ਨਵੀਂ ਦਿੱਲੀ : ਦਿੱਲੀ ਸਰਕਾਰ ਨੇ ਦਿੱਲੀ ਸਿੱਖ ਗੁਰਦੁਆਰਾ ਐਕਟ, 1971 ਵਿੱਚ ਸੋਧ ਦੀ ਮੰਗ ਨੂੰ ਸਵੀਕਾਰ ਕਰ ਲਿਆ ਹੈ, ਜਿਸ ਦੇ ਅਧੀਨ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਨੂੰ 5ਵੇਂ ਤਖ਼ਤ ਦੇ ਤੌਰ 'ਤੇ ਇਸ ਐਕਟ ਵਿੱਚ ਸ਼ਾਮਲ ਕੀਤਾ ਜਾਵੇਗਾ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ ਅਰਜ਼ੀ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਦੀ ਅਗਵਾਈ ਵਾਲੀ ਕੈਬਿਨੇਟ ਨੇ ਬਠਿੰਡਾ ਵਿਖੇ ਸਥਿਤ 5ਵੇਂ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਇਸ ਐਕਟ ਵਿੱਚ ਮਿਲਾਉਣ ਹਰੀ ਝੰਡੀ ਦੇ ਦਿੱਤੀ ਹੈ।
ਜਾਣਕਾਰੀ ਮੁਤਾਬਕ ਮੌਜੂਦਾ ਐਕਟ ਵਿੱਚ ਸਿਰਫ਼ 4 ਤਖ਼ਤ ਸਾਹਿਬ ਹੀ ਸ਼ਾਮਲ ਹਨ।
ਜਾਣਕਾਰੀ ਮੁਤਾਬਕ ਦਿੱਲੀ ਸਿੱਖ ਗੁਰਦੁਆਰਾ ਐਕਟ, 1971 ਦੇ ਸੈਕਸ਼ਨ 4(ਬੀ)(ii) ਮੁਤਾਬਕ ਕਮੇਟੀ ਵਿੱਚ ਚਾਰੇ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ ਅੰਮ੍ਰਿਤਸਰ, ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਹਰਿਮੰਦਰ ਸਾਹਿਬ ਪਟਨਾ, ਸ੍ਰੀ ਹਜ਼ੂਰ ਸਾਹਿਬ ਨੰਦੇੜ ਦੇ ਜਥੇਦਾਰ ਹੀ ਸ਼ਾਮਲ ਹੋਣਗੇ।
ਭਾਰਤੀ ਗ੍ਰਹਿ ਮੰਤਰਾਲੇ ਨੇ ਸਿੱਖ ਗੁਰਦੁਆਰਾ ਐਕਟ, 1925 (1925 ਦੇ ਪੰਜਾਬ ਐਕਟ VIII) ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ, ਬਠਿੰਡਾ ਨੂੰ 5ਵੇਂ ਤਖ਼ਤ ਵਜੋਂ ਪਹਿਲਾਂ ਹੀ ਸ਼ਾਮਲ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਕੈਪਟਨ ਕਰਨਗੇ ਨਿਰਮਲਾ ਸੀਤਾਰਮਨ ਅਤੇ ਹਰਦੀਪ ਪੁਰੀ ਨਾਲ ਮੁਲਾਕਾਤ
ਤੁਹਾਨੂੰ ਦੱਸ ਦਈਏ ਕਿ ਹੁਣ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦਿੱਲੀ ਸਿੱਖ ਗੁਰਦੁਆਰਾ ਐਕਟ ਦੇ ਵੀ ਅਧੀਨ ਆਵੇਗਾ।