ਨਵੀਂ ਦਿੱਲੀ: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਬੁੱਧਵਾਰ ਨੂੰ ਕਿਹਾ ਕਿ ਜਨਤਕ ਟ੍ਰਾਂਸਪੋਰਟ ਸੇਵਾਵਾਂ ਛੇਤੀ ਹੀ ਫਿਰ ਤੋਂ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ ਅਤੇ ਸਰਕਾਰ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਦਿਸ਼ਾ-ਨਿਰਦੇਸ਼ ਤਿਆਰ ਕਰ ਰਹੀ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਕੇਂਦਰੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਵੀਡੀਓ ਕਾਨਫ਼ਰੰਸ ਰਾਹੀਂ ਬੱਸ ਅਤੇ ਕਾਰ ਆਪਰੇਟਰਸ ਕਨਫੈਡਰੇਸ਼ਨ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਨਤਕ ਆਵਾਜਾਈ ਜਲਦੀ ਹੀ ਮੁੜ ਤੋਂ ਚਾਲੂ ਹੋਣ ਦੀ ਸੰਭਾਵਨਾ ਹੈ ਅਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਆਵਾਜਾਈ ਅਤੇ ਰਾਜਮਾਰਗਾਂ ਦੇ ਖੁੱਲ੍ਹਣ ਨਾਲ ਲੋਕਾਂ ਵਿੱਚ ਵਿਸ਼ਵਾਸ ਪੈਦਾ ਹੋ ਜਾਵੇਗਾ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਬੱਸਾਂ ਅਤੇ ਕਾਰਾਂ ਚਲਾਉਣ ਸਮੇਂ ਸੁਰੱਖਿਆ ਦੇ ਸਾਰੇ ਉਪਾਅ ਜਿਵੇਂ ਹੱਥ ਧੋਣ, ਰੋਗਾਣੂ-ਮੁਕਤ ਕਰਨ, ਚਿਹਰੇ ਦੇ ਮਾਸਕ ਆਦਿ ਪਾਉਣ ਪ੍ਰਤੀ ਸੁਚੇਤ ਕੀਤਾ ਜਾਵੇਗਾ।
ਯਾਤਰੀ ਆਵਾਜਾਈ ਉਦਯੋਗ ਨੂੰ ਉਭਾਰਨ ਦੀ ਮੰਗ 'ਤੇ ਗਡਕਰੀ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਤੋਂ ਪੂਰੀ ਤਰ੍ਹਾਂ ਜਾਣੂ ਹੈ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਦੂਰ ਕਰਨ ਲਈ ਉਨ੍ਹਾਂ ਦਾ ਪੂਰਾ ਸਮਰਥਨ ਕਰੇਗੀ।
ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਨਾਲ ਬਾਕਾਇਦਾ ਸੰਪਰਕ ਵਿੱਚ ਹਨ, ਜੋ ਕੋਵਿਡ-19 ਮਹਾਂਮਾਰੀ ਦੇ ਇਨ੍ਹਾਂ ਮੁਸ਼ਕਲ ਦਿਨਾਂ ਵਿੱਚ ਅਰਥਚਾਰੇ ਨੂੰ ਮੁੜ ਲੀਹ ਤੇ ਲਿਆਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ।