ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਲਕੇ ਸੋਮਵਾਰ ਨੂੰ ਲੋਕ ਸਭਾ 'ਚ ਨਾਗਰਿਕਤਾ ਸੋਧ ਬਿੱਲ ਪੇਸ਼ ਕਰਨਗੇ। ਜਾਣਕਾਰੀ ਮੁਤਾਬਕ ਗ੍ਰਹਿ ਮੰਤਰੀ ਬਿੱਲ ਪੇਸ਼ ਕਰਨਗੇ ਜਿਸ ਤੋਂ ਬਾਅਦ ਇਸ ਬਿੱਲ 'ਤੇ ਚਰਚਾ ਹੋਵੇਗੀ ਅਤੇ ਇਸ ਨੂੰ ਪਾਸ ਕਰਵਾਇਆ ਜਾਵੇਗਾ।
ਦੱਸਣਯੋਗ ਹੈ ਕਿ ਨਾਗਰਿਕਤਾ ਸੋਧ ਬਿੱਲ 2019 ਦੇ ਤਹਿਤ ਪਾਕਿਸਤਾਨ, ਬੰਗਲਾਦੇਸ਼ ਅਤੇ ਅਫ਼ਗਾਨਿਸਤਾਨ 'ਚ ਧਾਰਮਿਕ ਹਿੰਸਾ ਕਾਰਨ 31 ਦਸੰਬਰ 2014 ਤੱਕ ਭਾਰਤ ਆਏ ਹਿੰਦੂ, ਸਿੱਖ, ਬੌਧ, ਪਾਰਸੀ ਅਤੇ ਈਸਾਈ ਭਾਈਚਾਰੇ ਦੇ ਲੋਕਾਂ ਨੂੰ ਗੈਰ-ਕਾਨੂੰਨੀ ਸ਼ਰਨਾਰਥੀ ਨਹੀਂ ਮੰਨਿਆ ਜਾਵੇਗਾ ਅਤੇ ਉਨ੍ਹਾਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਜਾਵੇਗੀ।
ਇਹ ਬਿੱਲ 2014 ਅਤੇ 2019 ਦੀ ਲੋਕ ਸਭਾ ਚੋਣਾਂ 'ਚ ਭਾਜਪਾ ਦਾ ਚੋਣ ਵਾਅਦਾ ਸੀ। ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਨੇ ਪਹਿਲੇ ਕਾਰਜਕਾਲ 'ਚ ਇਸ ਬਿੱਲ ਨੂੰ ਲੋਕ ਸਭਾ 'ਚ ਪੇਸ਼ ਕੀਤਾ ਸੀ ਅਤੇ ਉਸ ਨੂੰ ਪਾਸ ਵੀ ਕਰਵਾ ਲਿਆ ਸੀ। ਪਰ ਪੂਰਬੀ ਸੂਬਿਆਂ 'ਚ ਰੋਸ ਪ੍ਰਦਰਸ਼ਨ ਦੀ ਸੰਭਾਵਨਾ ਕਾਰਨ ਉਸ ਨੂੰ ਰਾਜ ਸਭਾ 'ਚ ਪੇਸ਼ ਨਹੀਂ ਕੀਤਾ ਸੀ। ਪਿਛਲੀ ਲੋਕ ਸਭਾ ਦੇ ਭੰਗ ਹੋਣ ਤੋਂ ਬਾਅਦ ਇਸ ਬਿੱਲ ਦੀ ਮਿਆਦ ਵੀ ਖ਼ਤਮ ਹੋ ਗਈ ਸੀ।