ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦੇ ਆਗੂ ਅਤੇ ਸਾਬਕਾ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਚਿੱਠੀ ਲਿਖੀ ਹੈ। ਇਸ ਪੱਤਰ 'ਚ ਉਨ੍ਹਾਂ ਕਣਕ ਦੀ ਖ਼ਰੀਦ ਲਈ ਤੈਅ ਪੈਮਾਨਿਆਂ ਵਿੱਚ ਬਦਲਾਅ ਕਰਨ ਦੀ ਅਪੀਲ ਕੀਤੀ ਹੈ।
ਭਾਰਤ ਸਰਕਾਰ ਵੱਲੋਂ ਤੈਅ ਪੈਮਾਨਿਆਂ ਮੁਤਾਬਕ 6 ਫੀਸਦੀ ਤੱਕ ਪਿਚਕੇ ਕਣਕ ਦੇ ਦਾਣੇ ਖ਼ਰੀਦੇ ਜਾ ਸਕਦੇ ਹਨ ਪਰ ਪੰਜਾਬ ਵਿੱਚ ਬੇਮੌਸਮੀ ਬਾਰਸ਼ ਕਰਕੇ ਕਣਕ ਦੇ ਦਾਣੇ 20 ਫੀਸਦੀ ਤੱਕ ਪਿਚਕ ਗਏ ਹਨ। ਇਨ੍ਹਾਂ ਕਾਰਨਾਂ ਕਰਕੇ ਕੇਂਦਰੀ ਖਰੀਦ ਏਜੰਸੀਆਂ ਕਿਸਾਨਾਂ ਦੀ ਕਣਕ ਖਰੀਦ ਨਹੀਂ ਰਹੀਆਂ। ਇਸ ਕਰਕੇ ਕਿਸਾਨਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਚੰਦੂਮਾਜਰਾ ਦਾ ਕਹਿਣਾ ਹੈ ਕਿ ਜ਼ਿਆਦਾ ਪਿਚਕ ਜਾਣ ਕਾਰਨ ਦਾਣੇ ਦੀ ਗੁਣਵੱਤਾ ਵਿੱਚ ਕੋਈ ਕਮੀ ਨਹੀਂ ਆਈ ਹੈ। ਇਸ ਕਰਕੇ ਸਰਕਾਰ ਨੂੰ ਇਨ੍ਹਾਂ ਪੈਮਾਨਿਆਂ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਕੋਰੋਨਾ ਵਾਇਰਸ ਦੇ ਪ੍ਰਕੋਪ ਕਰਕੇ ਕਿਸਾਨਾਂ ਨੂੰ ਪਹਿਲਾਂ ਹੀ ਹੋਰ ਮੁਸ਼ਕਿਲਾਂ ਦਰਪੇਸ਼ ਹਨ ਅਜਿਹੇ ਵਿੱਚ ਖ਼ਰਾਬ ਕਣਕ ਉਨ੍ਹਾਂ ਦੀਆਂ ਮੁਸੀਬਤਾਂ ਵਿੱਚ ਵਾਧਾ ਕਰ ਰਹੇ ਹਨ।
ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਕ ਚਿੱਠੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਵੀ ਲਿਖੀ ਹੈ। ਮੁੱਖ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਕਣਕ ਦਾ ਮੁੱਦਾ ਤਾਂ ਦੁਹਰਾਇਆ ਹੀ ਹੈ, ਇਸ ਦੇ ਨਾਲ ਨਾਲ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਤੋਂ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਇਜਾਜ਼ਤ ਲਈ ਲਿਖੀ ਚਿੱਠੀ 'ਤੇ ਵੀ ਟਿੱਪਣੀ ਕੀਤੀ ਹੈ। ਚੰਦੂਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੂੰ ਠੇਕੇ ਖੋਲ੍ਹਣ ਦੀ ਬਜਾਏ ਆਪਣੇ ਖ਼ਰਚੇ ਹੋਰ ਜ਼ਰੀਏ ਰਾਹੀਂ ਘੱਟ ਕਰਨੇ ਚਾਹੀਦੇ ਹਨ।
ਅਜਿਹੀਆਂ ਹਾਲਤਾਂ ਵਿੱਚ ਠੇਕੇ ਖੋਲ੍ਹ ਕੇ ਪ੍ਰਦੇਸ਼ ਦੀ ਅਮਨ ਕਾਨੂੰਨ ਦੀ ਵਿਵਸਥਾ ਵਿਗੜ ਸਕਦੀ ਹੈ ਅਤੇ ਪੁਲਿਸ ਮੁਲਾਜ਼ਮਾਂ ਦਾ ਧਿਆਨ ਕੋਰੋਨਾ ਵਾਇਰਸ ਤੋਂ ਭਟਕ ਸਕਦਾ ਹੈ। ਪੰਜਾਬ ਸਰਕਾਰ ਨੂੰ ਇਸ ਮੁੱਦੇ ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਗ੍ਰਹਿ ਮੰਤਰਾਲੇ ਤੋਂ ਠੇਕੇ ਖੋਲ੍ਹਣ ਦੀ ਇਜਾਜ਼ਤ ਮੰਗੀ ਸੀ। ਪੰਜਾਬ ਵਿੱਚ ਰੈਵੇਨਿਊ ਲਈ ਸ਼ਰਾਬ ਦੇ ਠੇਕੇ ਅਹਿਮ ਯੋਗਦਾਨ ਪਾਉਂਦੇ ਹਨ। ਕਰੋਨਾ ਵਾਇਰਸ ਕਰਕੇ ਹੀ ਹੋਈ ਤਾਲਾਬੰਦੀ ਕਾਰਨ ਪੰਜਾਬ ਸਰਕਾਰ ਨੂੰ ਆਰਥਿਕ ਘਾਟਾ ਹੋ ਰਿਹਾ ਹੈ ਜਿਸ ਨੂੰ ਉਹ ਸ਼ਰਾਬ ਦੇ ਠੇਕੇ ਖੋਲ੍ਹ ਕੇ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।