ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਵੀਰਵਾਰ ਨੂੰ ਦਿੱਲੀ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਦੇ ਡਾਇਰੈਕਟਰ ਨੂੰ ਮੈਡੀਕਲ ਬੋਰਡ ਬਣਾਉਣ ਦਾ ਹੁਕਮ ਦਿੱਤਾ ਹੈ।
ਦਿੱਲੀ ਹਾਈ ਕੋਰਟ ਨੇ ਏਮਜ਼ ਦੇ ਡਾਇਰੈਕਟਰ ਨੂੰ ਹੁਕਮ ਦਿੱਤਾ ਹੈ ਕਿ ਮੈਡੀਕਲ ਬੋਰਡ ਦਾ ਗਠਨ ਕਰਕੇ ਇਹ ਪਤਾ ਲਾਇਆ ਜਾ ਸਕੇ ਕਿ ਤਿਹਾੜ ਜੇਲ੍ਹ ਵਿੱਚ ਬੰਦ ਕਾਂਗਰਸ ਦੇ ਆਗੂ ਪੀ ਚਿਦੰਬਰਮ ਨੂੰ ਹਸਪਤਾਲ ਵਿੱਚ ਸ਼ਿਫ਼ਟ ਕਰਨ ਦੀ ਲੋੜ ਹੈ ਜਾਂ ਨਹੀਂ। ਜਾਣਕਾਰੀ ਮੁਤਾਬਿਕ ਹਾਈ ਕੋਰਟ ਨੇ ਪੈਨਲ ਨੂੰ ਸ਼ੁੱਕਰਵਾਰ ਤੱਕ ਦਾ ਸਮਾਂ ਦਿੱਤਾ ਹੈ ਜਿਸ ਵਿੱਚ ਪੀ. ਚਿਦੰਬਰਮ ਦੇ ਪਰਿਵਾਰਿਕ ਡਾਕਟਰ ਨਾਗੇਸ਼ਵਰ ਰਾਓ ਵੀ ਸ਼ਾਮਿਲ ਹੋਣਗੇ।
ਜ਼ਿਕਰਯੋਗ ਹੈ ਕਿ ਚਿਦੰਬਰਮ ਨੇ ਅਦਾਲਤ ਨੂੰ ਕਿਹਾ ਕਿ INX ਮੀਡੀਆ ਮਾਮਲੇ ਵਿੱਚ ਉਨ੍ਹਾਂ ਨੂੰ ਮੈਡੀਕਲ ਦੇ ਅਧਾਰ 'ਤੇ ਅੰਤਰਿਮ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ। ਦਿੱਲੀ ਹਾਈ ਕੋਰਟ ਨੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਦੇ ਡਾਇਰੈਕਟਰ ਨੂੰ ਮੈਡੀਕਲ ਬੋਰਡ ਬਣਾਉਣ ਕਰਕੇ ਸਾਬਕਾ ਕੇਂਦਰੀ ਮੰਤਰੀ ਦੀ ਸਿਹਤ ਬਾਰੇ ਜਾਣਕਾਰੀ ਦੇਣ ਲਈ ਕਿਹਾ ਹੈ। ਚਿਦੰਬਰਮ ਅੰਤੜੀਆਂ ਦੀ ਬਿਮਾਰੀ 'ਕਰੋਨ' ਤੋਂ ਗ੍ਰਸਤ ਹਨ।