀ ਹਾਈ ਕੋਰਟ ਵੱਲੋਂ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰਨ ਤੋਂ ਬਾਅਦ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਸੁਪਰੀਮ ਕੋਰਟ ਦੇ ਰਜਿਸਟਰਾਰ ਨੂੰ ਇਸ ਮਾਮਲੇ ਦੀ ਸੁਣਵਾਈ ਛੇਤੀ ਤੋਂ ਛੇਤੀ ਸੁਣਵਾਈ ਕਰਨ ਦੀ ਬੇਨਤੀ ਕੀਤੀ ਸੀ।
ਦੱਸਣਯੋਗ ਹੈ ਕਿ ਆਈਐਨਐਕਸ ਮੀਡੀਆ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਕੇਸ ਵਿੱਚ ਦੋਸ਼ੀ ਬਣਾਏ ਗਏ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਦਿੱਲੀ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਸੀਆਈਆਈ ਨੇ ਆਈਐਨਐਕਸ ਮੀਡੀਆ ਮਾਮਲੇ ਵਿੱਚ ਚਿਦੰਬਰਮ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ, ਜਦੋਂ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਦਾ ਮਾਮਲਾ ਦਾਖ਼ਲ ਕੀਤਾ ਹੈ।