ਨਵੀਂ ਦਿੱਲੀ: ਨਾਗਰਿਕਤਾ ਸੋਧ ਬਿੱਲ, ਆਰਥਿਕ ਮੰਦੀ ਅਤੇ ਬੇਰੁਜ਼ਗਾਰੀ ਵਿਰੁੱਧ ਨਵੇਂ ਸਾਲ ਮੌਕੇ ਦਿੱਲੀ ਕਾਂਗਰਸ ਦੇ ਆਗੂ 12 ਘੰਟੇ ਦੀ ਭੁੱਖ ਹੜਤਾਲ ਕਰ ਰਹੀ ਹੈ।
ਦਿੱਲੀ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੇ ਪ੍ਰਧਾਨ ਕੀਰਤੀ ਆਜ਼ਾਦ ਨੇ ਦੱਸਿਆ ਕਿ ਇਹ ਭੁੱਖ ਹੜਤਾਲ ਮੰਗਲਵਾਰ ਨੂੰ ਕਨਾਟ ਪਲੇਸ ਵਿੱਚ ਹੋ ਰਹੀ ਹੈ।
ਪਾਰਟੀ ਦਾ ਕਹਿਣਾ ਹੈ ਕਿ ਜੇ ਪੁਲਿਸ ਇੱਥੇ ਇਜਾਜ਼ਤ ਨਹੀਂ ਦਿੰਦੀ ਤਾਂ ਮੱਧ ਦਿੱਲੀ ਵਿੱਚ ਕਿਸੇ ਹੋਰ ਥਾਂ ਭੁੱਖ ਹੜਤਾਲ ਕੀਤੀ ਜਾਵੇਗੀ।
ਆਜ਼ਾਦ ਨੇ ਕਿਹਾ ਕਿ ਦਿੱਲੀ ਕਾਂਗਰਸ ਦੇ ਵਰਕਰ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ 2 ਤੋਂ 6 ਜਨਵਰੀ ਤੱਕ ਘਰ-ਘਰ ਜਾ ਕੇ ਮੁਹਿੰਮ ਚਲਾਉਣਗੇ। ਵਰਕਰ ਆਪਣੀਆਂ ਪ੍ਰਾਪਤੀਆਂ ਦੀ ਸੂਚੀ ਵੀ ਦੇਣਗੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਚੋਣ ਪ੍ਰਚਾਰ ਕਮੇਟੀਆਂ ਬਣਾਈਆਂ ਜਾਣਗੀਆਂ ਅਤੇ ਪਾਰਟੀ ਸਥਾਨਕ ਮੀਡੀਆ, ਸੋਸ਼ਲ ਮੀਡੀਆ ਅਤੇ ਡਿਜੀਟਲ ਸੰਚਾਰ ਦੀ ਵੱਡੇ ਪੱਧਰ ਉੱਤੇ ਭਾਜਪਾ ਅਤੇ ਆਪ ਦੇ ਝੂਠ ਅਤੇ ਖੋਖਲੇ ਵਾਅਦਿਆਂ ਦਾ ਮੁਕਾਬਲਾ ਕਰਨ ਲਈ ਵਰਤੋਂ ਕਰੇਗੀ।
ਦਿੱਲੀ ਕਾਂਗਰਸ ਬੁਲਾਰੇ ਮੁਕੇਸ਼ ਸ਼ਰਮਾ ਨੇ ਕਿਹਾ ਕਿ ਸੀਏਏ ਨੂੰ ਲੈ ਕੇ ਦੇਸ਼ ਦੀ ਜਨਤਾ ਵਿੱਚ ਗੁੱਸਾ ਹੈ। ਪੂਰਾ ਦੇਸ਼ ਮੰਦੀ ਅਤੇ ਬੇਰੁਜ਼ਗਾਰੀ ਦੀ ਮਾਰ ਝੱਲ ਰਿਹਾ ਹੈ। ਅਣਅਧਿਕਾਰਤ ਕਲੋਨੀਆਂ ਦੇ ਲੋਕਾਂ ਨਾਲ ਧੋਖਾ ਹੋਇਆ ਹੈ। ਅਜਿਹੀ ਸਥਿਤੀ ਵਿੱਚ ਨਵਾਂ ਸਾਲ ਮਨਾਉਣ ਦਾ ਕੋਈ ਮਤਲਬ ਨਹੀਂ ਹੈ।