ਨਵੀਂ ਦਿੱਲੀ: ਦੁਨੀਆ ਭਰ ਵਿੱਚ ਫੈਲੇ ਕੋਰੋਨਾ ਵਾਇਰਸ ਨੇ ਭਾਰਤ ਨੂੰ ਵੀ ਆਪਣੀ ਜਕੜ ਵਿੱਚ ਲੈ ਲਿਆ ਹੈ। ਭਾਰਤ ਵਿੱਚ ਵੀ ਲਗਾਤਾਰ ਮਾਮਲੇ ਵਧਦੇ ਜਾ ਰਹੇ ਹਨ ਅਤੇ ਮੌਤਾਂ ਦੀ ਗਿਣਤੀ ਵੀ ਰੁਕਣ ਦਾ ਨਾਂਅ ਨਹੀਂ ਲੈ ਰਹੀ। ਤਾਜ਼ਾ ਰਿਪੋਰਟਾਂ ਮੁਤਾਬਕ 15723 ਕੁੱਲ ਪੌਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 526 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ 'ਚ 1371 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 35 ਮੌਤਾਂ ਹੋਈਆਂ ਹਨ।
ਪਿਛਲੇ 24 ਘੰਟਿਆਂ 'ਚ ਭਾਰਤ ਵਿੱਚ 35 ਮੌਤਾਂ ਹੋਈਆਂ ਹਨ ਜਿਨ੍ਹਾਂ ਵਿੱਚੋਂ 12 ਮੌਤਾਂ ਸਿਰਫ਼ ਗੁਜਰਾਤ ਅਤੇ 10 ਮੌਤਾਂ ਮਹਾਰਾਸ਼ਟਰ ਵਿੱਚ ਹੋਈਆਂ ਹਨ। ਦੱਸ ਦਈਏ ਕਿ ਮਹਾਰਾਸ਼ਟਰ, ਦਿੱਲੀ, ਮੱਧ ਪ੍ਰਦੇਸ਼ ਅਤੇ ਗੁਜਰਾਤ ਭਾਰਤ ਦੇ ਸਭ ਤੋਂ ਵੱਧ ਪ੍ਰਭਾਵਿਤ ਰਾਜ ਹਨ। ਮਹਾਰਾਸ਼ਟਰ ਵਿੱਚ ਹੁਣ ਤੱਕ 3648 ਪੌਜ਼ੀਟਿਵ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 211 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 365 ਲੋਕ ਠੀਕ ਹੋ ਚੁੱਕੇ ਹਨ। ਉਧਰ ਭਾਰਤ ਦੀ ਰਾਜਧਾਨੀ ਦਿੱਲੀ ਵਿੱਚ 1893 ਲੋਕ ਇਸ ਵਾਇਰਸ ਨਾਲ ਪੌਜ਼ੀਟਿਵ ਪਾਏ ਗਏ ਹਨ ਜਿਨ੍ਹਾਂ ਵਿੱਚੋਂ 43 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 207 ਲੋਕ ਠੀਕ ਹੋ ਚੁੱਕੇ ਹਨ।
ਪੰਜਾਬ ਵਿੱਚ ਵੀ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਤਾਜ਼ਾ ਰਿਪੋਰਟਾਂ ਮੁਤਾਬਕ ਪੰਜਾਬ ਵਿੱਚ 234 ਪੌਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 16 ਦੀ ਮੌਤ ਹੋ ਚੁੱਕੀ ਹੈ ਅਤੇ 31 ਮਰੀਜ਼ ਠੀਕ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ 2 ਮੌਤਾਂ ਹੋਈਆਂ ਹਨ ਜਿਨ੍ਹਾਂ ਵਿੱਚ ਲੁਧਿਆਣਾ ਦੇ ਏਸੀਪੀ ਵੀ ਸ਼ਾਮਿਲ ਹਨ।
ਇਹ ਵੀ ਪੜ੍ਹੋ: ਕੋਰੋਨਾ ਦੀ ਲੜਾਈ ਹਾਰੇ ਪੰਜਾਬ ਪੁਲਿਸ ਦੇ ਜਾਂਬਾਜ਼ ACP ਅਨਿਲ ਕੋਹਲੀ
ਬਾਕੀ ਰਾਜਾਂ ਬਾਰੇ ਵੀ ਜ਼ਿਕਰ ਕਰੀਏ ਤਾਂ ਮੱਧ ਪ੍ਰਦੇਸ਼ ਵਿੱਚ 1402 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 69 ਲੋਕਾਂ ਦੀ ਮੌਤ ਹੋ ਚੁੱਕੀ ਹੈ। ਗੁਜਰਾਤ ਵਿੱਚ ਵੀ ਮਾਮਲੇ ਲਗਾਤਾਰ ਤੇਜ਼ੀ ਫੜ ਰਹੇ ਹਨ ਅਤੇ 1376 ਪੌਜ਼ੀਟਿਵ ਮਾਮਲਿਆਂ ਨਾਲ 53 ਲੋਕਾਂ ਦੀ ਮੌਤ ਹੋ ਚੁੱਕੀ ਹੈ।