ਚੰਡੀਗੜ੍ਹ: ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਲ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ। ਸੋਸ਼ਲ ਮੀਡੀਆ ਉੱਤੇ ਇੱਕ ਆਡੀਓ ਵਾਇਰਲ ਹੋਣ ਤੋਂ ਬਾਅਦ ਸਿੱਖ ਸੰਗਤ ਵਿੱਚ ਕਾਫੀ ਰੋਸ ਹੈ।
ਇਸ ਮਾਮਲੇ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਕਿਸੇ ਵੀ ਵਿਅਕਤੀ ਜਾਂ ਧਾਰਮਿਕ ਸੰਸਥਾ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਲ ਤੁਲਨਾ ਬਰਦਾਸ਼ ਨਹੀਂ ਕੀਤੀ ਜਾਵੇਗੀ।
ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਦਾਇਤ ਦਿੱਤੀ ਹੈ ਕਿ ਇਸ ਮਾਮਲੇ ਜੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਵੀ ਇਸ ਉੱਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਦਰਅਸਲ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਦਿੱਲੀ ਹਾਈਕੋਰਟ ਨੇ ਸਿੰਘ ਭਰਾਵਾਂ ਦੇ ਰਨਬੈਕਸੀ ਤੇ ਹੋਰ ਕੰਪਨੀਆਂ ਦੇ ਘੁਟਾਲੇ ਮਾਮਲੇ ਵਿੱਚ 14 ਨਵੰਬਰ ਨੂੰ ਤਲਬ ਕੀਤਾ ਹੈ। ਇਸ ਕਾਰਨ ਡੇਰੇ ਨਾਲ ਸਬੰਧਤ ਸ਼ਰਧਾਲੂਆਂ ਵੱਲੋਂ ਸੋਸ਼ਲ ਮੀਡੀਆ ਉਤੇ ਆਡੀਓ ਜਾਰੀ ਕਰਕੇ ਸੰਗਤ ਨੂੰ ਕਈ ਤਰ੍ਹਾਂ ਦੇ ਸੁਝਾਅ ਦਿੱਤੇ ਜਾ ਰਹੇ ਹਨ।