ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਅੱਜ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ‘ਭਾਰਤ ਬਚਾਓ’ ਰੈਲੀ ਕਰਨ ਜਾ ਰਹੀ ਹੈ। ਇਸ ਰੈਲੀ ਦਾ ਉਦੇਸ਼ ਬੀਜੇਪੀ ਸਰਕਾਰ ਦੀਆਂ 'ਵਿਭਾਜਨਕਾਰੀ' ਨੀਤੀਆਂ ਨੂੰ ਉਜਾਗਰ ਕਰਨਾ ਹੈ।
ਇਸ ਰੈਲੀ ਵਿੱਚ ਭਾਗ ਲੈਣ ਲਈ ਲੱਖਾਂ ਕਾਂਗਰਸੀ ਵਰਕਰ ਰਾਮਲੀਲਾ ਮੈਦਾਨ ਵਿੱਚ ਪਹੁੰਚ ਰਹੇ ਹਨ। ਰੈਲੀ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਕੇਸੀ ਵੇਣੂਗੋਪਾਲ, ਮੁਕੁਲ ਵਾਸਨੀਕ ਅਤੇ ਅਵਿਨਾਸ਼ ਪਾਂਡੇ ਸਮੇਤ ਪਾਰਟੀ ਦੇ ਕਈ ਨੇਤਾਵਾਂ ਨੇ ਸਮਾਗਮ ਤੋਂ ਪਹਿਲਾਂ ਰਾਮਲੀਲਾ ਮੈਦਾਨ ਦਾ ਦੌਰਾ ਕੀਤਾ ਅਤੇ ‘ਭਾਰਤ ਬਚਾਓ’ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਕਾਂਗਰਸ ਦਾ ਦਾਅਵਾ ਹੈ ਕਿ ਇਹ ਰੈਲੀ ਇਤਿਹਾਸਕ ਹੋਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਦੇਸ਼ ਦੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਕਿਹਾ ਕਿ ਦੇਸ਼ ਵਿੱਚ ਬੇਰੁਜ਼ਗਾਰੀ ਆਪਣੇ ਸਿਖਰ 'ਤੇ ਹੈ, ਮਹਿੰਗਾਈ ਲਗਾਤਾਰ ਵਧ ਰਹੀ ਹੈ ਅਤੇ ਕਿਸਾਨਾਂ ਦੀ ਸਥਿਤੀ ਬਹੁਤ ਖਰਾਬ ਹੈ, ਪਰ ਮੋਦੀ ਸਰਕਾਰ ਇਸ ਵੱਲ ਕੋਈ ਕਦਮ ਨਹੀਂ ਚੁੱਕ ਰਹੀ ਹੈ। ਸੁਰਜੇਵਾਲਾ ਨੇ ਕਿਹਾ ਕਿ 'ਭਾਰਤ ਬਚਾਓ ਰੈਲੀ' ਨਾਲ ਕਾਂਗਰਸ ਪਾਰਟੀ ਕੇਂਦਰ ਸਰਕਾਰ ਨੂੰ ਚੇਤਾਵਨੀ ਦੇਣਾ ਚਾਹੁੰਦੀ ਹੈ ਕਿ ਉਹ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਨਾ ਭਟਕਾਵੇ।
ਇਸ ਤੋਂ ਪਹਿਲਾਂ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਨੇ ਪਾਰਟੀ ਦੇ ਹੋਰ ਨੇਤਾਵਾਂ ਦੇ ਨਾਲ ਰਾਮਲੀਲਾ ਮੈਦਾਨ ਵਿੱਚ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਪਾਰਟੀ ਦੀ ਮੁਖੀ ਸੋਨੀਆ ਗਾਂਧੀ ਰੈਲੀ ਨੂੰ ਸੰਬੋਧਨ ਕਰੇਗੀ। ਦਿੱਲੀ ਕਾਂਗਰਸ ਦੇ ਮੁੱਖ ਬੁਲਾਰੇ ਮੁਕੇਸ਼ ਸ਼ਰਮਾ ਨੇ ਕਿਹਾ ਕਿ ਇਸ ਰੈਲੀ ਵਿੱਚ ਦੇਸ਼ ਦੇ ਕਈ ਸੂਬਿਆਂ ਤੋਂ ਪਾਰਟੀ ਦੇ ਲੱਖਾਂ ਵਰਕਰ ਅਤੇ ਲੋਕ ਇਸ ਰੈਲੀ ਵਿੱਚ ਸ਼ਾਮਲ ਹੋਣਗੇ।