ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨਿਰਭਿਆ ਸਮੂਹਿਕ ਜਬਰ ਜਨਾਹ ਅਤੇ ਕਤਲ ਮਾਮਲੇ ਦੇ ਚਾਰੇ ਦੋਸ਼ੀਆਂ ਦੀ ਫਾਂਸੀ 'ਤੇ ਰੋਕ ਨੂੰ ਚੁਣੌਤੀ ਦੇਣ ਵਾਲੀ ਕੇਂਦਰ ਦੀ ਪਟੀਸ਼ਨ ਤੇ ਬੁੱਧਵਾਰ(5 ਫ਼ਰਵਰੀ) ਨੂੰ ਫ਼ੈਸਲਾ ਸੁਣਾਏਗਾ। ਜਸਟਿਸ ਸੁਰੇਸ਼ ਕੁਮਾਰ ਕੈਤ ਨੇ ਸਨਿੱਚਰਵਾਰ ਅਤੇ ਐਤਵਾਰ ਨੂੰ ਵਿਸ਼ੇਸ਼ ਸੁਣਵਾਈ ਤੋਂ ਬਾਅਦ 2 ਫ਼ਰਵਰੀ ਨੂੰ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।
ਜਾਣਕਾਰੀ ਲਈ ਦੱਸ ਦਈਏ ਕਿ ਕੇਂਦਰ ਅਤੇ ਦਿੱਲੀ ਸਰਕਾਰ ਨੇ ਹੇਠਲੀ ਅਦਾਲਤ ਦੇ 31 ਜਨਵਰੀ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਸੀ ਜਿਸ ਦੇ ਜ਼ਰੀਏ ਮਾਮਲੇ ਵਿੱਚ ਚਾਰ ਦੋਸ਼ੀਆਂ ਦਾ ਫਾਂਸੀ ਤੇ ਅਗਲੇ ਆਦੇਸ਼ ਤੱਕ ਰੋਕ ਲਾ ਦਿੱਤੀ ਸੀ।
ਇਹ ਚਾਰੇ ਦੋਸ਼ੀ, ਮੁਕੇਸ਼ ਸਿੰਘ, ਪਵਨ ਗੁਪਤਾ, ਵਿਨੇ ਕੁਮਾਰ ਅਤੇ ਅਕਸ਼ੇ ਕੁਮਾਰ ਤਿਹਾੜ ਜੇਲ੍ਹ ਵਿੱਚ ਸਜ਼ਾਯਾਫ਼ਤਾ ਹਨ। ਇਸ ਤੋਂ ਪਹਿਲਾਂ ਨਿਰਭਿਆ ਦੇ ਮਾਪਿਆਂ ਨੇ ਦਿੱਲੀ ਹਾਈਕੋਰਟ ਤੋਂ ਕੇਂਦਰ ਦੀ ਉਸ ਪਟੀਸ਼ਨ ਤੇ ਛੇਤੀ ਹੀ ਫ਼ੈਸਲਾ ਲੈਣ ਦੀ ਬੇਨਤੀ ਕੀਤੀ ਸੀ ਜਿਸ ਵਿੱਚ ਦੋਸ਼ੀਆਂ ਦੀ ਫਾਂਸੀ ਤੇ ਰੋਕ ਲਾਉਣ ਦੀ ਚੁਣੌਤੀ ਦਿੱਤੀ ਗਈ ਸੀ।
ਜ਼ਿਕਰ ਕਰ ਦਈਏ ਕਿ ਅਦਾਲਤ ਨੇ 31 ਜਨਵਰੀ ਨੂੰ ਫਾਂਸੀ ਦੀ ਸਜ਼ਾ 'ਤੇ ਰੋਕ ਲਾ ਦਿੱਤੀ ਸੀ ਜਿਸ ਤੋਂ ਬਾਅਦ ਇਸ ਮਾਮਲੇ 'ਤੇ ਪਾਈ ਗਈ ਪਟੀਸ਼ਨ 'ਤੇ ਫ਼ੈਸਲਾ 5 ਫ਼ਰਵਰੀ ਨੂੰ ਆਵੇਗਾ।