ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੱਛਮੀ ਤੱਟ ਵੱਲ ਵਧ ਰਹੇ ਚੱਕਰਵਾਤੀ ਤੂਫਾਨ ਦੇ ਮੱਦੇਨਜ਼ਰ ਗੁਜਰਾਤ ਅਤੇ ਮਹਾਰਾਸ਼ਟਰ ਵਿੱਚ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਹਰ ਸੰਭਵ ਕੇਂਦਰੀ ਮਦਦ ਦਾ ਭਰੋਸਾ ਦਿੱਤਾ।
ਅਧਿਕਾਰੀਆਂ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ ਨੇ ਮਹਾਰਾਸ਼ਟਰ, ਗੁਜਰਾਤ, ਦਮਨ ਅਤੇ ਦਿਉ, ਦਾਦਰਾ ਅਤੇ ਨਗਰ ਹਵੇਲੀ ਵਿਚ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਦੀਆਂ 31 ਟੀਮਾਂ ਤਾਇਨਾਤ ਕੀਤੀਆਂ ਹਨ।
ਅਧਿਕਾਰਕ ਬਿਆਨ ਮੁਤਾਬਕ ਗ੍ਰਹਿ ਮੰਤਰੀ ਨੇ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਣੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ, ਦਾਦਰਾ ਅਤੇ ਨਗਰ ਹਵੇਲੀ, ਦਮਨ ਅਤੇ ਦਿਉ ਪ੍ਰਸ਼ਾਸਕ ਪ੍ਰਫੁੱਲ ਪਟੇਲ ਨਾਲ ਇਨ੍ਹਾਂ ਰਾਜਾਂ ਵੱਲ ਵਧ ਰਹੇ ਤੂਫਾਨ ਨਾਲ ਨਜਿੱਠਣ ਲਈ ਇੱਕ ਵੀਡੀਓ ਕਾਨਫਰੰਸ ਰਾਹੀਂ ਮੁਲਾਕਾਤ ਕੀਤੀ। ਹਰ ਸੰਭਵ ਕੇਂਦਰੀ ਸਹਾਇਤਾ ਦਾ ਭਰੋਸਾ ਦਿੱਤਾ।
ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਨੇ ਗ੍ਰਹਿ ਮੰਤਰਾਲੇ, ਨੈਸ਼ਨਲ ਆਫ਼ਤ ਪ੍ਰਬੰਧਨ ਅਥਾਰਟੀ (ਐਨਡੀਐਮਏ), ਕੋਸਟ ਗਾਰਡ ਆਫ ਇੰਡੀਆ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਤੂਫਾਨ ਦੇ ਮੱਦੇਨਜ਼ਰ ਤਿਆਰੀ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ: ਕੋਵਿਡ-19: ਦੁਨੀਆ ਭਰ 'ਚ ਮਰੀਜ਼ਾਂ ਦੀ ਗਿਣਤੀ 62 ਲੱਖ ਤੋਂ ਪਾਰ, 3 ਲੱਖ 75 ਹਜ਼ਾਰ ਮੌਤਾਂ
ਅਧਿਕਾਰੀਆਂ ਨੇ ਦੱਸਿਆ ਕਿ ਐਨਡੀਆਰਐਫ ਦੀਆਂ 31 ਟੀਮਾਂ ਵਿੱਚੋਂ 13 ਟੀਮਾਂ ਗੁਜਰਾਤ ਵਿੱਚ, 16 ਟੀਮਾਂ ਮਹਾਰਾਸ਼ਟਰ ਵਿੱਚ ਅਤੇ ਦੋ ਟੀਮਾਂ ਕੇਂਦਰ ਸ਼ਾਸਿਤ ਪ੍ਰਦੇਸ਼ ਦਮਨ ਅਤੇ ਦੀਉ, ਦਾਦਰਾ ਅਤੇ ਨਗਰ ਹਵੇਲੀ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ।
ਐਨਡੀਆਰਐਫ ਤੱਟ ਦੇ ਨੀਵੇਂ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਲਿਜਾਣ ਵਿੱਚ ਰਾਜ ਸਰਕਾਰਾਂ ਦੀ ਮਦਦ ਵੀ ਕਰ ਰਿਹਾ ਹੈ। ਤੂਫਾਨ ਦੇ ਮਹਾਰਾਸ਼ਟਰ, ਗੁਜਰਾਤ, ਦਮਨ ਅਤੇ ਦਿਉ ਦੇ ਕੁੱਝ ਇਲਾਕਿਆਂ ਨੂੰ ਪ੍ਰਭਾਵਿਤ ਕਰਨ ਦੀ ਉਮੀਦ ਹੈ।
ਭਾਰਤ ਮੌਸਮ ਵਿਭਾਗ ਨੇ ਕਿਹਾ ਕਿ ਦੱਖਣ-ਪੂਰਬ ਅਤੇ ਨਾਲ ਲੱਗਦੇ ਪੂਰਬੀ-ਕੇਂਦਰੀ ਅਰਬ ਸਾਗਰ ਅਤੇ ਲਕਸ਼ਦੀਪ ਖੇਤਰ ਵਿੱਚ ਘੱਟ ਦਬਾਅ ਵਾਲਾ ਖੇਤਰ ਚੱਕਰਵਾਤ ਵਿੱਚ ਬਦਲ ਗਿਆ ਹੈ ਅਤੇ ਮੰਗਲਵਾਰ ਨੂੰ ਇਸ ਦੇ ਮਜ਼ਬੂਤਹੋਣ ਦੀ ਸੰਭਾਵਨਾ ਹੈ। ਬੁੱਧਵਾਰ ਨੂੰ ਪੂਰਬ-ਮੱਧ ਅਰਬ ਸਾਗਰ ਵਿੱਚ ਚੱਕਰਵਾਤੀ ਤੂਫਾਨ ਵਿੱਚ ਬਦਲਣ ਦੀ ਉਮੀਦ ਹੈ।
ਆਈਐਮਡੀ ਦੇ ਮੁਤਾਬਕ ਘੱਟ ਦਬਾਅ ਵਾਲੇ ਖੇਤਰ ਦੇ ਇੱਕ ਗੰਭੀਰ ਚੱਕਰਵਾਤੀ ਤੂਫਾਨ ਵਿੱਚ ਬਦਲਣ ਦੀ ਸੰਭਾਵਨਾ ਹੈ ਅਤੇ 3 ਜੂਨ ਨੂੰ ਉੱਤਰੀ ਮਹਾਰਾਸ਼ਟਰ ਅਤੇ ਦੱਖਣੀ ਗੁਜਰਾਤ ਦੇ ਤੱਟ ਤੋਂ ਲੰਘਣ ਦੀ ਸੰਭਾਵਨਾ ਹੈ।