ਨਵੀਂ ਦਿੱਲੀ: ਰਾਜਧਾਨੀ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸ ਦੌਰਾਨ ਹਾਲ ਹੀ ਵਿੱਚ ਬੁੱਧਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ।
ਇਸ ਤੋਂ ਬਾਅਦ ਇੱਕ ਵਾਰ ਮੁੜ ਮੰਤਰੀ ਅਮਿਤ ਸ਼ਾਹ ਅਤੇ ਸਿਹਤ ਮੰਤਰੀ ਡਾ: ਹਰਸ਼ਵਰਧਨ, ਐਲ ਜੀ ਅਨਿਲ ਬੈਜਲ ਅਤੇ ਸੀਐਮ ਅਰਵਿੰਦ ਕੇਜਰੀਵਾਲ ਅਤੇ ਐਸਡੀਐਮਏ ਦੇ ਮੈਂਬਰਾਂ ਨਾਲ ਮੁਲਾਕਾਤ ਹੋਵੇਗੀ। ਇਸ ਦੌਰਾਨ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੀ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ।
ਦੱਸ ਦਈਏ ਕਿ ਦਿੱਲੀ ਵਿੱਚ ਕੋਰੋਨਾ ਕਾਰਨ 48 ਲੋਕਾਂ ਦੀ ਮੌਤ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਰੇ ਰਾਜਨੀਤਿਕ ਮਤਭੇਦ ਭੁਲਾ ਕੇ ਬੁੱਧਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਦਿੱਲੀ ਵਿਚ ਕੋਰੋਨਾ ਦੇ ਵੱਧ ਰਹੇ ਕੇਸਾਂ ਬਾਰੇ ਗੱਲਬਾਤ ਕੀਤੀ। ਜਿੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ।
ਦਿੱਲੀ 'ਚ ਰੋਜ਼ ਟੁੱਟ ਰਿਹਾ ਰਿਕਾਰਡ
ਦਿੱਲੀ ਵਿੱਚ ਕੋਰੋਨਾ ਵਾਇਰਸ ਨਾਲ ਹੁਣ ਤੱਕ 1200 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਵਾਇਰਸ ਬੜੀ ਤੇਜ਼ੀ ਨਾਲ ਫੈਲਣ ਲੱਗਿਆ ਹੈ। ਸ਼ੁੱਕਰਵਾਰ ਨੂੰ ਹੁਣ ਤੱਕ ਦੇ ਸਾਰੇ ਰਿਕਾਰਡ ਟੁੱਟ ਗਏ ਸਨ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਉਛਾਲ ਵੇਖਿਆ ਗਿਆ ਹੈ। 24 ਘੰਟਿਆਂ ਵਿੱਚ ਦਿੱਲੀ ਵਿੱਚ 2137 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਅਤੇ 71 ਪੀੜਤਾਂ ਦੀ ਮੌਤ ਹੋਈ ਹੈ।
ਇਹ ਆਂਕੜਾ ਮੁੰਬਈ ਤੋਂ ਵੀ ਜ਼ਿਆਦਾ ਹੈ, ਇਸ ਦੇ ਨਾਲ ਹੀ ਦਿੱਲੀ ਵਿੱਚ ਵਾਇਰਸ ਦੇ ਕੁੱਲ ਮਾਮਲੇ 36824 ਹੋ ਗਏ ਹਨ ਜਿਨ੍ਹਾਂ ਵਿੱਚੋਂ 22213 ਮਾਮਲੇ ਐਕਟਿਵ ਹਨ।
ਰੁਕੀਆਂ ਹੋਈਆਂ ਹਨ ਬਹੁਤੀਆਂ ਗਤੀਵਿਧੀਆਂ
ਦੱਸ ਦਈਏ ਕਿ ਤਾਲਾਬੰਦੀ ਖ਼ਤਮ ਹੋਣ ਤੋਂ ਬਾਅਦ ਦੇਸ਼ ਭਰ ਵਿੱਚ ਅਨਲੌਕ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਸਰਕਾਰ ਨੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਾਰੀਆਂ ਕਾਰੋਬਾਰੀ ਗਤੀਵਿਧੀਆਂ ਸ਼ੁਰੂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।
ਦੁਕਾਨਾਂ ਖੁੱਲ੍ਹਣ ਦੇ ਬਾਵਜੂਦ ਨਾ ਤਾਂ ਗਾਹਕ ਆ ਰਹੇ ਹਨ ਅਤੇ ਨਾ ਹੀ ਜ਼ਿਆਦਾਤਰ ਦੁਕਾਨਦਾਰ ਆਪਣੀ ਦੁਕਾਨ ਖੋਲ੍ਹ ਰਹੇ ਹਨ। ਉਨ੍ਹਾਂ ਵਿਚ ਕੋਰੋਨਾ ਦਾ ਡਰ ਇਸ ਤਰ੍ਹਾਂ ਹੈ ਕਿ ਉਹ ਆਪਣੇ ਕਾਰੋਬਾਰ ਨਾਲੋਂ ਜ਼ਿੰਦਗੀ ਨੂੰ ਵਧੇਰੇ ਤਰਜੀਹ ਦੇ ਰਹੇ ਹਨ। ਨਤੀਜੇ ਵਜੋਂ ਜ਼ਿਆਦਾਤਰ ਗਤੀਵਿਧੀਆਂ ਰੁਕੀਆਂ ਹੋਈਆਂ ਹਨ।