ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵੀਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਹੋਣ ਦੀ ਉਮੀਦ ਹੈ। ਸੂਤਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਗ੍ਰਹਿ ਮੰਤਰੀ ਨਾਲ ਕਿਸਾਨੀ ਅੰਦੋਲਨ ਅਤੇ ਧਰਨਾ ਪ੍ਰਦਰਸ਼ਨ ਬਾਰੇ ਗੱਲਬਾਤ ਕਰਨਗੇ ਅਤੇ ਇਸ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੀ ਅਪੀਲ ਕਰਨਗੇ। ਇਹ ਮੁਲਾਕਾਤ ਕਿਸਾਨਾਂ ਅਤੇ ਸਰਕਾਰ ਦਰਮਿਆਨ ਹੋਣ ਵਾਲੀ ਬੈਠਕ ਤੋਂ ਪਹਿਲਾਂ ਹੋ ਸਕਦੀ ਹੈੇ। ਕੈਪਟਨ ਅਮਰਿੰਦਰ ਸਿੰਘ ਗ੍ਰਹਿ ਮੰਤਰੀ ਨੂੰ ਪੰਜਾਬ ਵਿੱਚ ਅੰਦੋਲਨ ਕਾਰਨ ਹੋਣ ਵਾਲੇ ਪ੍ਰਭਾਵਾਂ ਬਾਰੇ ਵੀ ਦੱਸ ਸਕਦੇ ਹਨ।
ਕਿਸਾਨ ਅਤੇ ਕੇਂਦਰ ਸਰਕਾਰ ਵਿੱਚ ਹੁਣ ਤੱਕ 2 ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਤੀਜੀ ਮੀਟਿੰਗ 3 ਦਸੰਬਰ ਨੂੰ ਹੋਵੇਗੀ। ਪਹਿਲੀ ਮੀਟਿੰਗ 13 ਨਵੰਬਰ ਨੂੰ ਅਤੇ ਦੂਜੀ ਮੀਟਿੰਗ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਕੇਂਦਰੀ ਰੇਲਵੇ ਮੰਤਰੀ ਪੀਯੂਸ਼ ਗੋਇਲ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਹਾਜ਼ਰੀ ਵਿੱਚ ਦਿੱਲੀ ਦੇ ਵਿਗਿਆਨ ਭਵਨ ਵਿੱਚ ਹੋਈ। ਕਈ ਘੰਟਿਆਂ ਤੱਕ ਇਨ੍ਹਾਂ ਦੋਵਾਂ ਮੀਟਿੰਗਾਂ ਤੋਂ ਬਾਅਦ ਵੀ ਕਿਸਾਨ ਅਤੇ ਕੇਂਦਰ ਸਰਕਾਰ ਵਿੱਚ ਕੋਈ ਸਹਿਮਤੀ ਨਹੀਂ ਬਣ ਸਕੀ ਅਤੇ ਕਿਸਾਨਾਂ ਨੇ ਆਪਣਾ ਸੰਘਰਸ਼ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਹਰਿਆਣਾ ਅਤੇ ਦਿੱਲੀ ਉੱਤਰ ਪ੍ਰਦੇਸ਼ ਦੀਆਂ ਸਰਹੱਦਾਂ ਤੋਂ ਦੂਰ ਜਾਣ ਅਤੇ ਬੁਰਾੜੀ ਦੇ ਨਿਰੰਕਾਰੀ ਮੈਦਾਨ ਵਿੱਚ ਆਪਣਾ ਰੋਸ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਸੀ। ਕਿਸਾਨ ਅਜੇ ਵੀ ਟਿਕਰੀ ਬਾਰਡਰ, ਸਿੰਘੂ ਬਾਰਡਰ ‘ਤੇ ਡਟੇ ਹੋਏ ਹਨ।
ਦੋ ਬੈਠਕਾਂ ਦੇ ਬੇਸਿੱਟਾ ਰਹਿਣ ਮਗਰੋਂ ਹੁਣ ਪੰਜਾਬ ਦੇ ਮੁੱਖ ਮੰਤਰੀ ਖੁਦ ਦਿੱਲੀ ਆ ਰਹੇ ਹਨ ਅਤੇ ਗ੍ਰਹਿ ਮੰਤਰੀ ਨੂੰ ਮਿਲਣ ਜਾ ਰਹੇ ਹਨ। 3 ਨਵੰਬਰ ਨੂੰ ਵੀ ਕੈਪਟਨ ਅਮਰਿੰਦਰ ਸਿੰਘ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਦਿੱਲੀ ਆਏ ਸਨ ਅਤੇ ਆਪਣੇ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨਾਲ ਜੰਤਰ-ਮੰਤਰ ਵਿਖੇ ਧਰਨਾ ਦਿੱਤਾ। ਖੇਤੀਬਾੜੀ ਕਾਨੂੰਨਾਂ ਵਿਰੁੱਧ ਪੰਜਾਬ ਰੋਸ ਪ੍ਰਦਰਸ਼ਨ ਦੇ ਚੱਲਦੇ ਰੇਲ ਗੱਡੀਆਂ ਨਹੀਂ ਚੱਲ ਰਹੀਆਂ ਸਨ, ਜਿਸ ਕਾਰਨ ਕੋਲਾ ਰਾਜ ਵਿੱਚ ਨਹੀਂ ਪਹੁੰਚ ਰਿਹਾ ਸੀ। ਮੁੱਖ ਮੰਤਰੀ ਨੇ ਖੇਤੀਬਾੜੀ ਕਾਨੂੰਨ ਅਤੇ ਰੇਲ ਗੱਡੀਆਂ ਦੇ ਮੁੱਦੇ ਨੂੰ ਰਾਸ਼ਟਰਪਤੀ ਕੋਲ ਚੁੱਕਣ ਲਈ ਇੱਕ ਮੀਟਿੰਗ ਲਈ ਸਮਾਂ ਮੰਗਿਆ ਸੀ, ਜੋ ਨਹੀਂ ਮਿਲੀਆ, ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਜੰਤਰ-ਮੰਤਰ ਵਿਖੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ।