ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਮੁਹਿੰਮ ਵੀਰਵਾਰ ਤੋਂ ਤੇਜ਼ੀ ਨਾਲ ਸ਼ੁਰੂ ਹੋਣ ਜਾ ਰਹੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀਰਵਾਰ ਨੂੰ ਦਿੱਲੀ ਵਿੱਚ ਜਨਤਕ ਸਭਾਵਾਂ ਨੂੰ ਸੰਬੋਧਿਤ ਕਰਨਗੇ ਅਤੇ ਇੱਕ ਪੈਦਲ ਯਤਰਾ ਕੱਢਣਗੇ।
ਭਾਜਪਾ ਦੀ ਦਿੱਲੀ ਇਕਾਈ ਦੇ ਇੱਕ ਸੀਨੀਅਰ ਨੇਤਾ ਨੇ ਕਿਹਾ ਕਿ ਪਾਰਟੀ ਨੇ ਨਾਗਰਿਕਤਾ ਸੋਧ ਕਾਨੂੰਨ, ਇਸ ਤੋਂ ਬਾਅਦ ਇਸ ਕਾਨੂੰਨ ਦੇ ਖ਼ਿਲਾਫ਼ ਪ੍ਰਦਰਸ਼ਨਾਂ ਦੌਰਾਨ ਹੋਈ ਹਿੰਸਾ ਅਤੇ ਧਾਰਾ 370 ਨੂੰ ਖ਼ਤਮ ਕਰਨ ਵਰਗੇ ਮੁੱਦਿਆਂ ਨੂੰ ਚੁੱਕਣ ਦੀ ਯੋਜਨਾ ਬਣਾਈ ਹੈ। ਉਨ੍ਹਾਂ ਕਿਹਾ ਕਿ ਉਹ ਸੱਤਾਧਾਰੀ ਆਮ ਆਦਮੀ ਪਾਰਟੀ ਦੀਆਂ ‘ਅਸਫਲਤਾਵਾਂ’ ਨੂੰ ਵੀ ਉਜਾਗਰ ਕਰਨਗੇ।
ਦਿੱਲੀ ਭਾਜਪਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਸ਼ਾਹ ਮਟਿਯਾਲਾ ਅਤੇ ਨਾਂਗਲੋਈ ਜਾਟ ਹਲਕਿਆਂ ਵਿੱਚ ਦੋ ਜਨਤਕ ਸਭਾਵਾਂ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਉਹ ਸ਼ਾਮ ਨੂੰ ਉੱਤਰ ਨਗਰ ਵਿੱਚ ਇੱਕ ਪੈਦਲ ਯਤਰਾ ਕਰਨਗੇ।
ਸ਼ਾਹ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਨਵਾਂ ਨਾਗਰਿਕਤਾ ਕਾਨੂੰਨ ਵਾਪਸ ਨਹੀਂ ਲਿਆ ਜਾਵੇਗਾ ਅਤੇ ਇਸ ਦੇ ਵਿਰੁੱਧ ਪ੍ਰਦਰਸ਼ਨਕਾਰੀ ਵਿਰੋਧ ਪ੍ਰਦਰਸ਼ਨ ਜਾਰੀ ਰੱਖ ਸਕਦੇ ਹਨ।
ਇਹ ਵੀ ਪੜ੍ਹੋ: ਲੰਦਨ ਕਤਲ 'ਚ ਮਾਰਿਆ ਗਿਆ ਕਪੂਰਥਲਾ ਦਾ ਨੌਜਵਾਨ, ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ
ਪਾਰਟੀ ਨੇ 8 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਪ੍ਰਚਾਰ ਲਈ ਨੇਤਾਵਾਂ ਦੀ ਸੂਚੀ ਜਾਰੀ ਕੀਤੀ ਹੈ, ਜਿਨ੍ਹਾਂ ਵਿੱਚ ਸ਼ਾਹ ਦੇ ਨਾਲ-ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇ ਪੀ ਨੱਡਾ, ਕੇਂਦਰੀ ਮੰਤਰੀ ਰਾਜਨਾਥ ਸਿੰਘ ਅਤੇ ਨਿਤਿਨ ਗਡਕਰੀ ਅਤੇ ਪਾਰਟੀ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਸ਼ਾਮਲ ਹਨ।
ਇਸ ਸੂਚੀ ਵਿੱਚ ਭੋਜਪੁਰੀ ਅਦਾਕਾਰ ਰਵੀ ਕਿਸ਼ਨ ਅਤੇ ਦਿਨੇਸ਼ ਲਾਲ ਨਿਰਹੂਆ ਵੀ ਸ਼ਾਮਲ ਹਨ, ਜਿਹੜੇ ਉਨ੍ਹਾਂ ਖੇਤਰਾਂ ਵਿੱਚ ਮੀਟਿੰਗਾਂ ਨੂੰ ਸੰਬੋਧਿਤ ਕਰਨਗੇ ਜਿਥੇ ਪੂਰਵ ਵਾਸੀ ਵੋਟਰਾਂ ਦੀ ਗਿਣਤੀ ਵਧੇਰੇ ਹੈ।