ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਨੇ ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਦੇ ਖ਼ਿਲਾਫ ਕੋਈ ਸਬੂਤ ਪੇਸ਼ ਨਾ ਕਰਨ ਨੂੰ ਲੈ ਕੇ ਮੰਗਲਵਾਰ ਨੂੰ ਦਿੱਲੀ ਪੁਲਿਸ ਦੀ ਖਿਚਾਈ ਕੀਤੀ ਹੈ ਅਤੇ ਕਿਹਾ ਕਿ ਲੋਕ ਸੜਕਾਂ 'ਤੇ ਹਨ ਕਿਉਂਕਿ ਸੰਸਦ ਦੇ ਅੰਦਰ ਜਿਹੜੀਆਂ ਗੱਲਾਂ ਕਹੀਆਂ ਜਾਣੀਆਂ ਚਾਹੀਦੀਆਂ ਸਨ ਉਹ ਨਹੀਂ ਕਹੀ ਗਈ ਸੀ।
ਐਡੀਸ਼ਨਲ ਸੈਸ਼ਨ ਜੱਜ ਕਾਮਿਨੀ ਨੇ ਕਿਹਾ ਕਿ ਦਿੱਲੀ ਪੁਲਿਸ ਅਜਿਹਾ ਵਤੀਰਾ ਕਰ ਰਹੀ ਹੈ ਜਿਵੇਂ ਜਾਮਾ ਮਸਜਿਦ ਪਾਕਿਸਤਾਨ ਹੈ ਅਤੇ ਜੇ ਅਜਿਹਾ ਹੈ ਤਾਂ ਕੋਈ ਵੀ ਵਿਅਕਤੀ ਉੱਥੇ ਸ਼ਾਂਤਮਈ ਪ੍ਰਦਰਸ਼ਨ ਕਰ ਸਕਦਾ ਹੈ। ਜੱਜ ਨੇ ਕਿਹਾ ਕਿ ਪਾਕਿਸਤਾਨ ਕਿਸੇ ਸਮੇਂ ਭਾਰਤ ਦਾ ਹੀ ਹਿੱਸਾ ਸੀ। ਅਦਾਲਤ ਦੀਆਂ ਇਹ ਟਿੱਪਣੀਆਂ ਆਜ਼ਾਦ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਦੌਰਾਨ ਆਈਆਂ ਹਨ। ਆਜ਼ਾਦ ਨੂੰ ਪੁਰਾਣੀ ਦਿੱਲੀ ਦੇ ਦਰੀਆਗੰਜ ਵਿਖੇ ਸੀ.ਏ.ਏ. ਦੇ ਵਿਰੋਧ ਪ੍ਰਦਰਸ਼ਨ ਨਾਲ ਸਬੰਧਤ ਇੱਕ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।
ਜੱਜ ਨੇ ਕਿਹਾ ਕਿ ਉਹ ਗੱਲਾਂ ਜੋ ਸੰਸਦ ਦੇ ਅੰਦਰ ਕਹੀਆਂ ਜਾਣੀਆਂ ਚਾਹੀਦੀਆਂ ਸਨ, ਉਹ ਨਹੀਂ ਕਹੀ ਗਈਆਂ। ਇਹੀ ਕਾਰਨ ਹੈ ਕਿ ਲੋਕ ਸੜਕਾਂ 'ਤੇ ਉਤਰ ਆਏ ਹਨ। ਸਾਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਪੂਰਾ ਅਧਿਕਾਰ ਹੈ ਪਰ ਅਸੀਂ ਦੇਸ਼ ਨੂੰ ਬਰਬਾਦ ਨਹੀਂ ਕਰ ਸਕਦੇ। ਅਦਾਲਤ ਨੇ ਪੁਲਿਸ ਦੇ ਜਾਂਚ ਅਧਿਕਾਰੀ ਨੂੰ ਸਾਰੇ ਸਬੂਤ ਪੇਸ਼ ਕਰਨ ਲਈ ਕਿਹਾ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਬੁਧਵਾਰ ਨੂੰ ਤੈਅ ਕੀਤੀ ਹੈ।