ਨਵੀਂ ਦਿੱਲੀ: ਆਈਐੱਨਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਨਿਆਂਇਕ ਹਿਰਾਸਤ ਨੂੰ ਅਦਾਲਤ ਨੇ 27 ਨਵੰਬਰ ਤੱਕ ਵਧਾ ਦਿੱਤਾ ਹੈ।
ਦਿੱਲੀ ਦੀ ਰਾਊਜ਼ ਐਵਨਿਊ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਚਿਦੰਬਰਮ ਨੂੰ ਝਟਕਾ ਦਿੱਤਾ ਹੈ। ਚਿਦੰਬਰਮ ਨੂੰ ਅੱਜ ਵੀਡੀਓ ਕਾਨਫਰੈਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਉਨ੍ਹਾਂ ਦੀ ਨਿਆਂਇਕ ਹਿਰਾਸਤ ਅੱਜ ਖ਼ਤਮ ਹੋ ਰਹੀ ਸੀ।
ਦੱਸ ਦਈਏ ਕਿ ਵਿੱਤ ਮੰਤਰੀ ਦੇ ਤੌਰ ਉੱਤੇ ਚਿਦੰਬਰਮ ਦੇ ਕਾਰਜਕਾਲ ਦੌਰਾਨ 2007 ਵਿੱਚ 305 ਕਰੋੜ ਰੁਪਏ ਦਾ ਵਿਦੇਸ਼ੀ ਧਨ ਪ੍ਰਾਪਤ ਕਰਨ ਲਈ ਆਈਐਨਐਕਸ ਮੀਡੀਆ ਗਰੁੱਪ ਨੂੰ ਵਿਦੇਸ਼ੀ ਨਿਵੇਸ਼ ਨੂੰ ਬੜ੍ਹਾਵਾ ਦੇਣ ਵਾਲੇ ਬੋਰਡ (ਐਫਆਈਪੀਬੀ) ਦੀ ਮਨਜੂਰੀ ਵਿੱਚ ਸੀ ਬੀ ਆਈ ਨੇ 15 ਮਈ, 2017 ਨੂੰ ਬੇਨਿਯਮੀਆਂ ਦਾ ਦੋਸ਼ ਲਗਾਉਂਦਿਆਂ ਐਫਆਈਆਰ ਦਰਜ ਕੀਤੀ ਸੀ। ਇਸ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਸ ਸਬੰਧ ਵਿੱਚ 2017 ਵਿੱਚ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਸੀ।