ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ। ਹੁਣ ਤੱਕ ਪੀੜਤਾਂ ਦੀ ਗਿਣਤੀ 700 ਤੋਂ ਪਾਰ ਹੋ ਚੁੱਕੀ ਹੈ ਜਿਨ੍ਹਾਂ ਵਿੱਚੋਂ 17 ਲੋਕਾਂ ਦੀ ਮੌਤ ਹੋ ਗਈ ਹੈ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ਵਿੱਚ 21 ਦਿਨਾਂ ਲਈ ਤਾਲਾਬੰਦੀ ਵੀ ਕੀਤੀ ਗਈ ਹੈ।
ਇਸ ਦੌਰਾਨ ਸਿਹਤ ਮੰਤਰਾਲੇ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਵਿੱਚ ਵਾਧੇ ਦੀ ਦਰ ਭਾਰਤ ਵਿੱਚ ਸਥਿਰ ਹੈ। ਸਿਹਤ ਮੰਤਰਾਲੇ ਦੇ ਅਧਿਕਾਰੀਆਂ ਨੇ ਕਿਹਾ ਕਿ ਅਜੇ ਇਹ ਕਹਿਣ ਲਈ ਕੋਈ ਪੁਖ਼ਤਾ ਸਬੂਤ ਨਹੀਂ ਹਨ ਕਿ ਕੋਰੋਨਾ ਵਾਇਰਸ ਸੰਕ੍ਰਮਣ ਦਾ ਪ੍ਰਸਾਰ ਕਮਿਊਨਿਟੀ ਪੱਧਰ ਉੱਤੇ ਹੋ ਰਿਹਾ ਹੈ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਨੂੰ ਕੋਰੋਨਾ ਵਾਇਰਸ ਅਤੇ ਇਸ ਦੇ ਆਰਥਿਕ ਪ੍ਰਭਾਵਾਂ ਨਾਲ ਨਜਿੱਠਣ ਲਈ ਵਿਸ਼ੇਸ਼ ਤੌਰ 'ਤੇ ਗਰੀਬ, ਬਜ਼ੁਰਗ, ਸਵੈ-ਸਹਾਇਤਾ ਸਮੂਹਾਂ ਅਤੇ ਘੱਟ ਆਮਦਨੀ ਸਮੂਹਾਂ ਨੂੰ ਰਾਹਤ ਪ੍ਰਦਾਨ ਕਰਨ ਲਈ 1.70 ਲੱਖ ਕਰੋੜ ਰੁਪਏ ਦੀ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦਾ ਐਲਾਨ ਕੀਤਾ।
ਜੇ ਪੰਜਾਬ ਦੀ ਗੱਲ ਕਰੀਏ ਤਾਂ ਉੱਥੇ ਹੁਣ ਤੱਕ ਕੋਰੋਨਾ ਵਾਇਰਸ ਦੇ 33 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ। ਪੰਜਾਬ ਵਿੱਚ ਬੀਤੇ ਦਿਨ ਕੋਰੋਨਾ ਵਾਇਰਸ ਦਾ ਇੱਕ ਪੀੜਤ ਠੀਕ ਵੀ ਹੋਇਆ ਹੈ। ਦਰਅਸਲ ਅੰਮ੍ਰਿਤਸਰ ਵਿੱਚ ਹੁਸ਼ਿਆਰਪੁਰ ਦਾ ਰਹਿਣ ਵਾਲਾ 44 ਸਾਲਾ ਮਰੀਜ਼ ਦਾਖ਼ਲ ਸੀ ਮਰੀਜ਼ ਦੀ ਪੁਣੇ ਵਿਖੇ ਭੇਜੀ ਟੈਸਟ ਰਿਪੋਰਟ 15 ਦਿਨਾਂ ਬਾਅਦ ਨੈਗੇਟਿਵ ਆਈ ਹੈ।