ਨਵੀਂ ਦਿੱਲੀ: ਕਾਂਗਰਸ ਨੇ ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਦੇ ਪਰਿਵਾਰ ਦੇ ਕੁੱਝ ਮੈਂਬਰਾਂ 'ਤੇ ਇੱਕ ਆਵਾਸ ਯੋਜਨਾ ਦੇ ਸਿਲਸਿਲੇ ਵਿੱਚ ਕਥਿਤ ਤੌਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ 'ਤੇ ਐਤਵਾਰ ਨੂੰ ਭਾਜਪਾ 'ਤੇ ਨਿਸ਼ਾਨਾ ਲਾਇਆ ਅਤੇ ਮਾਮਲੇ ਦੀ ਸਮਾਂਬੱਧ ਨਿਆਂਇਕ ਜਾਂਚ ਦੀ ਮੰਗ ਕੀਤੀ। ਵਿਰੋਧੀ ਧਿਰ ਦੇ ਆਗੂ ਸਿੱਧਰਮਈਆ ਨੇ ਪਿਛਲੇ ਮਹੀਨੇ ਕਰਨਾਟਕ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਵਿਰੁੱਧ ਦੋਸ਼ ਲਾਏ ਸਨ ਅਤੇ ਯੇਦੀਯੁਰੱਪਾ ਨੇ ਇਨ੍ਹਾਂ ਨੂੰ ਨਿਰਾਧਾਰ ਦੱਸਿਆ ਅਤੇ ਕਾਂਗਰਸ ਆਗੂ ਨੂੰ ਦੋਸ਼ਾਂ ਨੂੰ ਸਾਬਤ ਕਰਨ ਦੀ ਚੁਣੌਤੀ ਦਿੱਤੀ।
ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਕਾਂਗਰਸ ਬੁਲਾਰੇ ਅਭਿਸ਼ੇਕ ਸਿੰਘਵੀ ਨੇ ਐਤਵਾਰ ਨੂੰ ਦੋਸ਼ ਲਾਇਆ ਕਿ ਕਰਨਾਟਕ ਵਿੱਚ ਭਾਜਪਾ ਸਰਕਾਰ ਭ੍ਰਿਸ਼ਟਾਚਾਰ ਕਰ ਰਹੀ ਹੈ ਅਤੇ ਦਾਗ਼ੀ ਆਗੂ ਸ਼ਾਸਨ ਕਰ ਰਹੇ ਹਨ।
ਸਿੰਘਵੀ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਵਿੱਚ ਥੋੜ੍ਹੀ ਵੀ ਸ਼ਰਮ ਹੈ ਤਾਂ ਉਨ੍ਹਾਂ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਜਾਂ ਉਨ੍ਹਾਂ ਨੂੰ ਬਰਖ਼ਾਸਤ ਕਰ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਯੇਦੀਯੁਰੱਪਾ ਦੇ ਮੁੰਡੇ, ਜਵਾਈ ਅਤੇ ਪੋਤੇ ਵਿਰੁੱਧ ਲੱਗੇ ਭ੍ਰਿਸ਼ਟਾਚਾਰ ਅਤੇ ਰਿਸ਼ਵਤ ਦੇ ਦੋਸ਼ਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਦੀ ਚੁੱਪੀ 'ਤੇ ਸਵਾਲ ਚੁੱਕੇ।
ਦੱਸ ਦਈਏ ਕਿ ਮਾਮਲਾ ਬੰਗਲੌਰ ਵਿੱਚ 662 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਪਾਰਟਮੈਂਟਾਂ ਦੇ ਨਿਰਮਾਣ ਨਾਲ ਜੁੜਿਆ ਹੋਇਆ ਹੈ। ਸਿੰਘਵੀ ਨੇ ਦਾਅਵਾ ਕੀਤਾ ਕਿ ਕੋਲਕਾਤਾ ਵਿੱਚ ਇੱਕ ਫ਼ਰਜ਼ੀ ਕੰਪਨੀ ਰਾਹੀਂ ਰਿਸ਼ਵਤ ਮੰਗੀ ਗਈ ਅਤੇ ਭੁਗਤਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਅਤੇ ਧਨ ਨੂੰ ਸਫੈਦ ਕਰਨ ਵਿਰੋਧੀ ਕਾਨੂੰਨ ਲਾਇਆ ਜਾਣਾ ਚਾਹੀਦਾ ਹੈ ਅਤੇ ਦੋਸ਼ਾਂ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ।