ਨਵੀਂ ਦਿੱਲੀ: ਕਾਂਗਰਸ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਦਾ ਕਾਰਜਕਾਲ 10 ਅਗਸਤ ਨੂੰ ਖ਼ਤਮ ਹੋ ਗਿਆ ਹੈ। ਇਸ ਦੌਰਾਨ ਕੁਝ ਖ਼ਬਰਾਂ ਇਹ ਵੀ ਹਨ ਕਿ ਸੋਨੀਆ ਗਾਂਧੀ ਪ੍ਰਧਾਨਗੀ ਤੋਂ ਅਸਤੀਫਾ ਦੇ ਸਕਦੀ ਹੈ।
ਕਾਂਗਰਸ ਵਰਕਿੰਗ ਕਮੇਟੀ ਦੀ ਅੱਜ ਇੱਕ ਮਹੱਤਵਪੂਰਨ ਬੈਠਕ ਹੋਣੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਵਿੱਚ ਨਵੇਂ ਪ੍ਰਧਾਨ ਬਾਰੇ ਕੋਈ ਫੈਸਲਾ ਹੋ ਸਕਦਾ ਹੈ। ਇਹ ਮੀਟਿੰਗ ਸਵੇਰੇ 11 ਵਜੇ ਹੋਵੇਗੀ।
ਦੱਸ ਦੇਈਏ ਬੀਤੇ ਦਿਨੀਂ 23 ਸੀਨੀਅਰ ਕਾਂਗਰਸੀ ਨੇਤਾਵਾਂ ਨੇ ਪਾਰਟੀ ਹਾਈ ਕਮਾਂਡ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਵੱਡੀ ਤਬਦੀਲੀ ਦੀ ਮੰਗ ਕੀਤੀ ਹੈ। ਇਨ੍ਹਾਂ ਨੇਤਾਵਾਂ ਵਿੱਚ 5 ਸਾਬਕਾ ਮੁੱਖ ਮੰਤਰੀ, ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ, ਸੰਸਦ ਮੈਂਬਰ ਤੇ ਸਾਰੇ ਸਾਬਕਾ ਕੇਂਦਰੀ ਮੰਤਰੀ ਸ਼ਾਮਲ ਹਨ।
ਇਨ੍ਹਾਂ ਕਾਂਗਰਸੀ ਲੀਡਰਾਂ ਦਾ ਮੰਨਣਾ ਹੈ ਕਿ ਕਾਂਗਰਸ ਪਾਰਟੀ ਪਿਛਲੇ 6 ਸਾਲਾਂ ਤੋਂ ਸੱਤਾ ਤੋਂ ਬਾਹਰ ਹੈ ਤੇ ਅੱਗੇ ਵੀ ਪਾਰਟੀ ਦਾ ਭਵਿੱਖ ਹਨੇਰੇ 'ਚ ਹੀ ਦਿਖਾਈ ਦੇ ਰਿਹਾ ਹੈ। ਇਸ ਲਈ ਸੀਨੀਅਰ ਲੀਡਰਾਂ ਨੇ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਪਾਰਟੀ ਵਿੱਚ ਮੁਕੰਮਲ ਤਬਦੀਲੀ ਲਿਆਉਣ ਲਈ ਕਿਹਾ ਹੈ।
ਉੱਥੇ ਹੀ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਾਂਧੀ ਪਰਿਵਾਰ ਦੀ ਲੀਡਰਸ਼ਿਪ ਨੂੰ ਚਣੌਤੀ ਦੇਣ ਵਾਲਿਆਂ ਪਾਰਟੀ ਦੇ ਕੁਝ ਆਗੂਆਂ ਵੱਲੋਂ ਚਲਾਈ ਮੁਹਿੰਮ ਦਾ ਵਿਰੋਧ ਕਰਦਿਆਂ ਕਿਹਾ ਕਿ ਗਾਂਧੀ ਪਰਿਵਾਰ ਹੀ ਪਾਰਟੀ ਦੀ ਗੁਆਚੀ ਸ਼ਾਨ ਨੂੰ ਬਹਾਲ ਕਰ ਸਕਦਾ ਹੈ। ਕੈਪਟਨ ਨੇ ਕਿਹਾ ਕਿ ਚੋਣਾਂ 'ਚ ਹਾਰ ਲੀਡਰਸ਼ਿਪ ਤਬਦੀਲੀ ਲਈ ਕਾਰਨ ਨਹੀਂ ਹੋ ਸਕਦੀਆਂ।